ਹਿਮਾਚਲ ਦੇ ਮੁੱਖ ਸੰਸਦੀ ਸਕੱਤਰਾਂ ਨੂੰ ਅਯੋਗ ਠਹਿਰਾਉਣ ਦੇ ਹੁਕਮ ’ਤੇ ਰੋਕ

0
178

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਹਿਮਾਚਲ ਪ੍ਰਦੇਸ਼ ਦੀ ਸੁਖਵਿੰਦਰ ਸਿੰਘ ਸੁੱਖੂ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਸ਼ੁੱਕਰਵਾਰ ਰਾਹਤ ਦਿੰਦਿਆਂ ਛੇ ਮੁੱਖ ਸੰਸਦੀ ਸਕੱਤਰਾਂ ਨੂੰ ਅਯੋਗ ਕਰਾਰ ਦੇਣ ਦੇ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੇ ਫੈਸਲੇ ਉਤੇ ਰੋਕ ਲਾ ਦਿੱਤੀ। ਹਾਈ ਕੋਰਟ ਨੇ ਮੁੱਖ ਸੰਸਦੀ ਸਕੱਤਰਾਂ ਅਤੇ ਸੰਸਦੀ ਸਕੱਤਰਾਂ ਦੀ ਨਿਯੁਕਤੀ ਦੇ ਅਖਤਿਆਰ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਸੀ। ਸੁਪਰੀਮ ਕੋਰਟ ਦੇ ਚੀਫ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਸੰਜੇ ਕੁਮਾਰ ਦੀ ਬੈਂਚ ਨੇ ਹਾਈਕੋਰਟ ਦੇ ਫੈਸਲੇ ’ਤੇ ਰੋਕ ਲਾਉਣ ਦੇ ਨਾਲ ਹੀ ਇਹ ਵੀ ਸਪੱਸ਼ਟ ਕੀਤਾ ਕਿ ਰਾਜ ਸਰਕਾਰ ਇਸ ਹੁਕਮ ਦੇ ਆਧਾਰ ਉਤੇ ਅਜਿਹੀਆਂ ਹੋਰ ਨਿਯੁਕਤੀਆਂ ਨਾ ਕਰੇ, ਕਿਉਂਕਿ ਅਜਿਹਾ ਕਰਨਾ ਕਾਨੂੰਨ ਦੇ ਉਲਟ ਹੋਵੇਗਾ। ਸੁਪਰੀਮ ਕੋਰਟ ਨੇ ਭਾਜਪਾ ਆਗੂ ਕਲਪਨਾ ਦੇਵੀ ਨੂੰ ਵੀ ਨੋਟਿਸ ਜਾਰੀ ਕੀਤਾ ਹੈ, ਜਿਸ ਨੇ ਮੁੱਖ ਸੰਸਦੀ ਸਕੱਤਰਾਂ ਦੀ ਨਿਯੁਕਤੀ ਵਿਰੁੱਧ ਹਾਈ ਕੋਰਟ ਦਾ ਬੂਹਾ ਖੜਕਾਇਆ ਸੀ। ਉਸ ਤੋਂ ਦੋ ਹਫਤਿਆਂ ’ਚ ਜਵਾਬ ਮੰਗਿਆ ਗਿਆ ਹੈ ਅਤੇ ਮਾਮਲੇ ਦੀ ਅਗਲੀ ਸੁਣਵਾਈ ਚਾਰ ਹਫਤਿਆਂ ਬਾਅਦ ਹੋਵੇਗੀ। ਇਸ ਦੇ ਨਾਲ ਹੀ ਬੈਂਚ ਨੇ ਇਸ ਮਾਮਲੇ ਨੂੰ ਇਸ ਮੁੱਦੇ ’ਤੇ ਸੁਪਰੀਮ ਕੋਰਟ ’ਚ ਪਹਿਲਾਂ ਲਟਕ ਰਹੀਆਂ ਪਟੀਸ਼ਨਾਂ ਦੇ ਨਾਲ ਜੋੜ ਦਿੱਤਾ ਹੈ।