ਨਵੀਂ ਦਿੱਲੀ : ਅਮਰੀਕਾ ਵਿਚ ਕਥਿਤ ਰਿਸ਼ਵਤਖੋਰੀ ਅਤੇ ਧੋਖਾਧੜੀ ਦੇ ਦੋਸ਼ਾਂ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਗੌਤਮ ਅਡਾਨੀ ਨੂੰ ਤੁਰੰਤ ਗਿ੍ਰਫਤਾਰ ਕਰਨ ਦੀ ਮੰਗ ਕੀਤੀ ਹੈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰਾਹੁਲ ਨੇ ਕਿਹਾ ਕਿ ਇਹ ਹੁਣ ਸਪੱਸ਼ਟ ਹੋ ਗਿਆ ਹੈ ਕਿ ਕਾਰੋਬਾਰੀ ਨੇ ਭਾਰਤੀ ਅਤੇ ਅਮਰੀਕੀ ਕਾਨੂੰਨਾਂ ਨੂੰ ਤੋੜਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਏਕ ਹੈਂ ਤੋ ਸੇਫ ਹੈਂ’ ਨਾਅਰੇ ’ਤੇ ਤਨਜ਼ ਕੱਸਦਿਆਂ ਰਾਹੁਲ ਨੇ ਕਿਹਾ ਕਿ ਜਦੋਂ ਤੱਕ ਪ੍ਰਧਾਨ ਮੰਤਰੀ ਅਤੇ ਅਡਾਨੀ ਇਕੱਠੇ ਹਨ, ਉਹ (ਅਡਾਨੀ) ਭਾਰਤ ’ਚ ਸੁਰੱਖਿਅਤ ਹਨ।
ਉਨ੍ਹਾ ਕਿਹਾ ਕਿ ਅਡਾਨੀ ਨੂੰ ਤੁਰੰਤ ਗਿ੍ਰਫਤਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਪੁੱਛਗਿੱਛ ਕੀਤੀ ਜਾਣੀ ਚਾਹੀਦੀ ਹੈ। ਰਾਹੁਲ ਨੇ ਅੱਗੇ ਕਿਹਾ ਕਿ ਉਹ ਸੋਮਵਾਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਇਹ ਮੁੱਦਾ ਉਠਾਉਣਗੇ। ਉਨ੍ਹਾ ਇਹ ਵੀ ਕਿਹਾ ਕਿ ਵਿਰੋਧੀ ਧਿਰ ਦੀ ਸਾਂਝੀ ਸੰਸਦੀ ਕਮੇਟੀ ਜਾਂਚ ਦੀ ਮੰਗ ਹੈ। ਉਨ੍ਹਾ ਦੋਸ਼ ਲਾਉਂਦਿਆਂ ਕਿਹਾਮੈਂ ਗਾਰੰਟੀ ਦੇ ਸਕਦਾ ਹਾਂ ਕਿ ਭਾਰਤ ’ਚ ਅਡਾਨੀ ਨੂੰ ਗਿ੍ਰਫਤਾਰ ਨਹੀਂ ਕੀਤਾ ਜਾ ਸਕਦਾ ਜਾਂ ਉਨ੍ਹਾ ਖਿਲਾਫ ਜਾਂਚ ਨਹੀਂ ਕੀਤੀ ਜਾਵੇਗੀ, ਕਿਉਂਕਿ ਮੋਦੀ ਸਰਕਾਰ ਉਹਨਾ ਦੀ ਸੁਰੱਖਿਆ ਕਰ ਰਹੀ ਹੈ। ਜਾਂਚ ’ਚ ਸਾਰੇ ਰਾਜ਼ ਸ਼ਾਮਲ ਹੋਣੇ ਚਾਹੀਦੇ ਹਨ, ਚਾਹੇ ਕੋਈ ਵੀ ਪਾਰਟੀ ਸੱਤਾ ਵਿੱਚ ਹੋਵੇ।