ਚੰਡੀਗੜ੍ਹ : ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਅਤੇ ਪੰਜਾਬ ਅਸੰਬਲੀ ਵਿੱਚ ਵਿਰੋਧੀ ਧਿਰ ਦੇ ਨੇਤਾ ਰਹਿ ਚੁੱਕੇ ਐਡਵੋਕੇਟ ਐੱਚ ਐੱਸ ਫੂਲਕਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਲੈਣ ਦਾ ਐਲਾਨ ਕੀਤਾ ਹੈ। ਉਨ੍ਹਾ ਇਹ ਵੀ ਕਿਹਾ ਕਿ ਅਕਾਲ ਤਖਤ ਸਾਹਿਬ ਦੇ ਹੁਕਮ ਮੁਤਾਬਕ ਦੂਜੀਆਂ ਪਾਰਟੀਆਂ ’ਚ ਗਏ ਆਗੂਆਂ ਨੂੰ ਵੀ ਹੁਣ ਵਾਪਸ ਅਕਾਲੀ ਦਲ ’ਚ ਸ਼ਾਮਲ ਹੋਣਾ ਚਾਹੀਦਾ ਹੈ, ਕਿਉਂਕਿ ਖੇਤਰੀ ਪਾਰਟੀ ਹੀ ਪੰਜਾਬ ਦੇ ਮਸਲਿਆਂ ਨੂੰ ਬਿਹਤਰੀਨ ਢੰਗ ਨਾਲ ਹੱਲ ਕਰ ਸਕਦੀ ਹੈ। ਫੂਲਕਾ ਨੇ ਕਿਹਾ ਕਿ ਉਹ ਦਿਲੋਂ ਚਾਹੁੰਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਹੋਣਾ ਚਾਹੀਦਾ ਹੈ। ਉਨ੍ਹਾ ਕਿਹਾ ਕਿ ਮੈਂਬਰਸ਼ਿਪ ਨੂੰ ਲੈ ਕੇ ਉਨ੍ਹਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਗੱਲ ਕੀਤੀ ਸੀ, ਜਿਨ੍ਹਾ ਕਿਹਾ ਕਿ ਜਲਦ ਹੀ ਮੈਂਬਰਸ਼ਿਪ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਫੂਲਕਾ ਨੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਨਿੰਦਾ ਕੀਤੀ ਤੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਨੂੰ ਇਸ ਮਾਮਲੇ ’ਚ ਮਾਫੀ ਮੰਗਣੀ ਚਾਹੀਦੀ ਹੈ।