ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੂੰ ਸਮੇਟਣ ਦਾ ਐਲਾਨ ਭਲਕੇ

0
110

ਚੰਡੀਗੜ੍ਹ : ਸ਼ੋ੍ਰਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਸ਼ਨੀਵਾਰ ਕਿਹਾ ਕਿ ਪੰਜ ਸਿੰਘ ਸਹਿਬਾਨ ਦੇ ਹੁਕਮ ਦੀ ਪਾਲਣਾ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੂੰ ਸਮੇਟਣ ਦਾ ਫੈਸਲਾ ਉਸੇ ਹੀ ਦਿਨ ਕਰ ਲਿਆ ਗਿਆ ਸੀ। ਇਸ ਫੈਸਲੇ ਨੂੰ ਰਸਮੀ ਤੌਰ ’ਤੇ ਲਾਗੂ ਕਰਨ ਵਾਸਤੇ 9 ਦਸੰਬਰ ਨੂੰ ਸ੍ਰੀ ਅੰਮਿ੍ਰਤਸਰ ਸਾਹਿਬ ਵਿਖੇ ਸਵੇਰੇ 11 ਵਜੇ ਸਮੁੱਚੀ ਲੀਡਰਸ਼ਿਪ ਦੀ ਇਕੱਤਰਤਾ ਬੁਲਾਈ ਗਈ ਹੈ, ਜਿਸ ’ਚ ਪੀ੍ਰਜ਼ੀਡੀਅਮ, ਐਗਜ਼ੈਕਟਿਵ ਅਤੇ ਸਲਾਹਕਾਰ ਬੋਰਡ ਦੇ ਮੈਂਬਰ ਸ਼ਾਮਲ ਹੋਣਗੇ।
ਉਨ੍ਹਾ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਕੰਮਕਾਜ ’ਚ ਆਈਆਂ ਊਣਤਾਈਆਂ ਅਤੇ ਪਾਰਟੀ ਲੀਡਰਸ਼ਿਪ ਵੱਲੋਂ ਸੀਨੀਅਰ ਆਗੂਆਂ ਦੀ ਸਲਾਹ ਬਗੈਰ ਲਏ ਗਲਤ ਫੈਸਲਿਆਂ ਕਰਕੇ ਪਾਰਟੀ ’ਚ ਸੁਧਾਰ ਲਿਆਉਣ ਦੀ ਲੋੜ ਸੀ। ਇਸ ਮਨੋਰਥ ਨਾਲ ਅਸੀਂ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਚਲਾਈ ਸੀ। ਜਥੇਦਾਰ ਸਾਹਿਬਾਨ ਦੇ ਫੈਸਲਿਆਂ ਨਾਲ ਸ੍ਰੀ ਅਕਾਲ ਤਖਤ ਸਾਹਿਬ ਦਾ ਸਤਿਕਾਰ ਹੋਰ ਉੱਚਾ ਹੋਇਆ ਹੈ। ਦੁਨੀਆ-ਭਰ ਵਿੱਚ ਸੰਗਤ ਨੇ ਜਿਸ ਪ੍ਰਕਿਰਿਆ ਨਾਲ ਮਰਿਆਦਾ ਦੀ ਪਾਲਣਾ ਕਰਦੇ ਹੋਏ ਸਿੰਘ ਸਹਿਬਾਨ ਨੇ ਫੈਸਲੇ ਲਏ, ਉਸ ਉੱਪਰ ਤਸੱਲੀ ਪ੍ਰਗਟ ਕੀਤੀ ਹੈ। ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਹਦਾਇਤ ਕੀਤੀ ਗਈ ਸੀ ਕਿ ਸੁਖਬੀਰ ਸਿੰਘ ਬਾਦਲ ਸਮੇਤ ਜਿਨ੍ਹਾਂ ਲੀਡਰਾਂ ਨੇ ਅਸਤੀਫੇ ਦਿੱਤੇ ਸਨ, ਉਨ੍ਹਾਂ ਦੇ ਅਸਤੀਫੇ ਪ੍ਰਵਾਨ ਕਰਕੇ 3 ਦਿਨਾਂ ਦੇ ਅੰਦਰ-ਅੰਦਰ ਅਕਾਲ ਤਖਤ ਸਾਹਿਬ ਨੂੰ ਇਤਲਾਹ ਦਿੱਤੀ ਜਾਵੇ। ਵਡਾਲਾ ਨੇ ਕਿਹਾ ਕਿ ਸਿੱਖ ਪੰਥ ਨੂੰ ਇਸ ਗੱਲ ਦੀ ਬੜੀ ਹੈਰਾਨੀ ਹੋਈ ਅਤੇ ਰੋਸ ਪਾਇਆ ਜਾ ਰਿਹਾ ਹੈ ਕਿ ਸਮਾਂ ਬੀਤਣ ਦੇ ਬਾਅਦ ਵੀ ਅਸਤੀਫਿਆਂ ਦਾ ਫੈਸਲਾ ਅਕਾਲੀ ਦਲ ਵੱਲੋਂ ਨਹੀਂ ਲਿਆ ਗਿਆ। ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਇੰਨ-ਬਿੰਨ ਹਰ ਗੁਰਸਿੱਖ ਨੂੰ ਪਾਲਣਾ ਕਰਨੀ ਚਾਹੀਦੀ ਹੈ, ਪਰ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਬਹਾਨਾ ਲਗਾ ਕੇ ਅਸਤੀਫਿਆਂ ਨੂੰ ਟਾਲਣ ਦੀ ਕੋਸ਼ਿਸ਼ ਕਰਨਾ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਦੇ ਬਰਾਬਰ ਹੈ।
ਵਡਾਲਾ ਨੇ ਜ਼ੋਰ ਦੇ ਕੇ ਕਿਹਾ ਕਿ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਅਤੇ ਉਹ ਲੀਡਰ, ਜੋ ਸਿੰਘ ਸਾਹਿਬਾਨ ਦੇ ਹੁਕਮਾਂ ਦੀ ਪਾਲਣਾ ਕਰਨ ਵਿੱਚ ਰੁਕਾਵਟਾਂ ਖੜ੍ਹੀਆਂ ਕਰ ਰਹੇ ਹਨ, ਸਮੁੱਚੇ ਸਿੱਖ ਪੰਥ ਦੇ ਕਟਹਿਰੇ ’ਚ ਖੜ੍ਹੇ ਹਨ। ਅਗਰ ਏਨਾ ਕੁਝ ਹੋਣ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਸਬਕ ਨਹੀਂ ਸਿੱਖਿਆ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਨੂੰ ਚੁਣੌਤੀ ਦੇ ਰਹੀ ਹੈ, ਫਿਰ ਇਨ੍ਹਾਂ ਨੂੰ ਆਪਣੇ ਆਪ ਨੂੰ ਪੰਥਕ ਅਖਵਾਉਣ ਦਾ ਕੋਈ ਅਧਿਕਾਰ ਨਹੀਂ । ਇਨ੍ਹਾਂ ਕਾਰਨਾਮਿਆਂ ਕਰਕੇ ਸਿੱਖਾਂ ਦੀ ਮਾਨਸਿਕਤਾ ਨੂੰ ਬਹੁਤ ਢਾਹ ਲੱਗ ਰਹੀ ਹੈ।
ਉਨ੍ਹਾ ਕਿਹਾ ਕਿ ਅਕਾਲ ਤਖਤ ਸਾਹਿਬ ਵੱਲੋਂ ਬਣਾਈ ਗਈ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਕਰਨ ਵਾਸਤੇ ਕਮੇਟੀ ਨੂੰ ਸਿੱਖ ਪੰਥ ਅਤੇ ਪੰਜਾਬੀਆਂ ਵੱਲੋਂ ਮਾਨਤਾ ਦਿੱਤੀ ਜਾ ਰਹੀ ਹੈ। ਵੱਖ-ਵੱਖ ਸੰਸਥਾਵਾਂ, ਅਦਾਰਿਆਂ ਅਤੇ ਵਰਗਾਂ ਦੀਆਂ ਪ੍ਰਤੀਕਿਰਿਆਵਾਂ ਆ ਰਹੀਆਂ ਹਨ ਕਿ ਇਸ ਕਮੇਟੀ ਨੂੰ ਲੈ ਕੇ ਸੰਗਤ ’ਚ ਬਹੁਤ ਵੱਡੀ ਆਸ ਬੱਝ ਗਈ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਦੁਬਾਰਾ ਮੁੱਢ ਤੋਂ ਸੁਰਜੀਤ ਕਰਨ ਵਾਸਤੇ ਇਸ ਕਮੇਟੀ ਦਾ ਵੱਡਾ ਯੋਗਦਾਨ ਪੈ ਸਕੇਗਾ। ਇਸ ਕਮੇਟੀ ਨੂੰ ਲੈ ਕੇ ਪੰਜਾਬ ਦੇ ਲੋਕ ਉਡੀਕ ਕਰ ਰਹੇ ਹਨ ਕਿ ਕਦੋਂ ਇਹ ਕਮੇਟੀ ਆਪਣੀ ਭਰਤੀ ਦਾ ਕੰਮ ਸ਼ੁਰੂ ਕਰੇਗੀ। ਸਮੁੱਚੇ ਪੰਜਾਬੀ ਇਸ ਭਰਤੀ ’ਚ ਸ਼ਾਮਲ ਹੋਣ ਲਈ ਤਾਂਘ ਲਾ ਕੇ ਬੈਠੇ ਹਨ। ਦੇਸ਼ ਦੀ ਸਭ ਤੋਂ ਪੁਰਾਣੀ ਖੇਤਰੀ ਪਾਰਟੀ, ਜਿਹੜੀ ਕਿ ਖਾਲਸਾ ਪੰਥ ਅਤੇ ਪੰਜਾਬੀਆਂ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰਦੀ ਆਈ ਹੈ, ਨੂੰ ਸਮੁੱਚੇ ਪੰਜਾਬੀ ਬੁਲੰਦੀਆਂ ’ਤੇ ਦੇਖਣਾ ਚਾਹੁੰਦੇ ਹਨ। ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਏ ਫੈਸਲੇ ਇਨ੍ਹਾਂ ਸਾਰੀਆਂ ਭਾਵਨਾਵਾਂ ਨੂੰ ਦਰਸਾਉਂਦੇ ਹਨ ਤੇ ਇਤਿਹਾਸਕ ਮੰਨੇ ਗਏ ਹਨ।