ਪੰਜਾਬ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ 70 ਫੀਸਦੀ ਦੀ ਕਮੀ : ਐੱਨ ਜੀ ਟੀ

0
69

ਨਵੀਂ ਦਿੱਲੀ : ਨੈਸ਼ਨਲ ਗ੍ਰੀਨ ਟਿ੍ਰਬਿਊਨਲ (ਐੱਨ ਜੀ ਟੀ) ਨੇ ਇੱਕ ਰਿਪੋਰਟ ਰਾਹੀਂ ਦੱਸਿਆ ਕਿ ਪੰਜਾਬ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ 70 ਫੀਸਦੀ ਕਮੀ ਆਈ ਹੈ। ਐੱਨ ਜੀ ਟੀ ਨੇ ਪਰਾਲੀ ਸਾੜਨ ਕਾਰਨ ਐੱਨ ਸੀ ਆਰ ’ਚ ਹਵਾ ਪ੍ਰਦੂਸ਼ਣ ਵਧਣ ਦੇ ਮਾਮਲੇ ’ਤੇ ਸੂਬਾ ਅਧਿਕਾਰੀਆਂ ਤੋਂ ਰਿਪੋਰਟ ਮੰਗੀ ਸੀ।
ਇਸ ਤੋਂ ਬਾਅਦ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਵੱਲੋਂ 26 ਨਵੰਬਰ ਨੂੰ ਰਿਪੋਰਟ ਭੇਜੀ ਗਈ ਸੀ, ਜਿਸ ’ਚ ਕਿਹਾ ਗਿਆ ਸੀ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ, ਜਿਸ ਦੇ ਨਤੀਜੇ ਵਜੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਜ਼ਿਕਰਯੋਗ ਕਮੀ ਆਈ ਹੈ। ਪਰਾਲੀ ਸਾੜਨ ਦੇ ਮਾਮਲੇ ਪਿਛਲੇ ਸਾਲ 25 ਨਵੰਬਰ ਨੂੰ 36,551 ਸਨ, ਜੋ ਹੁਣ 25 ਨਵੰਬਰ 2024 ਨੂੰ ਘਟ ਕੇ 10,479 ਰਹਿ ਗਏ ਹਨ, ਇਸ ਤਰ੍ਹਾਂ 70 ਫੀਸਦੀ ਦੀ ਕਮੀ ਆਈ ਹੈ। ਇਸ ਸੰਬੰਧੀ ਪੰਜਾਬ ਸਰਕਾਰ ਨੇ ਕਈ ਤਕਨੀਕਾਂ ਜ਼ਰੀਏ ਕਿਸਾਨਾਂ ਨੂੰ ਪਰਾਲੀ ਨੂੰ ਖਪਾਉਣ ਦੀਆਂ ਵਿਧੀਆਂ ਦੱਸੀਆਂ ਸਨ। ਇਹ ਵੀ ਦੱਸਣਾ ਬਣਦਾ ਹੈ ਕਿ ਸੁਪਰੀਮ ਕੋਰਟ ਦੇ ਹੁਕਮਾਂ ’ਤੇ ਐੱਨ ਜੀ ਟੀ ਵੱਲੋਂ ਪੰਜਾਬ ਵਿਚ ਅਬਜ਼ਰਵਰ ਭੇਜੇ ਗਏ ਸਨ, ਜਿਨ੍ਹਾਂ ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲਿਆ ਸੀ।