ਜ਼ਿਮਨੀ ਚੋਣਾਂ ’ਚ ਲੋਕ ਪੱਖੀ ਨੀਤੀਆਂ ਦੇ ਹੱਕ ’ਚ ਜ਼ਬਰਦਸਤ ਫਤਵਾ : ਮਾਨ

0
96

ਚੰਡੀਗੜ੍ਹ (ਗੁਰਜੀਤ ਬਿੱਲਾ,
�ਿਸ਼ਨ ਗਰਗ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦਾ ਨਤੀਜਾ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਦੇ ਹੱਕ ਵਿੱਚ ਲੋਕਾਂ ਦਾ ਜ਼ਬਰਦਸਤ ਫਤਵਾ ਹੈ।ਨਵੀਂ ਦਿੱਲੀ ’ਚ ਪੰਜਾਬ ਭਵਨ ਵਿਖੇ ਲੋਕਾਂ ਲਈ ਡਾਇਨਿੰਗ ਹਾਲ ਖੋਲ੍ਹਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਤਿੰਨ ਸੀਟਾਂ ’ਤੇ ‘ਆਪ’ ਦੀ ਜਿੱਤ ਨੇ ਸੂਬੇ ਅਤੇ ਇਸ ਦੇ ਲੋਕਾਂ ਦੀ ਸੇਵਾ ਕਰਨ ਲਈ ਉਨ੍ਹਾਂ ਨੂੰ ਹੋਰ ਨਿਮਰਤਾ ਅਤੇ ਸਮਰਪਣ ਭਾਵਨਾ ਨਾਲ ਭਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੇ ਇਹ ਤਿੰਨ ਸੀਟਾਂ ਚੱਬੇਵਾਲ, ਡੇਰਾ ਬਾਬਾ ਨਾਨਕ ਅਤੇ ਗਿੱਦੜਬਾਹਾ ਕਾਂਗਰਸ ਤੋਂ ਖੋਹ ਲਈਆਂ ਹਨ। ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਬਣਾਈਆਂ ਜਾ ਰਹੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਲੋਕਾਂ ਨੇ ਪ੍ਰਵਾਨ ਕੀਤਾ ਹੈ।ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਆਉਣ ਤੋਂ ਰੋਕਣ ਦੀ ਬਜਾਏ ਕੇਂਦਰ ਸਰਕਾਰ ਨੂੰ ਉਨ੍ਹਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੇ ਲਟਕਦੇ ਮਸਲਿਆਂ ਨੂੰ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੇ ਨਾਗਰਿਕ ਹਨ ਅਤੇ ਉਨ੍ਹਾਂ ਨੂੰ ਦੇਸ਼ ਦੀ ਰਾਜਧਾਨੀ ਵਿੱਚ ਆਉਣ ਦਾ ਪੂਰਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਇਸ ਅਧਿਕਾਰ ਦੀ ਹਰ ਤਰ੍ਹਾਂ ਨਾਲ ਰਾਖੀ ਕੀਤੀ ਜਾਣੀ ਚਾਹੀਦੀ ਹੈ।ਮਾਨ ਨੇ ਵਿਅੰਗ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਰੂਸ ਅਤੇ ਯੂਕਰੇਨ ਦਰਮਿਆਨ ਮਸਲਾ ਸੁਲਝਾਉਣ ਦਾ ਸਿਹਰਾ ਲੈਣਾ ਪਸੰਦ ਕਰਦੇ ਹਨ ਪਰ ਉਹ ਆਪਣੇ ਕਿਸਾਨਾਂ, ਜਿਨ੍ਹਾਂ ਨੂੰ ਉਹ ਸਭ ਤੋਂ ਵੱਧ ਜਾਣਦੇ ਹਨ, ਨਾਲ ਸੰਬੰਧਤ ਮਸਲਿਆਂ ਨੂੰ ਸੁਲਝਾਉਦੇ ਨਹੀਂ ਲਗਦੇ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਭਾਰਤ ਮਾਲਾ ਪ੍ਰੋਜੈਕਟਾਂ ਲਈ ਜ਼ਮੀਨ ਐਕਵਾਇਰ ਕਰਨ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ ਅਤੇ ਇਸ ਵਿੱਚ ਕੋਈ ਰੁਕਾਵਟ ਨਹੀਂ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਆਪਣੀਆਂ ਚਿੰਤਾਵਾਂ ਹਨ ਅਤੇ ਕੇਂਦਰ ਸਰਕਾਰ ਨੂੰ ਉਨ੍ਹਾਂ ਨੂੰ ਗੱਲਬਾਤ ਰਾਹੀਂ ਹੱਲ ਕਰਨਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਇਨ੍ਹਾਂ ਮਸਲਿਆਂ ਨੂੰ ਹੱਲ ਕਰਨ ਦੀ ਬਜਾਏ ਤਾਕਤ ਦੀ ਵਰਤੋਂ ਕਰ ਕੇ ਕਿਸਾਨਾਂ ਨੂੰ ਡਰਾ-ਧਮਕਾ ਰਹੀ ਹੈ, ਜੋ ਗੈਰ-ਵਾਜਬ ਹੈ।ਇਕ ਹੋਰ ਸਵਾਲ ’ਤੇ ਮੁੱਖ ਮੰਤਰੀ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ‘ਆਪ’ ਅਗਲੀਆਂ ਵਿਧਾਨ ਸਭਾ ਚੋਣਾਂ ਵਿਚ ਦਿੱਲੀ ਵਿਚ ਮੁੜ ਸਰਕਾਰ ਬਣਾਏਗੀ।ਕੁਝ ਸਿਆਸੀ ਪਾਰਟੀਆਂ ਵੱਲੋਂ ਅਪਣਾਏ ਜਾ ਰਹੇ ਫੁੱਟ ਪਾਊ ਏਜੰਡੇ ’ਤੇ ਸਖ਼ਤ ਇਤਰਾਜ਼ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਸ਼ ਦੇ ਹਿੱਤ ਵਿੱਚ ਨਹੀਂ ਹੈ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਵਿੱਚ ਹਿੰਸਾ ਦੀਆਂ ਘਟਨਾਵਾਂ ਹੈਰਾਨ ਕਰਨ ਵਾਲੀਆਂ ਅਤੇ ਮੰਦਭਾਗੀਆਂ ਹਨ।
ਉਨ੍ਹਾਂ ਕਿਹਾ ਕਿ ਇਹ ਕੁਝ ਪਾਰਟੀਆਂ ਵੱਲੋਂ ਕੀਤੀ ਜਾ ਰਹੀ ਨਫ਼ਰਤ ਦੀ ਰਾਜਨੀਤੀ ਦਾ ਨਤੀਜਾ ਹਨ।ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਭਵਨ ਦੇ ਏ ਬਲਾਕ ਵਿਖੇ ਨਵਾਂ ਡਾਇਨਿੰਗ ਹਾਲ ਕੌਮੀ ਰਾਜਧਾਨੀ ਦੇ ਲੋਕਾਂ ਨੂੰ ਇੱਥੇ ਭੋਜਨ ਦਾ ਅਨੰਦ ਲੈਣ ਦਾ ਮੌਕਾ ਦੇਵੇਗਾ।