ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ ਵੀਰਵਾਰ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਮੁਕੱਦਮੇ ਦੀ ਕਾਰਵਾਈ ’ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ। ਕੇਜਰੀਵਾਲ ’ਤੇ ਆਬਕਾਰੀ ਨੀਤੀ ਵਿਚ ਬੇਨੇਮੀਆਂ ਦੇ ਦੋਸ਼ ਲਾਏ ਗਏ ਹਨ ਤੇ ਅਦਾਲਤ ਇਸ ਮਾਮਲੇ ਦੀ ਸੁਣਵਾਈ ਕਰ ਰਹੀ ਹੈ। ਜਸਟਿਸ ਮਨੋਜ ਕੁਮਾਰ ਓਹਰੀ ਨੇ ਕੇਸ ’ਚ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਹੇਠਲੀ ਅਦਾਲਤ ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਕੇਜਰੀਵਾਲ ਦੀ ਪਟੀਸ਼ਨ ’ਤੇ ਜਾਂਚ ਏਜੰਸੀ ਈ ਡੀ ਤੋਂ ਜਵਾਬ ਮੰਗਿਆ ਹੈ। ਅਗਲੀ ਸੁਣਵਾਈ 20 ਦਸੰਬਰ ਨੂੰ ਹੋਵੇਗੀ। ਕੇਜਰੀਵਾਲ ਨੇ ਦਲੀਲ ਦਿੱਤੀ ਸੀ ਕਿ ਉਸ ’ਤੇ ਕੇੇਸ ਚਲਾਉਣ ਲਈ ਬਣਦੀ ਮਨਜ਼ੂਰੀ ਨਹੀਂ ਲਈ ਗਈ ਸੀ, ਕਿਉਂਕਿ ਉਹ ਉਸ ਵੇਲੇ ਜਨਤਕ ਅਹੁਦੇ ’ਤੇ ਸੀ। ਸਾਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਈ ਡੀ ਵੱਲੋਂ ਪੇਸ਼ ਹੁੰਦਿਆਂ ਕਿਹਾ ਕਿ ਕੇਜਰੀਵਾਲ ਖਿਲਾਫ ਕੇਸ ਚਲਾਉਣ ਲਈ ਮਨਜ਼ੂਰੀ ਪ੍ਰਾਪਤ ਕੀਤੀ ਗਈ ਸੀ ਅਤੇ ਉਹ ਇਸ ਸੰਬੰਧੀ ਹਲਫਨਾਮਾ ਦਾਇਰ ਕਰਨਗੇ।