ਬਟਾਲਾ (ਮਲਵਿੰਦਰ ਸਿੰਘ ਮਾਲੀ) -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਸੂਬੇ ਦੀਆਂ ਰਵਾਇਤੀ ਸਿਆਸੀ ਪਾਰਟੀਆਂ ਉਤੇ ਵਰ੍ਹਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਸਰਹੱਦੀ ਖਿੱਤੇ ਦੇ ਬਹਾਦਰ ਲੋਕਾਂ ਦੀ ਪਿੱਠ ’ਚ ਛੁਰਾ ਮਾਰਿਆ ਅਤੇ ਆਪਣੇ ਨਿੱਜੀ ਮੁਫਾਦਾਂ ਲਈ ਇਸ ਖਿੱਤੇ ਦੀਆਂ ਕਈ ਪੀੜ੍ਹੀਆਂ ਨੂੰ ਬਰਬਾਦ ਕਰ ਦਿੱਤਾ। ਬਟਾਲਾ ਵਿਖੇ ਨਵੀਂ ਅੱਪਗ੍ਰੇਡ ਸ਼ੂਗਰ ਮਿੱਲ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਸੂਬੇ ਦੇ ਅਗਾਂਹਵਧੂ ਅਤੇ ਉਪਜਾਊ ਸਰਹੱਦੀ ਖੇਤਰ ਨੂੰ ਰਵਾਇਤੀ ਸਿਆਸੀ ਪਾਰਟੀਆਂ ਨੇ ਦਰਕਿਨਾਰ ਕੀਤਾ, ਜਿਸ ਕਰਕੇ ਇਹ ਖੇਤਰ ਵਿਕਾਸ ਦੀ ਰਫ਼ਤਾਰ ਵਿੱਚ ਪਛੜ ਗਿਆ ਹੈ। ਉਨ੍ਹਾ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂਆਂ ਨੇ ਆਪਣੀ ਤਾਕਤ ਦੀ ਦੁਰਵਰਤੋਂ ਕਰਕੇ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਝੂਠੇ ਕੇਸਾਂ ਵਿੱਚ ਫਸਾ ਕੇ ਬਰਬਾਦ ਕੀਤਾ। ਮਹਾਨ ਦੇਸ਼ ਭਗਤ ਪੈਦਾ ਕਰਨ ਵਾਲੇ ਇਸ ਖੇਤਰ ਨੇ ਰਵਾਇਤੀ ਪਾਰਟੀਆਂ ਦੇ ਸ਼ਾਸਨ ਦੌਰਾਨ ਕਦੇ ਵਿਕਾਸ ਹੁੰਦਾ ਨਹੀਂ ਦੇਖਿਆ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾ ਦੀ ਸਰਕਾਰ ਇਸ ਖਿੱਤੇ ਦੇ ਵਿਕਾਸ ਲਈ ਅਣਥੱਕ ਮਿਹਨਤ ਕਰ ਰਹੀ ਹੈ, ਜਿਸ ਸਦਕਾ 296 ਕਰੋੜ ਰੁਪਏ ਦੀ ਲਾਗਤ ਨਾਲ ਇਸ ਅੱਪਗ੍ਰੇਡ ਖੰਡ ਮਿੱਲ ਦੀ ਸਥਾਪਨਾ ਕੀਤੀ ਗਈ ਹੈ। ਮਾਨ ਨੇ ਕਿਹਾ ਕਿ ਇਸ ਮਿੱਲ ਵਿੱਚ ਰਿਫਾਇੰਡ ਖੰਡ ਦਾ ਉਤਪਾਦਨ ਕੀਤਾ ਜਾਵੇਗਾ ਅਤੇ ਅਜਿਹਾ ਕਰਨ ਵਾਲੀ ਇਹ ਸੂਬੇ ਦੀ ਪਹਿਲੀ ਸਹਿਕਾਰੀ ਖੰਡ ਮਿੱਲ ਹੋਵੇਗੀ।