ਨਵੀਂ ਦਿੱਲੀ : ਸੋਮਵਾਰ ਸ਼ੁਰੂ ਹੋ ਰਹੇ ਸੰਸਦ ਦੇ ਸਰਦ ਰੁੱਤ ਅਜਲਾਸ ਤੋਂ ਪਹਿਲਾਂ ਐਤਵਾਰ ਸਰਕਾਰ ਵੱਲੋਂ ਸੱਦੀ ਗਈ ਰਵਾਇਤੀ ਸਰਬ ਪਾਰਟੀ ਮੀਟਿੰਗ ’ਚ ਕਾਂਗਰਸ ਨੇ ਅਡਾਨੀ ਸਮੂਹ ’ਤੇ ਰਿਸ਼ਵਤਖੋਰੀ ਦੇ ਲੱਗੇ ਦੋਸ਼ਾਂ ’ਤੇ ਚਰਚਾ ਦੀ ਮੰਗ ਕੀਤੀ। ਇਸ ਤੋਂ ਇਲਾਵਾ ਵਿਰੋਧੀ ਪਾਰਟੀ ਨੇ ਮਨੀਪੁਰ ਮੁੱਦੇ, ਉੱਤਰੀ ਭਾਰਤ ’ਚ ਪ੍ਰਦੂਸ਼ਣ ਅਤੇ ਰੇਲ ਹਾਦਸਿਆਂ ’ਤੇ ਵੀ ਚਰਚਾ ਦੀ ਮੰਗ ਕੀਤੀ। ਕਾਂਗਰਸ ਆਗੂ ਪ੍ਰਮੋਦ ਤਿਵਾੜੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਅਜਲਾਸ ਵਿੱਚ ਅਡਾਨੀ ਸਮੂਹ ’ਤੇ ਰਿਸ਼ਵਤਖੋਰੀ ਦੇ ਦੋਸ਼ਾਂ ’ਤੇ ਚਰਚਾ ਦੀ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਦੀ ਪਾਰਟੀ ਚਾਹੁੰਦੀ ਹੈ ਕਿ ਸੋਮਵਾਰ ਨੂੰ ਇਸ ਮੁੱਦੇ ਨੂੰ ਸੰਸਦ ਵਿਚ ਸਭ ਤੋਂ ਪਹਿਲਾਂ ਉਠਾਇਆ ਜਾਵੇ। ਰਾਜ ਸਭਾ ਮੈਂਬਰ ਨੇ ਕਿਹਾ ਕਿ ਇਹ ਦੇਸ਼ ਦੇ ਆਰਥਿਕ ਅਤੇ ਸੁਰੱਖਿਆ ਹਿੱਤਾਂ ਨਾਲ ਜੁੜਿਆ ਗੰਭੀਰ ਮੁੱਦਾ ਹੈ ਕਿਉਂਕਿ ਇਸ ਕੰਪਨੀ ਵੱਲੋਂ ਆਪਣੇ ਸੌਰ ਊਰਜਾ ਪ੍ਰਾਜੈਕਟਾਂ ਲਈ ਅਨੁਕੂਲ ਸੌਦੇ ਲਈ ਸਿਆਸਤਦਾਨਾਂ ਤੇ ਨੌਕਰਸ਼ਾਹਾਂ ਨੂੰ 2,300 ਕਰੋੜ ਰੁਪਏ ਤੋਂ ਵੱਧ ਦਾ ਭੁਗਤਾਨ ਕੀਤਾ ਗਿਆ ਸੀ।
ਕਾਂਗਰਸ ਆਗੂ ਨੇ ਕਿਹਾ ਕਿ ਕਾਂਗਰਸ ਉੱਤਰੀ ਭਾਰਤ ’ਚ ਗੰਭੀਰ ਹਵਾ ਪ੍ਰਦੂਸ਼ਣ, ਮਨੀਪੁਰ ਦੀ ਸਥਿਤੀ, ਜੋ ਕਾਬੂ ਤੋਂ ਬਾਹਰ ਹੋ ਗਈ ਹੈ ਅਤੇ ਰੇਲ ਹਾਦਸਿਆਂ ਵਰਗੇ ਮੁੱਦਿਆਂ ’ਤੇ ਵੀ ਚਰਚਾ ਚਾਹੁੰਦੀ ਹੈ। ਇਸ ਵੇਲੇ ਦਿੱਲੀ ਤੇ ਆਸ-ਪਾਸ ਦੇ ਖੇਤਰਾਂ ਵਿੱਚ ਪ੍ਰਦੂਸ਼ਣ ਨੇ ਲੋਕਾਂ ਦਾ ਨੱਕ ਵਿਚ ਦਮ ਕੀਤਾ ਹੋਇਆ ਹੈ ਤੇ ਲੋਕ ਗੰਭੀਰ ਬਿਮਾਰੀਆਂ ਦੀ ਮਾਰ ਹੇਠ ਆ ਰਹੇ ਹਨ।




