ਪੀ ਐੱਸ ਪੀ ਸੀ ਐੱਲ ’ਚ 1311 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

0
115

ਚੰਡੀਗੜ੍ਹ (ਗੁਰਜੀਤ ਬਿੱਲਾ/ਕਿ੍ਰਸ਼ਨ ਗਰਗ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੋਮਵਾਰ ਆਪਣੇ ਕਾਰਜਕਾਲ ਦੇ ਮਹਿਜ਼ 32 ਮਹੀਨਿਆਂ ਵਿੱਚ 50,000 ਦੇ ਕਰੀਬ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਕੀਰਤੀਮਾਨ ਕਾਇਮ ਕੀਤਾ ਹੈ। ਮੁੱਖ ਮੰਤਰੀ ਨੇ ਪੀ ਐੱਸ ਪੀ ਸੀ ਐੱਲ ਵਿੱਚ 1311 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਮਾਰਚ, 2022 ਵਿੱਚ ਅਹੁਦਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਕੁੱਲ 49,427 ਸਰਕਾਰੀ ਮੁਲਾਜ਼ਮਾਂ ਦੀ ਭਰਤੀ ਕੀਤੀ ਗਈ ਹੈ।ਇਸ ਮੌਕੇ ਮੁੱਖ ਮੰਤਰੀ ਨੇ ਸਰਕਾਰੀ ਨੌਕਰੀਆਂ ਹਾਸਲ ਕਰਨ ਵਾਲੇ ਸਾਰੇ ਨੌਜਵਾਨਾਂ ਨੂੰ ਇਸ ਸ਼ੁਭ ਦਿਨ ਦੀ ਵਧਾਈ ਦਿੱਤੀ।ਉਨ੍ਹਾ ਕਿਹਾ ਕਿ ਇਹ ਸੂਬੇ ਦੇ ਨੌਜਵਾਨਾਂ ’ਤੇ ਕੋਈ ਅਹਿਸਾਨ ਨਹੀਂ, ਸਗੋਂ ਉਹ ਇਨ੍ਹਾਂ ਨੌਕਰੀਆਂ ਦੇ ਹੱਕਦਾਰ ਹਨ, ਪਰ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਬਾਰੇ ਕਦੇ ਸੋਚਿਆ ਹੀ ਨਹੀਂ। ਮਾਨ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਯੋਗਤਾ ਦੇ ਆਧਾਰ ’ਤੇ ਨੌਕਰੀਆਂ ਮਿਲੀਆਂ ਹਨ।
ਉਹਨਾ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ ਹੈ। ਉਨ੍ਹਾ ਮਾਰਚ, 2022 ਵਿੱਚ ਅਹੁਦਾ ਸੰਭਾਲਿਆ ਸੀ ਅਤੇ ਕੁਝ ਮਹੀਨਿਆਂ ਬਾਅਦ ਉਨ੍ਹਾ ਨੂੰ ਪਛਵਾੜਾ ਕੋਲ ਖਾਣ ਤੋਂ ਕੋਲੇ ਦੀ ਸਪਲਾਈ ਮੁੜ ਸ਼ੁਰੂ ਹੋ ਗਈ ਸੀ। ਸੂਬੇ ਨੇ ਇੱਕ ਨਿੱਜੀ ਕੰਪਨੀ ਜੀ ਵੀ ਕੇ ਪਾਵਰ ਦੀ ਮਲਕੀਅਤ ਵਾਲਾ ਗੋਇੰਦਵਾਲ ਪਾਵਰ ਪਲਾਂਟ ਖਰੀਦ ਕੇ ਇਤਿਹਾਸ ਰਚਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮਾੜੇ ਸਿਸਟਮ ਤੋਂ ਨਿਰਾਸ਼ ਹੋ ਕੇ ਵਿਦੇਸ਼ ਜਾਣ ਲਈ ਮਜਬੂਰ ਨੌਜਵਾਨ ਹੁਣ ਵਾਪਸ ਪਰਤ ਰਹੇ ਹਨ, ਜੋ ਕਿ ਸੂਬੇ ਵਿੱਚ ਵਤਨ ਵਾਪਸੀ ਦਾ ਹਾਂ-ਪੱਖੀ ਰੁਝਾਨ ਹੈ। ਉਨ੍ਹਾ ਦੀ ਸਰਕਾਰ ਨੇ ਤਿੰਨ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ 49,427 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ, ਜੋ ਕਿ ਪੰਜਾਬ ਦੇ ਇਤਿਹਾਸ ਵਿੱਚ ਇੱਕ ਰਿਕਾਰਡ ਹੈ। ਇਨ੍ਹਾਂ ਸਰਕਾਰੀ ਨੌਕਰੀਆਂ ਹਾਸਲ ਕਰਨ ਵਾਲਿਆਂ ਵਿੱਚ ਕੁਝ ਵਿਦੇਸ਼ਾਂ ਤੋਂ ਪਰਤੇ ਨੌਜਵਾਨ ਵੀ ਹਨ।ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਮੁੱਖ ਮੰਤਰੀ ਅਤੇ ਪਤਵੰਤਿਆਂ ਦਾ ਸਵਾਗਤ ਕੀਤਾ।