ਮੁਹਾਲੀ (ਗੁਰਜੀਤ ਬਿੱਲਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਅੰਮਿ੍ਰਤਸਰ ਵਿਖੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨੂੰ ਤੁਰੰਤ ਨਾਕਾਮ ਕਰਨ ਲਈ ਪੰਜਾਬ ਪੁਲਸ ਦੀ ਪਿੱਠ ਥਾਪੜੀ ਹੈ, ਜਿਸ ਨੇ ਸੂਬੇ ਨੂੰ ਬਦਨਾਮ ਕਰਨ ਦੇ ਮਨਸੂਬੇ ਸਫਲ ਨਹੀਂ ਹੋਣ ਦਿੱਤੇ।
ਇੱਥੇ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਨੂੰ ਸਮਰਪਿਤ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਇਸ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਰਗੇ ਪਵਿੱਤਰ ਅਸਥਾਨ ’ਤੇ ਅਜਿਹੇ ਘਿਨਾਉਣੇ ਕਾਰੇ ਲਈ ਕੋਈ ਥਾਂ ਨਹੀਂ ਹੈ। ਉਨ੍ਹਾ ਕਿਹਾ ਕਿ ਸੂਬਾ ਸਰਕਾਰ ਨੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸੀਨੀਅਰ ਪੁਲਸ ਅਧਿਕਾਰੀਆਂ ਤੋਂ ਇਲਾਵਾ 175 ਦੇ ਕਰੀਬ ਪੁਲਸ ਮੁਲਾਜ਼ਮ ਪਹਿਲਾਂ ਹੀ ਤਾਇਨਾਤ ਕੀਤੇ ਹੋਏ ਹਨ। ਉਨ੍ਹਾ ਕਿਹਾ ਕਿ ਇਸ ਦੇ ਸਾਰਥਿਕ ਨਤੀਜੇ ਨਿਕਲੇ, ਕਿਉਕਿ ਪੰਜਾਬ ਪੁਲਸ ਨੇ ਸੂਬੇ ਦਾ ਨਾਂਅ ਬਦਨਾਮ ਕਰਨ ਦੀ ਰਚੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ, ਜਿਸ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਬਾਜ਼ ਅੱਖ ਰੱਖਣ ਲਈ ਤਾਇਨਾਤ ਕੀਤਾ ਗਿਆ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਸਾਰੀ ਘਟਨਾ ’ਤੇ ਬਾਕਾਇਦਾ ਨੇੜਿਓਂ ਨਜ਼ਰ ਰੱਖ ਰਹੇ ਹਨ ਅਤੇ ਪੁਲਸ ਅਧਿਕਾਰੀਆਂ ਨੂੰ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵੱਧ ਤੋਂ ਵੱਧ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ ਹਨ। ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਡੀ ਜੀ ਪੀ ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਨਿਰਦੇਸ਼ ਦੇ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਪੀਰਾਂ-ਪੈਗੰਬਰਾਂ, ਸੰਤਾਂ-ਮਹਾਂਪੁਰਸ਼ਾਂ, ਸ਼ਹੀਦਾਂ ਦੀ ਧਰਤੀ ਹੈ, ਜੋ ਹਮੇਸ਼ਾ ਹੀ ਭਾਈਚਾਰਕ ਸਾਂਝ ਅਤੇ ਆਪਸੀ ਮਿਲਵਰਤਣ ਦੀਆਂ ਕਦਰਾਂ-ਕੀਮਤਾਂ ਲਈ ਮਾਨਵਤਾ ਲਈ ਮਿਸਾਲ ਬਣਿਆ ਰਿਹਾ ਹੈ। ਉਨ੍ਹਾ ਕਿਹਾ ਕਿ ਸੂਬੇ ਵਿੱਚ ਅਮਨ ਨੂੰ ਕਾਇਮ ਰੱਖਣਾ ਉਨ੍ਹਾਂ ਦੀ ਸਭ ਤੋਂ ਵੱਧ ਤਰਜੀਹ ਹੈ ਅਤੇ ਸਰਕਾਰ ਵੱਲੋਂ ਕਿਸੇ ਨੂੰ ਵੀ ਅਜਿਹੀ ਹਰਕਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਉਹਨਾ ਇਸ ਘਟਨਾ ਨੂੰ ਬੇਹੱਦ ਮੰਦਭਾਗਾ ਕਰਾਰ ਦਿੱਤਾ ਅਤੇ ਸੂਬੇ ’ਚ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਪਾਰਟੀ ਦੀ ਵਚਨਬੱਧਤਾ ਨੂੰ ਦੁਹਰਾਇਆ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਸੁਖਬੀਰ ਬਾਦਲ ’ਤੇ ਹਮਲੇ ਦੀ ਨਿਖੇਧੀ ਕੀਤੀ ਅਤੇ ਇਸ ਘਟਨਾ ਨੂੰ ਰੋਕਣ ਲਈ ਪੰਜਾਬ ਪੁਲਸ ਦੀ ਸ਼ਲਾਘਾ ਕੀਤੀ। ਉਨ੍ਹਾ ਕਿਹਾ ਕਿ ਇਸ ਘਟਨਾ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ, ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕੋਈ ਵੀ ਹੋਵੇ।
ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇਹੋ ਜਿਹੀਆਂ ਸ਼ਰਮਨਾਕ ਅਤੇ ਨਿੰਦਣਯੋਗ ਹਰਕਤਾਂ ਦੀ ਇੱਕ ਸੱਭਿਅਕ ਸਮਾਜ ਵਿੱਚ ਕੋਈ ਥਾਂ ਨਹੀਂ ਹੈ, ਦਰਬਾਰ ਸਾਹਿਬ ਵਰਗੇ ਪਵਿੱਤਰ ਸਥਾਨ ’ਤੇ ਤਾਂ ਕਦੇ ਵੀ ਨਹੀਂ। ਗੁਰੂ ਸਾਹਿਬ ਦੇ ਪਾਵਨ ਅਸਥਾਨ ’ਤੇ ਅਜਿਹੀਆਂ ਘਿਨਾਉਣੀਆਂ ਹਰਕਤਾਂ ਕਰਨ ਵਾਲੇ ਨੂੰ ਸੱਚਾ ਸਿੱਖ ਨਹੀਂ ਕਿਹਾ ਜਾ ਸਕਦਾ। ਕੰਗ ਨੇ ਪੰਜਾਬ ਵਿਚ ਸ਼ਾਂਤੀ ਅਤੇ ਸਦਭਾਵਨਾ ਨੂੰ ਬਰਕਰਾਰ ਰੱਖਣ ਲਈ ਪਾਰਟੀ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ ਅਤੇ ਇਸ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਵਿਰੁੱਧ ਚੇਤਾਵਨੀ ਦਿੱਤੀ।




