ਚੰਡੀਗੜ੍ਹ (ਗੁਰਜੀਤ ਬਿੱਲਾ)
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਪੰਜਾਬ ਬਾਰੇ ਉਨ੍ਹਾਂ ਵੱਲੋਂ ਉਠਾਏ ਗਏ ਮੁੱਦਿਆਂ ਅਤੇ ਸਵਾਲਾਂ ਦੀ ਸੂਚੀ ਰਾਹੀਂ ਪੰਜਾਬ ਦੇ ਲੋਕਾਂ ਅੱਗੇ ਆਪਣਾ ਰਿਪੋਰਟ ਕਾਰਡ ਪੇਸ਼ ਕੀਤਾ ਹੈ |
ਰਾਘਵ ਚੱਢਾ ਨੇ ਟਵੀਟ ਰਾਹੀਂ ਆਪਣਾ ਰਿਪੋਰਟ ਕਾਰਡ ਪੇਸ਼ ਕਰਦਿਆਂ ਕਿਹਾ ਕਿ ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਉਨ੍ਹਾਂ ਦੀ ਹਾਜ਼ਰੀ 93 ਫੀਸਦੀ ਰਹੀ ਅਤੇ ਰਾਜ ਸਭਾ ਵਿੱਚ ਉਨ੍ਹਾਂ ਨੇ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਨਾਲ ਸੰਬੰਧਤ 42 ਸਵਾਲ ਉਠਾਏ | ਉਨ੍ਹਾਂ ਰਾਜ ਸਭਾ ਦੀਆਂ 8 ਬਹਿਸਾਂ ਵਿੱਚ ਹਿੱਸਾ ਲਿਆ ਅਤੇ ਸਦਨ ਦੇ ਸਾਹਮਣੇ ਆਪਣੇ ਅਹਿਮ ਵਿਚਾਰ ਪ੍ਰਗਟ ਕੀਤੇ | ਚੱਢਾ ਨੇ ਮਾਨਸੂਨ ਸੈਸ਼ਨ ਦੌਰਾਨ ਰਾਜ ਸਭਾ ਵਿੱਚ ਦੋ ਪ੍ਰਾਈਵੇਟ ਮੈਂਬਰਸ਼ਿਪ ਬਿੱਲ ਵੀ ਪੇਸ਼ ਕੀਤੇ, ਜਿਸ ਵਿੱਚ ਪਹਿਲਾ ਸੀ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਯਕੀਨੀ ਬਣਾਉਣਾ | ਦੂਜਾ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੇ ਦਲ-ਬਦਲੀ ਨੂੰ ਰੋਕਣ ਅਤੇ ‘ਰਿਜ਼ੋਰਟ ਰਾਜਨੀਤੀ’ ‘ਤੇ ਨਕੇਲ ਪਾਉਣ ਲਈ, ਜਿਸ ਤਹਿਤ ਉਨ੍ਹਾਂ ਨੇ ਸੰਵਿਧਾਨ ਦੀ ਦਸਵੀਂ ਅਨੁਸੂਚੀ ਵਿੱਚ ਸੋਧ ਕਰਨ ਲਈ ਸੰਵਿਧਾਨ ਸੋਧ ਬਿੱਲ-2022 ਰਾਜ ਸਭਾ ਵਿੱਚ ਪੇਸ਼ ਕੀਤਾ |
ਚੱਢਾ ਨੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਅਤੇ ਭਾਵਨਾਵਾਂ ਦੀ ਰਾਖੀ ਲਈ ਰਾਜ ਸਭਾ ਵਿੱਚ ਕਈ ਅਹਿਮ ਮੁੱਦੇ ਉਠਾਏ | ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਨੇੜੇ ਸਰਾਵਾਂ ‘ਤੇ ਕੇਂਦਰ ਸਰਕਾਰ ਵੱਲੋਂ ਲਗਾਏ ਗਏ ਜੀ ਐੱਸ ਟੀ ਦਾ ਮੁੱਦਾ ਉਠਾਇਆ, ਜਿਸ ਮਗਰੋਂ ਕੇਂਦਰ ਸਰਕਾਰ ਨੂੰ ਇਹ ਜੀ.ਐੱਸ.ਟੀ ਖਤਮ ਕਰਨ ਲਈ ਮਜਬੂਰ ਹੋਣਾ ਪਿਆ | ਪੰਜਾਬ ਦੇ ਕਿਸਾਨਾਂ ਦੇ ਭਲੇ ਲਈ ਉਨ੍ਹਾਂ ਫਸਲਾਂ ‘ਤੇ ਘੱਟੋ-ਘੱਟ ਸਮੱਰਥਨ ਮੁੱਲ ਦੀ ਗਾਰੰਟੀ ਦਾ ਮੁੱਦਾ ਰਾਜ ਸਭਾ ‘ਚ ਉਠਾਇਆ ਅਤੇ ਇਸ ਨੂੰ ਯਕੀਨੀ ਬਣਾਉਣ ਲਈ ਪ੍ਰਾਈਵੇਟ ਮੈਂਬਰ ਬਿੱਲ ਵੀ ਪੇਸ਼ ਕੀਤਾ | ਉਨ੍ਹਾਂ ਕੇਂਦਰ ਸਰਕਾਰ ਤੋਂ ਪੰਜਾਬ ਦੇ ਸਿੱਖ ਸ਼ਰਧਾਲੂਆਂ ਦੀ ਸਹੂਲਤ ਲਈ ਪੂਰੇ ਭਾਰਤ ਦੇ ਮੁੱਖ ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨ ਲਈ ਵਿਸ਼ੇਸ਼ ਗੁਰੂਕਿ੍ਪਾ ਰੇਲ ਗੱਡੀ ਚਲਾਉਣ ਦੀ ਮੰਗ ਕੀਤੀ | ਚੱਢਾ ਨੇ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਕਾਰਨ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਦੂਰ ਕਰਨ ਲਈ ਰਾਜ ਸਭਾ ਵਿੱਚ ਇਹ ਮੁੱਦਾ ਪ੍ਰਮੁੱਖਤਾ ਨਾਲ ਉਠਾਇਆ ਅਤੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਤੋਂ ਪੰਜਾਬ ਲਈ ਵਿਸ਼ੇਸ਼ ਸਹਾਇਤਾ ਪੈਕੇਜ ਦੀ ਮੰਗ ਕੀਤੀ | ਮਹਿੰਗਾਈ ਦੇ ਮੁੱਦੇ ‘ਤੇ ਉਨ੍ਹਾਂ ਸੰਸਦ ‘ਚ ਕੇਂਦਰ ਸਰਕਾਰ ਨੂੰ ਘੇਰਿਆ ਅਤੇ ਇਸ ਲਈ ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਜ਼ਿੰਮੇਵਾਰ ਠਹਿਰਾਇਆ | ਚੱਢਾ ਵੱਲੋਂ ਪੰਜਾਬ ਦੇ ਹੋਰ ਮੁੱਖ ਮੁੱਦੇ ਵੀ ਉਠਾਏ ਗਏ |
ਉਨ੍ਹਾਂ ਪੰਜਾਬ ਦੇ ਪੇਂਡੂ ਵਿਕਾਸ ਪ੍ਰੋਜੈਕਟਾਂ, ਮੋਹਾਲੀ ਅਤੇ ਅੰਮਿ੍ਤਸਰ ਤੋਂ ਅੰਤਰਰਾਸ਼ਟਰੀ ਹਵਾਈ ਸੇਵਾ, ਗੁਲਾਬੀ ਸੁੰਡੀ ਕਾਰਨ ਫਸਲਾਂ ਨੂੰ ਹੋਏ ਨੁਕਸਾਨ, ਪੰਜਾਬ ਵਿੱਚ ਨੈਸ਼ਨਲ ਹੈਲਥ ਮਿਸ਼ਨ ਦੀ ਸਥਿਤੀ, ਅਸੰਗਠਿਤ ਮਜ਼ਦੂਰਾਂ ਲਈ ਸਕੀਮਾਂ, ਪੈਟਰੋਲ ਅਤੇ ਡੀਜ਼ਲ ਦੀਆਂ ਅਸਮਾਨ ਛੂਹ ਰਹੀਆਂ ਕੀਮਤਾਂ ਅਤੇ ਡਾਲਰ ਦੇ ਮੁਕਾਬਲੇ ਰੁਪਏ ਦੀਆਂ ਡਿੱਗਦੀਆਂ ਕੀਮਤਾਂ ਬਾਰੇ ਕੇਂਦਰ ਸਰਕਾਰ ਨੂੰ ਸਵਾਲ ਕੀਤੇ | ਉਨ੍ਹਾਂ ਪੰਜਾਬ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ, ਭਾਰਤ ਦੀ ਜੀ ਡੀ ਪੀ ਵਿਕਾਸ ਦਰ, ਪੰਜਾਬ ਵਿੱਚ ਰੇਲਵੇ ਲਾਈਨਾਂ, ਨੌਜਵਾਨਾਂ ਲਈ ਦੇਸ਼ ਵਿੱਚ ਰੁਜ਼ਗਾਰ ਦੇ ਵਿਕਲਪਾਂ, ਨਸ਼ਿਆਂ ਨਾਲ ਸੰਬੰਧਤ ਮੁੱਦੇ, ਦੇਸ਼ ਵਿੱਚ ਚੱਲ ਰਹੇ ਬਿਜਲੀ ਸੰਕਟ, ਐੱਲ.ਆਈ.ਸੀ. ਆਈ.ਪੀ.ਓ., ਕਿਸਾਨ ਖੁਦਕੁਸ਼ੀਆਂ ਅਤੇ ਕੇਂਦਰ ਸਰਕਾਰ ਵਿੱਚ ਖਾਲੀ ਪਈਆਂ ਪੋਸਟਾਂ ਨਾਲ ਸੰਬੰਧਤ ਸਵਾਲ ਸੰਸਦ ਵਿੱਚ ਉਠਾਏ |