10.4 C
Jalandhar
Monday, December 23, 2024
spot_img

ਆਂਗਨਵਾੜੀ ਵਰਕਰਾਂ ਦੀਆਂ ਛੇ ਹਜ਼ਾਰ ਆਸਾਮੀਆਂ ਭਰਨ ਦਾ ਐਲਾਨ

ਅੰਮਿ੍ਰਤਸਰ/ਜੰਡਿਆਲਾ ਗੁਰੂ/ਬਾਬਾ ਬਕਾਲਾ ਸਾਹਿਬ
(ਜਸਬੀਰ ਪੱਟੀ/ਹਰਿੰਦਰਪਾਲ ਸਿੰਘ/ਬਲਰਾਜ ਰਾਜਾ)
ਸੂਬੇ ਦੀਆਂ ਲੜਕੀਆਂ ਲਈ ਰੱਖੜੀ ਦੇ ਤੋਹਫੇ ਦਾ ਐਲਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਆਂਗਨਵਾੜੀ ਵਰਕਰਾਂ ਦੀਆਂ ਛੇ ਹਜ਼ਾਰ ਆਸਾਮੀਆਂ ਭਰਨ ਦਾ ਐਲਾਨ ਕੀਤਾ। ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆਂ ਮੌਕੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਭਰਤੀ ਪ੍ਰਕਿਰਿਆ ਨੂੰ 45 ਦਿਨਾਂ ਵਿੱਚ ਮੁਕੰਮਲ ਕਰਨ ਦੀ ਤਿਆਰੀ ਕੀਤੀ ਗਈ ਹੈ। ਉਨ੍ਹਾ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਮੈਰਿਟ ਦੇ ਆਧਾਰ ਉਤੇ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹੀ ਜਾਵੇਗੀ, ਜਿਸ ਲਈ ਕਾਰਜ ਪ੍ਰਣਾਲੀ ਘੜੀ ਜਾ ਰਹੀ ਹੈ। ਮਾਨ ਨੇ ਕਿਹਾ ਕਿ ਇਨ੍ਹਾਂ ਤੋਂ ਇਲਾਵਾ ਪੰਜਾਬ ਪੁਲਸ ਵਿੱਚ ਹਾਲ ਹੀ ਵਿੱਚ 4300 ਆਸਾਮੀਆਂ ਭਰੀਆਂ ਗਈਆਂ ਹਨ ਅਤੇ ਚੁਣੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਅਗਲੇ ਦਿਨਾਂ ਵਿੱਚ ਦਿੱਤੇ ਜਾਣਗੇ।
ਮੁੱਖ ਮੰਤਰੀ ਨੇ ਦਿ੍ਰੜ੍ਹਤਾ ਨਾਲ ਆਖਿਆ ਕਿ ਸੂਬਾ ਸਰਕਾਰ ਪੜ੍ਹੇ-ਲਿਖੇ ਨੌਜਵਾਨਾਂ ਦੇ ਵਿਦੇਸ਼ਾਂ ਨੂੰ ਜਾਣ ਦੇ ਰੁਝਾਨ ਨੂੰ ਰੋਕਣ ਲਈ ਵਚਨਬੱਧ ਹੈ। ਉਨ੍ਹਾ ਕਿਹਾ ਕਿ ਨੌਜਵਾਨਾਂ ਲਈ ਸਰਕਾਰੀ ਤੇ ਪ੍ਰਾਈਵੇਟ ਖੇਤਰ ਵਿੱਚ ਰੁਜ਼ਗਾਰ ਦੇ ਹੋਰ ਮੌਕੇ ਪੈਦਾ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਇਸ ਮੰਤਵ ਦੀ ਪੂਰਤੀ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਅਕਾਲੀ ਦਲ ਤੇ ਕਾਂਗਰਸ ਉਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਦੇ ਪੰਜਾਬ ਵਿਰੋਧੀ ਸਟੈਂਡ ਕਾਰਨ ਸੂਬੇ ਦੇ ਲੋਕਾਂ ਨੇ ਇਨ੍ਹਾਂ ਪਾਰਟੀਆਂ ਤੋਂ ਮੂੰਹ ਮੋੜਿਆ। ਇਨ੍ਹਾਂ ਪਾਰਟੀਆਂ ਨੇ ਸੂਬੇ ਦੇ ਅਸਾਸਿਆਂ ਨੂੰ ਬੇਰਹਿਮੀ ਨਾਲ ਲੁੱਟਿਆ, ਜਿਸ ਕਾਰਨ ਲੋਕ ਉਨ੍ਹਾਂ ਤੋਂ ਖਫਾ ਹਨ। ਲੋਕਾਂ ਵੱਲੋਂ ਰੱਦ ਕੀਤੇ ਇਨ੍ਹਾਂ ਆਗੂਆਂ ਨੂੰ ਹੁਣ ਲੋਕਾਂ ਵਿੱਚ ਜਾਣ ਦੀ ਹਿੰਮਤ ਨਹੀਂ ਕਰਨੀ ਚਾਹੀਦੀ। ਇੱਥੋਂ ਤੱਕ ਕਿ ਉਨ੍ਹਾਂ ਨੂੰ ਹੁਣ ਇੱਥੇ ਕਾਨਫਰੰਸਾਂ ਵੀ ਨਹੀਂ ਕਰਨੀਆਂ ਚਾਹੀਦੀਆਂ।
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਆਗੂ ਆਪਣੇ ਮਹਿਲਾਂ ਦੀਆਂ ਉੱਚੀਆਂ ਕੰਧਾਂ ਦੇ ਅੰਦਰ ਰਹੇ ਅਤੇ ਕਦੇ ਵੀ ਆਮ ਆਦਮੀ ਦੀ ਪਰਵਾਹ ਨਹੀਂ ਕੀਤੀ। ਸੱਤਾ ਦੇ ਲੋਭੀ ਇਨ੍ਹਾਂ ਆਗੂਆਂ ਨੇ ਸਿਰਫ ‘ਹਵਾਈ ਕਿਲ੍ਹੇ’ ਹੀ ਉਸਾਰੇ ਅਤੇ ਜਨਤਾ ਦੇ ਪੈਸੇ ਦੀ ਬੇਰਹਿਮੀ ਨਾਲ ਲੁੱਟ ਕੀਤੀ। ਇਸ ਦੇ ਨਤੀਜੇ ਵਜੋਂ ਲੋਕਾਂ ਨੇ ਇਨ੍ਹਾਂ ਆਗੂਆਂ ਨੂੰ ਸਿਆਸੀ ਗੰੁਮਨਾਮੀ ਵਿੱਚ ਧੱਕ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਨ੍ਹਾਂ ਕੋਲ ਫਾਈਲਾਂ ਆਉਂਦੀਆਂ ਹਨ ਤਾਂ ਇਨ੍ਹਾਂ ਫਾਈਲਾਂ ਰਾਹੀਂ ਇਨ੍ਹਾਂ ਨੇਤਾਵਾਂ ਦੇ ਕਾਰਜਕਾਲ ਦੌਰਾਨ ਸੂਬੇ ਦੀ ਹੋਈ ਤਰਸਯੋਗ ਸਥਿਤੀ ਨੂੰ ਦੇਖ ਕੇ ਉਨ੍ਹਾ ਦਾ ਮਨ ਬਹੁਤ ਉਦਾਸ ਤੇ ਦੁਖੀ ਹੁੰਦਾ ਹੈ। ਇਨ੍ਹਾਂ ਆਗੂਆਂ ਨੇ ਲੋਕਾਂ ਦੀ ਭਲਾਈ ਵੱਲ ਧਿਆਨ ਦੇਣ ਦੀ ਬਜਾਏ ਸਿਰਫ ਗੈਰ-ਕਾਨੂੰਨੀ ਢੰਗ ਨਾਲ ਸਰਮਾਇਆ ਇਕੱਠਾ ਕਰਨ ’ਤੇ ਜ਼ੋਰ ਦਿੱਤਾ। ਸੂਬਾ ਸਰਕਾਰ ਅਜਿਹੇ ਗੁਨਾਹਾਂ ਲਈ ਦੋਸ਼ੀ ਆਗੂਆਂ ਵਿਰੁੱਧ ਸ਼ਿਕੰਜਾ ਕੱਸਣ ਲਈ ਬਾਰੀਕੀ ਨਾਲ ਘੋਖ ਕਰ ਰਹੀ ਹੈ। ਇਨ੍ਹਾਂ ਆਗੂਆਂ ਨੇ ਆਪਣੇ ਕਾਰਜਕਾਲ ਦੌਰਾਨ ਜੇਲ੍ਹਾਂ ਦੀ ਹਾਲਤ ਸੁਧਾਰਨ ਵੱਲ ਧਿਆਨ ਨਹੀਂ ਦਿੱਤਾ। ਉਨ੍ਹਾ ਕਿਹਾ ਕਿ ਹੁਣ ਇਨ੍ਹਾਂ ਦੇ ਮਾੜੇ ਕੰਮ ਇਨ੍ਹਾਂ ਨੂੰ ਕਿਸੇ ਵੇਲੇ ਜੇਲ੍ਹ ਦੀਆਂ ਸਲਾਖਾਂ ਪਿੱਛੇ ਪਹੁੰਚਾ ਸਕਦੇ ਹਨ, ਇਸ ਲਈ ਇਹ ਆਗੂ ਹੁਣ ਸਰਕਾਰ ਨੂੰ ਜੇਲ੍ਹਾਂ ਦੀ ਭਲਾਈ ਵੱਲ ਧਿਆਨ ਦੇਣ ਲਈ ਅਪੀਲਾਂ ਕਰ ਰਹੇ ਹਨ। ਪੰਜਾਬ ਨੂੰ ਲੁੱਟਣ ਵਾਲਿਆਂ ਨੂੰ ਸਲਾਖਾਂ ਪਿੱਛੇ ਡੱਕਣ ਲਈ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਮੁੱਖ ਮੰਤਰੀ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਇਨ੍ਹਾਂ ਆਗੂਆਂ ਕੋਲ ਜਾਲ੍ਹੀ ਨੋਟ ਛਾਪਣ ਲਈ ਕੋਈ ਪਿ੍ਰੰਟਿੰਗ ਮਸ਼ੀਨ ਨਹੀਂ ਸੀ, ਪਰ ਇਨ੍ਹਾਂ ਨੇ ਟੈਕਸ ਭਰਨ ਵਾਲਿਆਂ ਦੀ ਧਨ-ਦੌਲਤ ਲੁੱਟ ਕੇ ਆਲੀਸ਼ਾਨ ਮਹਿਲ ਉਸਾਰ ਲਏ। ਗੈਰ-ਕਾਨੂੰਨੀ ਅਤੇ ਘਿਨਾਉਣੇ ਤਰੀਕਿਆਂ ਨਾਲ ਇਹ ਲੋਕ ਤਾਂ ਅਮੀਰ ਬਣ ਗਏ, ਪਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵਿਰਵਾ ਕਰ ਦਿੱਤਾ। ਆਮ ਆਦਮੀ ਦੀ ਸਰਕਾਰ ਜਨਤਾ ਦੇ ਇਕ-ਇਕ ਪੈਸੇ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਸੁਹਿਰਦ ਹੈ।
ਉਹਨਾ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਪਣੀ ਐਸ਼ਪ੍ਰਸਤੀ ਲਈ ਕੇਂਦਰ ਤੋਂ ਮਿਲੇ ਫੰਡਾਂ ਦੀ ਦੁਰਵਰਤੋਂ ਕੀਤੀ, ਜਿਸ ਕਾਰਨ ਕੇਂਦਰ ਸਰਕਾਰ ਸੂਬੇ ਦੇ ਬਣਦੇ ਹੱਕ ਦੇ ਬਾਵਜੂਦ ਫੰਡ ਜਾਰੀ ਨਹੀਂ ਕਰ ਰਹੀ। ਮਾਨ ਨੇ ਕਿਹਾ ਕਿ ਉਨ੍ਹਾ ਕੇਂਦਰ ਸਰਕਾਰ ਨਾਲ ਇਸ ਮੁੱਦੇ ਨੂੰ ਵਿਚਾਰਿਆ, ਜਿਸ ਤੋਂ ਬਾਅਦ ਸੂਬੇ ਲਈ 1760 ਕਰੋੜ ਰੁਪਏ ਜਾਰੀ ਕੀਤੇ ਗਏ, ਜੋ ਸਿਰਫ ਲੋਕਾਂ ਦੀ ਭਲਾਈ ’ਤੇ ਖਰਚ ਕੀਤੇ ਜਾਣਗੇ। ਕਾਂਗਰਸੀ ਅਤੇ ਅਕਾਲੀ ਆਗੂ ਆਪਣੀ ਆਲ੍ਹਾ ਕਮਾਨ ਜਾਂ ਕਾਰੋਬਾਰੀ ਮਿੱਤਰ ਜੁੰਡਲੀ ਨੂੰ ਮਿਲਣ ਲਈ ਕੌਮੀ ਰਾਜਧਾਨੀ ਵਿੱਚ ਜਾਂਦੇ ਸਨ, ਜਦਕਿ ਅਸੀਂ ਉੱਥੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਜਾਂਦੇ ਹਾਂ।
ਸੂਬੇ ਦੇ ਬਹੁਮੁੱਲੇ ਪਾਣੀ ਅਤੇ ਵਾਤਾਵਰਨ ਨੂੰ ਬਚਾਉਣ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਫਸਲੀ ਵਿਭਿੰਨਤਾ ਨੂੰ ਅਪਨਾਉਣਾ ਸਮੇਂ ਦੀ ਮੁੱਖ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾ ਦੀ ਸਰਕਾਰ ਪਹਿਲਾਂ ਹੀ ਇਸ ਨੂੰ ਵੱਡੇ ਪੱਧਰ ’ਤੇ ਉਤਸ਼ਾਹਤ ਕਰ ਰਹੀ ਹੈ ਅਤੇ ਹੁਣ ਸਮਾਂ ਆ ਗਿਆ ਹੈ ਕਿ ਸਾਨੂੰ ਸਾਰਿਆਂ ਨੂੰ ਇਸ ਲਈ ਇਕਜੁੱਟ ਹੋ ਕੇ ਅੱਗੇ ਵਧਣਾ ਚਾਹੀਦਾ ਹੈ। ਉਹਨਾ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਗੁਰੇਜ਼ ਕਰਨ ਦੀ ਵੀ ਅਪੀਲ ਕੀਤੀ, ਕਿਉਂਕਿ ਇਸ ਨਾਲ ਸੂਬੇ ਦੇ ਵਾਤਾਵਰਨ ਨੂੰ ਗੰਭੀਰ ਖਤਰਾ ਪੈਦਾ ਹੁੰਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਪੰਜ ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜ ਬਣਾਏ ਜਾਣਗੇ, ਜਿਸ ਨਾਲ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ 25 ਹੋ ਜਾਵੇਗੀ ਅਤੇ ਇਸ ਨਾਲ ਪੰਜਾਬ, ਮੈਡੀਕਲ ਸਿੱਖਿਆ ਦਾ ਧੁਰਾ ਬਣ ਜਾਵੇਗਾ। ਮੈਡੀਕਲ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਹੁਣ ਯੂਕਰੇਨ ਵਰਗੇ ਦੇਸ਼ਾਂ ਵਿੱਚ ਨਹੀਂ ਜਾਣਾ ਪਵੇਗਾ, ਕਿਉਂਕਿ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਉਨ੍ਹਾਂ ਨੂੰ ਮਿਆਰੀ ਮੈਡੀਕਲ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਪਿਛਲੀਆਂ ਸਰਕਾਰਾਂ ਨੇ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ, ਪਰ ਉਨ੍ਹਾ ਦੀ ਸਰਕਾਰ ਦਾ ਧਿਆਨ ਹਰ ਜ਼ਿਲ੍ਹੇ ਵਿਚ ਮੈਡੀਕਲ ਕਾਲਜ ਬਣਾਉਣ ਵੱਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਗਾਮੀ ਖਰੀਦ ਸੀਜ਼ਨ ਦੌਰਾਨ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਹਨ। ਉਨ੍ਹਾ ਕਿਹਾ ਕਿ ਦੂਜੇ ਸੂਬਿਆਂ ਤੋਂ ਪੰਜਾਬ ਵਿੱਚ ਝੋਨੇ ਦੀ ਢੋਆ-ਢੁਆਈ ਰੋਕਣ ’ਤੇ ਵਿਸ਼ੇਸ਼ ਚੌਕਸੀ ਰੱਖੀ ਜਾਵੇਗੀ, ਜਿਸ ਲਈ ਨਵੀਂਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਰਹੱਦੀ ਖੇਤਰ ਦੇ ਵਿਕਾਸ ’ਤੇ ਜ਼ੋਰ ਦੇ ਰਹੀ ਹੈ। ਗੁਰਦਾਸਪੁਰ ਜ਼ਿਲ੍ਹੇ ਦੇ ਕਲਾਨੌਰ ਲਈ ਪਹਿਲਾਂ ਹੀ ਇਕ ਖੇਤੀਬਾੜੀ ਕਾਲਜ ਮਨਜ਼ੂਰ ਹੋ ਚੁੱਕਾ ਹੈ। ਸਥਾਨਕ ਸਿਵਲ ਹਸਪਤਾਲ ਦੇ ਨਾਲ-ਨਾਲ ਬਾਬਾ ਬਕਾਲਾ ਵਿਖੇ ਆਈ ਟੀ ਆਈ ਦਾ ਪੱਧਰ ਵੀ ਉੱਚਾ ਚੁੱਕਿਆ ਜਾਵੇਗਾ। ਇਸ ਤੋਂ ਪਹਿਲਾਂ ਸਥਾਨਕ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਮੁੱਖ ਮੰਤਰੀ ਤੇ ਹੋਰ ਸ਼ਖਸੀਅਤਾਂ ਦਾ ਸਵਾਗਤ ਕੀਤਾ। ਸਮਾਗਮ ਦੌਰਾਨ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ, ਕੁਲਦੀਪ ਸਿੰਘ ਧਾਲੀਵਾਲ, ਲਾਲ ਚੰਦ ਕਟਾਰੂ ਚੱਕ ਤੇ ਹਰਭਜਨ ਸਿੰਘ ਈ ਟੀ ਓ ਤੋਂ ਇਲਾਵਾ ਵਿਧਾਇਕ ਸਰਵਣ ਸਿੰਘ ਧੁੰਨ, ਸ਼ੈਰੀ ਕਲਸੀ, ਡਾ. ਅਜੈ ਗੁਪਤਾ, ਜਸਬੀਰ ਸਿੰਘ ਸੰਧੂ, ਜਸਵਿੰਦਰ ਸਿੰਘ ਰਾਮਦਾਸ, ਅਮਰਪਾਲ ਸਿੰਘ, ਡਾ. ਕਸ਼ਮੀਰ ਸਿੰਘ ਸੋਹਲ ਤੇ ਹੋਰ ਹਾਜ਼ਰ ਸਨ।

Related Articles

LEAVE A REPLY

Please enter your comment!
Please enter your name here

Latest Articles