ਨਵੀਂ ਦਿੱਲੀ : ਲੋਕ ਸਭਾ ਦੀ ਕਾਰਵਾਈ ਮੁਲਤਵੀ ਹੋਣ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਸੰਸਦ ਦੇ ਬਾਹਰ ਕਿਹਾ ਕਿ ਅਡਾਨੀ ’ਤੇ ਅਮਰੀਕਾ ਵਿਚ ਦੋ ਹਜ਼ਾਰ ਕਰੋੜ ਰੁਪਏ ਰਿਸ਼ਵਤ ਦੇਣ ਦਾ ਦੋਸ਼ ਹੈ, ਇਸ ਕਰਕੇ ਉਸ ਨੂੰ ਜੇਲ੍ਹ ਵਿਚ ਹੋਣਾ ਚਾਹੀਦਾ ਹੈ, ਪਰ ਮੋਦੀ ਸਰਕਾਰ ਉਸ ਨੂੰ ਬਚਾਅ ਰਹੀ ਹੈ। ਭਾਰਤੀ ਅਰਬਪਤੀ ਕਾਰੋਬਾਰੀ ਗੌਤਮ ਅਡਾਨੀ ’ਤੇ ਅਮਰੀਕਾ ਦੀ ਅਦਾਲਤ ’ਚ ਉਸ ’ਤੇ ਸੂਰਜੀ ਊਰਜਾ ਠੇਕੇ ਹਾਸਲ ਕਰਨ ਲਈ ਭਾਰਤੀ ਅਧਿਕਾਰੀਆਂ ਨੂੰ 25 ਕਰੋੜ ਡਾਲਰ (ਕਰੀਬ 2100 ਕਰੋੜ ਰੁਪਏ) ਦੀ ਰਿਸ਼ਵਤ ਦੇਣ ਦੇ ਦੋਸ਼ ਲੱਗੇ ਸਨ। ਭਾਰਤ ਦੇ ਦੂਜੇ ਸਭ ਤੋਂ ਅਮੀਰ ਅਡਾਨੀ ’ਤੇ ਅਮਰੀਕੀ ਅਧਿਕਾਰੀਆਂ ਨੇ ਦੋ ਵੱਖੋ-ਵੱਖਰੇ ਮਾਮਲਿਆਂ ’ਚ ਰਿਸ਼ਵਤਖੋਰੀ ਅਤੇ ਸਕਿਉਰਿਟੀਜ਼ ਧੋਖਾਧੜੀ ਦੇ ਦੋਸ਼ ਲਾਏ ਹਨ। ਨਿਊਯਾਰਕ ਦੀ ਅਦਾਲਤ ’ਚ ਅਮਰੀਕੀ ਨਿਆਂ ਵਿਭਾਗ ਨੇ ਗੌਤਮ ਅਤੇ ਉਸ ਦੇ ਭਤੀਜੇ ਸਾਗਰ ਸਮੇਤ ਸੱਤ ਹੋਰਾਂ ’ਤੇ ਮਹਿੰਗੀ ਸੂਰਜੀ ਊਰਜਾ ਖਰੀਦਣ ਲਈ ਸੂਬਾ ਸਰਕਾਰਾਂ ਦੇ ਅਧਿਕਾਰੀਆਂ ਨੂੰ ਰਿਸ਼ਵਤ ਦੇਣ ਦੇ ਦੋਸ਼ ਲਾਏ ਹਨ। ਅਡਾਨੀ ਵੱਲੋਂ ਦੋਸ਼ਾਂ ਤੋਂ ਇਨਕਾਰ ਕਰਨ ’ਤੇ ਰਾਹੁਲ ਨੇ ਕਿਹਾ ਕਿ ਉਹ ਕਿਉ ਮੰਨੇਗਾ। ਉਸ ਨੂੰ ਗਿ੍ਰਫਤਾਰ ਕਰਕੇ ਪੁੱਛਗਿੱਛ ਕੀਤੀ ਜਾਵੇ।




