ਨਵੀਂ ਦਿੱਲੀ : ਐਤਵਾਰ ਆਮ ਆਦਮੀ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੇ ਦਿੱਲੀ ਦੇ ਟਰਾਂਸਪਰੋਟ ਮੰਤਰੀ ਦਾ ਅਹੁਦਾ ਛੱਡਣ ਵਾਲੇ ਕੈਲਾਸ਼ ਗਹਿਲੋਤ ਸੋਮਵਾਰ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋ ਗਏ। ਗਹਿਲੋਤ ਨੂੰ ਭਾਜਪਾ ’ਚ ਸ਼ਾਮਲ ਕਰਦਿਆਂ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਖੱਟਰ ਨੇ ਕਿਹਾਇਸ ਨਾਲ ਦਿੱਲੀ ਦੀ ਰਾਜਨੀਤੀ ’ਚ ਨਵਾਂ ਮੋੜ ਆਇਆ ਹੈ। ਗਹਿਲੋਤ ਦੋਵਾਂ ਪਾਰਟੀਆਂ ਦੀਆਂ ਅੰਦਰੂਨੀ ਪ੍ਰਣਾਲੀਆਂ ਤੇ ਨੀਤੀਆਂ ਦੀ ਤੁਲਨਾ ਕਰਨ ਤੋਂ ਬਾਅਦ ਅਤੇ ਭਾਜਪਾ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੇਸ਼ ਸੇਵਾ ਦੇ ਜਜ਼ਬੇ ਨੂੰ ਦੇਖ ਕੇ ਭਾਜਪਾ ਵਿਚ ਸ਼ਾਮਲ ਹੋਏ ਹਨ। ਇਸ ਦੌਰਾਨ ਗਹਿਲੋਤ ਨੇ ‘ਆਪ’ ਦੇ ਉਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ, ਜਿਨ੍ਹਾਂ ਵਿਚ ਕਿਹਾ ਜਾ ਰਿਹਾ ਹੈ ਕਿ ਉਹ ਦਬਾਅ ਹੇਠ ਭਾਜਪਾ ਵਿਚ ਸ਼ਾਮਲ ਹੋਏ। ਉਨ੍ਹਾ ਕਿਹਾ ਕਿ ਉਨ੍ਹਾ ਨੇ ਆਪਣੀ ਪੂਰੀ ਜ਼ਿੰਦਗੀ ਵਿਚ ਕਦੇ ਵੀ ਕਿਸੇ ਦੇ ਦਬਾਅ ਹੇਠ ਜਾਂ ਮਜਬੂਰ ਹੋ ਕੇ ਕੋਈ ਕੰਮ ਨਹੀਂ ਕੀਤਾ। ਉਨ੍ਹਾ ਕਿਹਾਮੈਂ ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਨੂੰ ਦੇਖਦੇ ਹੋਏ ਆਪਣੀ ਮਰਜ਼ੀ ਨਾਲ ਭਾਜਪਾ ਵਿਚ ਸ਼ਾਮਲ ਹੋਇਆ ਹਾਂ, ਕਿਉਂਕਿ ਦਿੱਲੀ ਦੇ ਲੋਕਾਂ ਦੀ ਸੇਵਾ ਕਰਨ ਲਈ ਹੋਂਦ ਵਿਚ ਆਈ ‘ਆਪ’ ਨੇ ਮੈਨੂੰ ਬੁਰੀ ਤਰ੍ਹਾਂ ਨਿਰਾਸ਼ ਕੀਤਾ ਹੈ। ‘ਆਪ’ ਨੇ ਆਪਣੀਆਂ ਕਦਰਾਂ-ਕੀਮਤਾਂ ਨਾਲ ਪੂਰੀ ਤਰ੍ਹਾਂ ਸਮਝੌਤਾ ਕਰ ਲਿਆ ਹੈ।