ਛੇਤੀ ਹੀ 10,000 ਹੋਰ ਪੁਲਸ ਜਵਾਨਾਂ ਦੀ ਭਰਤੀ ਕੀਤੀ ਜਾਵੇਗੀ : ਮਾਨ
ਚੰਡੀਗੜ੍ਹ (ਗੁਰਜੀਤ ਬਿੱਲਾ)
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਕਿਹਾ ਕਿ ਪੰਜਾਬ ਆਪਣੇ ਹਰੇਕ ਪਿੰਡ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇ ਕੇ ਦੇਸ਼ ਲਈ ਰੋਲ ਮਾਡਲ ਬਣ ਕੇ ਉਭਰਿਆ ਹੈ।ਪੰਜਾਬ ਪੁਲਸ ਵਿੱਚ 1205 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਉਹਨਾ ਕਿਹਾ ਕਿ ਸੂਬਾ ਸਰਕਾਰ ਨੇ ਮਾਰਚ 2022 ਤੋਂ ਲੈ ਕੇ ਹੁਣ ਤੱਕ ਨੌਜਵਾਨਾਂ ਨੂੰ ਕਿਸੇ ਸਿਫਾਰਸ਼ ਤੇ ਰਿਸ਼ਵਤ ਤੋਂ ਬਗੈਰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ 48,000 ਤੋਂ ਵੱਧ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾ ਕਿਹਾ ਕਿ ਸਰਕਾਰੀ ਨੌਕਰੀਆਂ ਦੇਣ ਦੀ ਇਸ ਵਿਆਪਕ ਮੁਹਿੰਮ ਸਦਕਾ ਪੰਜਾਬ ਦੇ ਹਰੇਕ ਪਿੰਡ ਵਿੱਚ ਹੁਣ ਘੱਟੋ-ਘੱਟ ਇਕ ਸਰਕਾਰੀ ਮੁਲਾਜ਼ਮ ਨਿਯੁਕਤ ਹੋਇਆ ਹੈ, ਜੋ ਕਿ ਸਾਡੇ ਸਾਰਿਆਂ ਲਈ ਮਾਣ ਅਤੇ ਤਸੱਲੀ ਵਾਲੀ ਗੱਲ ਹੈ। ਉਨ੍ਹਾ ਕਿਹਾ ਕਿ ਆਪ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਹੁਣ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦੇਸ਼ ਭਰ ਵਿੱਚ ਸਭ ਤੋਂ ਬਿਹਤਰ ਹੈ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿੱਚ ਸੁਧਾਰ ਲਈ ਸਭ ਤੋਂ ਵਧੀਆ ਮਿਸਾਲ ਇਹ ਹੈ ਕਿ ਸੂਬਾ ਸਰਕਾਰ ਵੱਲੋਂ 60,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਲਿਆਂਦਾ ਗਿਆ ਹੈ। ਇਸ ਨਿਵੇਸ਼ ਰਾਹੀਂ ਤਿੰਨ ਲੱਖ ਤੋਂ ਵੱਧ ਨੌਕਰੀਆਂ ਪੈਦਾ ਹੋਣਗੀਆਂ, ਜਿਸ ਨਾਲ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਹੁਲਾਰਾ ਮਿਲੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਦੇਸ਼ ਦੇ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਕੀਤੀ । ਉਨ੍ਹਾ ਕਿਹਾ ਕਿ ਅੱਜ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਹੈ, ਜਿਨ੍ਹਾ ਦੇਸ਼ ਦੀ ਖਾਤਰ ਛੋਟੀ ਉਮਰ ਵਿੱਚ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ, ਇਸ ਲਈ ਸਾਨੂੰ ਸਾਰਿਆਂ ਨੂੰ ਉਨ੍ਹਾ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ।ਮਾਨ ਨੇ ਕਿਹਾ ਕਿ ਇਹ ਉਨ੍ਹਾ ਲਈ ਬਹੁਤ ਹੀ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਹੁਣ ਤੱਕ 48,000 ਤੋਂ ਵੱਧ ਨੌਜਵਾਨਾਂ ਨੂੰ ਨਿਰੋਲ ਯੋਗਤਾ ਦੇ ਆਧਾਰ ‘ਤੇ ਇਨ੍ਹਾਂ ਅਸਾਮੀਆਂ ਲਈ ਚੁਣਿਆ ਗਿਆ ਹੈ। ਪੰਜਾਬ ਪੁਲਸ ਦੀ ਕੁਸ਼ਲਤਾ ਨੂੰ ਵਧਾਉਣ ਲਈ ਸੂਬਾ ਸਰਕਾਰ ਨੇ ਫੋਰਸ ਵਿੱਚ 10,000 ਨਵੀਂਆਂ ਅਸਾਮੀਆਂ ਸਿਰਜਣ ਦਾ ਫੈਸਲਾ ਕੀਤਾ ਹੈ।ਇਸ ਤੋਂ ਪਹਿਲਾਂ ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਸਮਾਗਮ ਦੌਰਾਨ ਪਤਵੰਤਿਆਂ ਦਾ ਸਵਾਗਤ ਕੀਤਾ, ਜਦੋਂਕਿ ਸਕੱਤਰ ਗ੍ਰਹਿ ਮਾਮਲੇ ਗੁਰਕੀਰਤ �ਿਪਾਲ ਸਿੰਘ ਨੇ ਸਭ ਦਾ ਧੰਨਵਾਦ ਕੀਤਾ। ਹੋਰਨਾਂ ਤੋਂ ਇਲਾਵਾ ਮੁੱਖ ਸਕੱਤਰ ਕੇ ਏ ਪੀ ਸਿਨਹਾ, ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵੀ ਕੇ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਤੇ ਹੋਰ ਅਧਿਕਾਰੀ ਹਾਜ਼ਰ ਸਨ।