ਮੋਹਾਲੀ (ਗੁਰਜੀਤ ਬਿੱਲਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਕਿਹਾ ਕਿ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੀਵਨ ਅਤੇ ਫਲਸਫੇ ਦਾ ਪਾਸਾਰ ਕਰ ਕੇ ਨੌਜਵਾਨਾਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰੇਗਾ। ਇੱਥੇ ਏਅਰਪੋਰਟ ਰੋਡ ’ਤੇ 5 ਕਰੋੜ ਦੀ ਲਾਗਤ ਵਾਲੇ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਜਿੱਥੇ ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਕਾਂਸੀ ਦਾ ਬੁੱਤ ਸਥਾਪਤ ਹੈ, ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਸ਼ਹੀਦ ਨੂੰ ਸਿਰਫ ਉਨ੍ਹਾ ਦੇ ਸ਼ਹੀਦੀ ਦਿਵਸ (23 ਮਾਰਚ) ਜਾਂ ਜਨਮ ਦਿਨ (28 ਸਤੰਬਰ) ’ਤੇ ਹੀ ਯਾਦ ਨਹੀਂ ਕੀਤਾ ਜਾਣਾ ਚਾਹੀਦਾ, ਸਗੋਂ ਹਰ ਪਲ ਯਾਦ ਕੀਤਾ ਜਾਣਾ ਚਾਹੀਦਾ। ਇਹ ਪਲਾਜ਼ਾ ਸਾਡੀਆਂ ਨੌਜਵਾਨ ਪੀੜ੍ਹੀਆਂ ਨੂੰ ਮਹਾਨ ਸ਼ਹੀਦ ਦੇ ਨਕਸ਼ੇ-ਕਦਮਾਂ ’ਤੇ ਚੱਲਣ ਅਤੇ ਦੇਸ਼ ਦੀ ਸੇਵਾ ਕਰਨ ਲਈ ਹਮੇਸ਼ਾ ਪ੍ਰੇਰਿਤ ਕਰੇਗਾ। ਮਾਨ ਨੇ ਆਸ ਪ੍ਰਗਟਾਈ ਕਿ ਇਹ ਪਲਾਜ਼ਾ ਇਸ ਮਹਾਨ ਸ਼ਹੀਦ ਦੇ ਯੋਗਦਾਨ ਤੋਂ ਜਾਣੂ ਕਰਵਾ ਕੇ ਦੇਸ਼-ਵਿਦੇਸ ਤੋਂ ਆਉਣ ਵਾਲੇ ਮੁਸਾਫਰਾਂ ਲਈ ਚਾਨਣ-ਮੁਨਾਰਾ ਸਾਬਤ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਮੋਹਾਲੀ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ ’ਤੇ ਰੱਖਿਆ ਗਿਆ ਹੈ। ਉਨ੍ਹਾ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚੋਂ ਕਿਸੇ ਨੇ ਵੀ ਇਸ ਹਵਾਈ ਅੱਡੇ ਦਾ ਨਾਂਅ ਮਹਾਨ ਸ਼ਹੀਦ ਦੇ ਨਾਂਅ ’ਤੇ ਰੱਖਣ ਦੀ ਖੇਚਲ ਨਹੀਂ ਕੀਤੀ, ਪਰ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾ ਦੀ ਸਰਕਾਰ ਨੇ ਇਸ ਨੂੰ ਵੱਧ ਤਰਜੀਹ ਦਿੱਤੀ। ਮਾਨ ਨੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੇ ਨਾਂਅ ’ਤੇ ਹਵਾਈ ਅੱਡਿਆਂ, ਯੂਨੀਵਰਸਿਟੀਆਂ ਅਤੇ ਹੋਰ ਅਦਾਰਿਆਂ ਦਾ ਨਾਂਅ ਰੱਖਣਾ ਉਨ੍ਹਾਂ ਦੀ ਗੌਰਵਮਈ ਵਿਰਾਸਤ ਨੂੰ ਕਾਇਮ ਰੱਖਣ ਲਈ ਜ਼ਰੂਰੀ ਹੈ।
ਉਹਨਾ ਕਿਹਾ ਕਿ ਸੂਬਾ ਸਰਕਾਰ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਮਹਾਨ ਦੇਸ਼ ਭਗਤਾਂ ਦੇ ਸੁਪਨਿਆਂ ਅਨੁਸਾਰ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਯਕੀਨੀ ਬਣਾਉਣਾ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ। ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਜਲਦੀ ਹੀ ਦੇਸ਼ ਭਰ ਵਿੱਚ ਮੋਹਰੀ ਸੂਬਾ ਬਣ ਕੇ ਉਭਰੇਗਾ।
ਉਨ੍ਹਾ ਕਿਹਾ ਕਿ ਆਜ਼ਾਦੀ ਸੰਗਰਾਮ ਦੇ ਨੌਜਵਾਨ ਨਾਇਕ ਨੇ ਦੇਸ਼ ਨੂੰ ਵਿਦੇਸੀ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਛੋਟੀ ਉਮਰ ਵਿੱਚ ਹੀ ਆਪਣਾ ਬਲੀਦਾਨ ਦੇ ਦਿੱਤਾ ਸੀ। ਮਾਨ ਨੇ ਅਫਸੋਸ ਜ਼ਾਹਰ ਕੀਤਾ ਕਿ ਪਿਛਲੀਆਂ ਸਰਕਾਰਾਂ ਨੇ 70 ਸਾਲਾਂ ਦੌਰਾਨ ਸ਼ਹੀਦ-ਏ-ਆਜ਼ਮ ਭਗਤ ਸਿੰਘ ਵਰਗੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਅੱਖੋਂ-ਪਰੋਖੇ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜਿਸ ਉਮਰ ਵਿੱਚ ਨੌਜਵਾਨ ਆਪਣੇ ਮਾਪਿਆਂ ਤੋਂ ਤੋਹਫੇ ਮੰਗਦੇ ਹਨ, ਸ਼ਹੀਦ ਭਗਤ ਸਿੰਘ ਨੇ ਅੰਗਰੇਜ਼ਾਂ ਤੋਂ ਆਪਣੀ ਮਾਤ ਭੂਮੀ ਦੀ ਆਜ਼ਾਦੀ ਦੀ ਮੰਗ ਕੀਤੀ ਸੀ। ਸ਼ਹੀਦ ਭਗਤ ਸਿੰਘ ਪੜ੍ਹੇ-ਲਿਖੇ ਆਗੂ ਸਨ, ਜੋ ਹਮੇਸ਼ਾ ਲੋਕਾਂ ਦੀ ਭਲਾਈ ਲਈ ਚਿੰਤਤ ਰਹਿੰਦੇ ਸਨ। ਸ਼ਹੀਦ ਭਗਤ ਸਿੰਘ ਹਵਾਈ ਅੱਡਾ, ਮੋਹਾਲੀ ਅਤੇ ਸ੍ਰੀ ਗੁਰੂ ਰਾਮਦਾਸ ਹਵਾਈ ਅੱਡਾ, ਅੰਮਿ੍ਰਤਸਰ ਤੋਂ ਅੰਤਰਰਾਸ਼ਟਰੀ ਉਡਾਣਾਂ ਦੀ ਸ਼ੁਰੂਆਤ ਲਈ ਜ਼ੋਰਦਾਰ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਦੇਸ਼ ਜਾਣ ਵਾਲੇ ਪੰਜਾਬੀਆਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਕਰਨਾ ਜ਼ਰੂਰੀ ਹੈ। ਉਨ੍ਹਾ ਕਿਹਾ ਕਿ ਇਨ੍ਹਾਂ ਦੋਵਾਂ ਹਵਾਈ ਅੱਡਿਆਂ ’ਤੇ ਅੰਤਰਰਾਸ਼ਟਰੀ ਉਡਾਣਾਂ ਦੇ ਟੇਕਆਫ ਅਤੇ ਲੈਂਡਿੰਗ ਦੀ ਸਹੂਲਤ ਲਈ ਬੁਨਿਆਦੀ ਢਾਂਚੇ ਦੀ ਲੋੜ ਹੈ। ਉਨ੍ਹਾ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ ਕਿ ਕੌਮਾਂਤਰੀ ਉਡਾਣਾਂ ਜਲਦੀ ਸ਼ੁਰੂ ਹੋ ਜਾਣ।





