ਡੱਲੇਵਾਲ ਕਿਸਾਨਾਂ ਨੂੰ ਹਾਈਵੇ ਨਾ ਰੋਕਣ ਲਈ ਮਨਾਉਣ : ਸੁਪਰੀਮ ਕੋਰਟ

0
124

ਨਵੀਂ ਦਿੱਲੀ : ਐੱਮ ਐੱਸ ਪੀ ਦੀ ਕਾਨੂੰਨੀ ਗਾਰੰਟੀ ਸਣੇ ਹੋਰਨਾਂ ਮੰਗਾਂ ਨੂੰ ਲੈ ਕੇ ਖਨੌਰੀ ਸਰਹੱਦੀ ਪੁਆਇੰਟ ‘ਤੇ ਮਰਨ ਵਰਤ ਉੱਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਸੁਪਰੀਮ ਕੋਰਟ ਨੇ ਸੋਮਵਾਰ ਕਿਹਾ ਕਿ ਉਹ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਹਾਈਵੇਅ ਨਾ ਰੋਕਣ ਲਈ ਮਨਾਉਣ ਅਤੇ ਇਸ ਨਾਲ ਆਮ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਖੱਜਲ-ਖੁਆਰੀ ਨਾ ਹੋਵੇ | ਜਸਟਿਸ ਸੂਰੀਆ ਕਾਂਤ ਤੇ ਜਸਟਿਸ ਉੱਜਲ ਭੂਈਆਂ ਦੀ ਬੈਂਚ ਨੇ ਡੱਲੇਵਾਲ ਵੱਲੋਂ ਦਾਇਰ ਹੈਬੀਅਸ ਕੋਰਪਸ ਪਟੀਸ਼ਨ ਰੱਦ ਕਰ ਦਿੱਤੀ |
ਚੇਤੇ ਰਹੇ ਕਿ ਡੱਲੇਵਾਲ ਨੂੰ 26 ਨਵੰਬਰ ਨੂੰ ਪੰਜਾਬ-ਹਰਿਆਣਾ ਸਰਹੱਦ ਉੱਤੇ ਖਨੌਰੀ ਵਿਚ ਪ੍ਰਦਰਸ਼ਨ ਵਾਲੀ ਥਾਂ ਮਰਨ ਵਰਤ ਉੱਤੇ ਬੈਠਣ ਤੋਂ ਪਹਿਲਾਂ ਪੁਲਸ ਨੇ ਉਥੋਂ ਚੁੱਕ ਲਿਆ ਸੀ | ਬੈਂਚ ਨੇ ਕਿਹਾ—ਅਸੀਂ ਦੇਖਿਆ ਹੈ ਕਿ ਡੱਲੇਵਾਲ ਨੂੰ ਰਿਹਾਅ ਕਰ ਦਿੱਤਾ ਗਿਆ ਹੈ ਅਤੇ ਕਿਸਾਨ ਆਗੂ ਨੇ ਸ਼ਨਿੱਚਰਵਾਰ ਆਪਣੇ ਇੱਕ ਸਾਥੀ ਪ੍ਰਦਰਸ਼ਨਕਾਰੀ ਨੂੰ ਮਰਨਵਰਤ ਖਤਮ ਕਰਨ ਲਈ ਮਨਾ ਲਿਆ ਸੀ | ਉਂਝ ਬੈਂਚ ਨੇ ਕਿਹਾ ਕਿ ਕਿਸਾਨਾਂ ਵੱਲੋਂ ਉਠਾਏ ਗਏ ਮੁੱਦੇ ਨੂੰ ਅਦਾਲਤ ਨੇ ਨੋਟ ਕੀਤਾ ਹੈ ਅਤੇ ਵਿਚਾਰ ਅਧੀਨ ਮਾਮਲਾ ਹੈ | ਬੈਂਚ ਨੇ ਡੱਲੇਵਾਲ ਵੱਲੋਂ ਪੇਸ਼ ਐਡਵੋਕੇਟ ਗੁਨਿੰਦਰ ਕੌਰ ਗਿੱਲ ਨੂੰ ਕਿਹਾ—ਜਮਹੂਰੀ ਪ੍ਰਬੰਧ ਵਿਚ ਤੁਸੀਂ ਸ਼ਾਂਤਮਈ ਪ੍ਰਦਰਸ਼ਨ ਕਰ ਸਕਦੇ ਹੋ, ਪਰ ਇਸ ਨਾਲ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਖੱਜਲ-ਖੁਆਰੀ ਨਾ ਹੋਵੇ | ਤੁਹਾਨੂੰ ਸਾਰਿਆਂ ਨੂੰ ਪਤਾ ਹੈ ਕਿ ਖਨੌਰੀ ਬਾਰਡਰ ਪੰਜਾਬ ਲਈ ਜੀਵਨ ਰੇਖਾ ਹੈ | ਅਸੀਂ ਇਸ ਰੋੋਸ ਪ੍ਰਦਰਸ਼ਨ ਦੇ ਸਹੀ ਜਾਂ ਗਲਤ ਹੋਣ ਬਾਰੇ ਟਿੱਪਣੀ ਨਹੀਂ ਕਰ ਰਹੇ |
ਜਸਟਿਸ ਕਾਂਤ ਨੇ ਕਿਹਾ ਕਿ ਡੱਲੇਵਾਲ ਪ੍ਰਦਰਸ਼ਨਕਾਰੀਆਂ ਨੂੰ ਕਾਨੂੰਨ ਤਹਿਤ ਅਤੇ ਲੋਕਾਂ ਨੂੰ ਕੋਈ ਅਸੁਵਿਧਾ ਪੈਦਾ ਕੀਤੇ ਬਿਨਾਂ ਸ਼ਾਂਤਮਈ ਪ੍ਰਦਰਸ਼ਨ ਲਈ ਰਾਜ਼ੀ ਕਰ ਸਕਦੇ ਹਨ | ਬੈਂਚ ਨੇ ਕਿਹਾ ਕਿ ਇਸ ਪੜਾਅ ਉੱਤੇ ਡੱਲੇਵਾਲ ਦੀ ਪਟੀਸ਼ਨ ਉੱਤੇ ਵਿਚਾਰ ਨਹੀਂ ਕੀਤਾ ਜਾ ਰਿਹਾ, ਪਰ ਉਹ ਬਾਅਦ ਵਿਚ ਕੋਰਟ ਤੱਕ ਪਹੁੰਚ ਕਰ ਸਕਦੇ ਹਨ | ਚੇਤੇ ਰਹੇ ਕਿ 26 ਨਵੰਬਰ ਨੂੰ ਮਰਨਵਰਤ ਸ਼ੁਰੂ ਕਰਨ ਤੋਂ ਕੁਝ ਘੰਟੇ ਪਹਿਲਾਂ ਡੱਲੇਵਾਲ ਨੂੰ ਕਥਿਤ ਤੌਰ ‘ਤੇ ਖਨੌਰੀ ਸਰਹੱਦ ਤੋਂ ਜਬਰੀ ਹਟਾ ਦਿੱਤਾ ਗਿਆ ਅਤੇ ਲੁਧਿਆਣਾ ਦੇ ਇੱਕ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਨ੍ਹਾ ਨੂੰ ਸ਼ੁੱਕਰਵਾਰ ਸ਼ਾਮ ਨੂੰ ਛੁੱਟੀ ਦੇ ਦਿੱਤੀ ਗਈ |
ਇਹ ਪਟੀਸ਼ਨ 29 ਨਵੰਬਰ ਨੂੰ ਪੰਜਾਬ ਪੁਲਸ ਵੱਲੋਂ ਡੱਲੇਵਾਲ ਦੀ ਕਥਿਤ ਗੈਰ-ਕਾਨੂੰਨੀ ਹਿਰਾਸਤ ਨੂੰ ਚੁਣੌਤੀ ਦੇਣ ਲਈ ਸੁਪਰੀਮ ਕੋਰਟ ਵਿੱਚ ਦਾਖਲ ਕੀਤੀ ਗਈ ਸੀ | ਹਸਪਤਾਲ ਵਿੱਚੋਂ ਰਿਹਾਅ ਹੋਣ ਤੋਂ ਇਕ ਦਿਨ ਬਾਅਦ ਡੱਲੇਵਾਲ 30 ਨਵੰਬਰ ਨੂੰ ਮੁੜ ਖਨੌਰੀ ਸਰਹੱਦ ਪੁੱਜੇ ਤੇ ਕਿਸਾਨ ਆਗੂ ਸੁਖਜੀਤ ਸਿੰਘ ਹਰਦੋਝੰਡੇ ਦਾ ਮਰਨ ਵਰਤ ਖੁਲ੍ਹਵਾ ਕੇ ਖੁਦ ਉਸ ਦੀ ਥਾਂ ਮਰਨ ਵਰਤ ਉੱਤੇ ਬੈਠ ਗਏ | ਸੁਰੱਖਿਆ ਬਲਾਂ ਵੱਲੋਂ ਦਿੱਲੀ ਵੱਲ ਮਾਰਚ ਰੋਕੇ ਜਾਣ ਤੋਂ ਬਾਅਦ 13 ਫਰਵਰੀ ਤੋਂ ਕਿਸਾਨ ਪੰਜਾਬ ਅਤੇ ਹਰਿਆਣਾ ਦਰਮਿਆਨ ਸ਼ੰਭੂ ਤੇ ਖਨੌਰੀ ਸਰਹੱਦੀ ਪੁਆਇੰਟਾਂ ‘ਤੇ ਡੇਰੇ ਲਾਈ ਬੈਠੇ ਹਨ |