ਸੰਗਰੂਰ/ਧੂਰੀ (ਪ੍ਰਵੀਨ ਸਿੰਘ, ਰਾਜੇਸ਼ਵਰ ਪਿੰਟੂ, ਬਿੰਨੀ ਗਰਗ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਸੂਬੇ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰਨ ਲਈ ਪ੍ਰੇਰਕ ਵਜੋਂ ਕੰਮ ਕਰਨ ਦਾ ਸੱਦਾ ਦਿੱਤਾ, ਜਿਸ ਨਾਲ ਸੂਬੇ ਦੇ ਅਰਥਚਾਰੇ ਨੂੰ ਵੱਡਾ ਹੁਲਾਰਾ ਮਿਲੇਗਾ।ਸੰਗਰੂਰ ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਉਣ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤਾਂ ਨੂੰ ਆਪਣੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਤਰਜੀਹੀ ਆਧਾਰ ਉਤੇ ਵੰਡਣਾ ਚਾਹੀਦਾ ਹੈ ਤਾਂ ਕਿ ਸੂਬਾ ਸਰਕਾਰ ਕੰਮ ਸ਼ੁਰੂ ਕਰਵਾ ਸਕੇ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਚਾਇਤਾਂ ਪਿੰਡਾਂ ਦੇ ਸਮੁੱਚੇ ਵਿਕਾਸ ਲਈ ਮਤੇ ਜ਼ਰੂਰ ਪਾਸ ਕਰਨ, ਉਨ੍ਹਾਂ ਨਵੇਂ ਚੁਣੇ ਪੰਚਾਂ ਨੂੰ ਪਿੰਡ ਵਾਸੀਆਂ ਦੀ ਤਰੱਕੀ ਤੇ ਖ਼ੁਸ਼ਹਾਲੀ ਯਕੀਨੀ ਬਣਾਉਣ ਦੇ ਨਾਲ-ਨਾਲ ਆਪਣੇ ਪਿੰਡਾਂ ਨੂੰ ‘ਵਿਕਾਸ ਧੁਰੇ’ ਵਿੱਚ ਤਬਦੀਲ ਕਰਨ ਲਈ ਨਵੇਂ ਕਦਮ ਚੁੱਕਣ ਲਈ ਆਖਿਆ। ਮਾਨ ਨੇ ਨਵੇਂ ਚੁਣੇ ਗਏ ਪੰਚਾਂ ਨੂੰ ਭਰੋਸਾ ਦਿੱਤਾ ਕਿ ਪਿੰਡਾਂ ਵਿੱਚ ਵਿਕਾਸ ਕਾਰਜ ਕਰਵਾਉਣ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੇਂਡੂ ਲਾਇਬ੍ਰੇਰੀਆਂ ਦੀ ਸਥਾਪਨਾ ਕਰ ਰਹੀ ਹੈ, ਜੋ ਕਿ ਸੂਬੇ ਦੇ ਵਿਕਾਸ ਅਤੇ ਖ਼ੁਸ਼ਹਾਲੀ ਦੇ ਧੁਰੇ ਵਜੋਂ ਕੰਮ ਕਰਨਗੀਆਂ। ਇਸ ਮਿਸਾਲੀ ਪਹਿਲਕਦਮੀ ਦਾ ਮੰਤਵ ਸੂਬੇ ਦੇ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਪੈਦਾ ਕਰਨਾ ਹੈ।
ਉਨ੍ਹਾ ਕਿਹਾ ਕਿ ਪਿੰਡਾਂ ਨੂੰ ਅਜਿਹੀਆਂ ਹੋਰ ਲਾਇਬ੍ਰੇਰੀਆਂ ਸਥਾਪਤ ਕਰਨ ਲਈ ਮਤੇ ਪਾਸ ਕਰਨੇ ਚਾਹੀਦੇ ਹਨ, ਕਿਉਕਿ ਇਹ ਕਦਮ ਨੌਜਵਾਨਾਂ ਦੇ ਸ਼ਕਤੀਕਰਨ ਅਤੇ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦਾ ਭਾਈਵਾਲ ਬਣਾਉਣ ਵਿੱਚ ਸਹਾਈ ਸਿੱਧ ਹੋਵੇਗਾ। ਮੁੱਖ ਮੰਤਰੀ ਨੇ ਪੰਚਾਂ ਨੂੰ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰੇਕ ਫ਼ੈਸਲੇ ਪੂਰੇ ਜਨਤਕ ਮਸ਼ਵਰੇ ਨਾਲ ਲੈਣ ਲਈ ਆਪੋ-ਆਪਣੇ ਪਿੰਡਾਂ ਵਿੱਚ ਗ੍ਰਾਮ ਪੰਚਾਇਤਾਂ ਦੇ ਇਜਲਾਸ ਸੱਦਣ ਲਈ ਵੀ ਆਖਿਆ।