ਪਟਿਆਲਾ : ਰੇਲ ਤੇ ਫੂਡ ਪ੍ਰਾਸੈਸਿੰਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਪੇਸ਼ਕਸ਼ ਕਰਦਿਆਂ ਕਿਹਾ ਕਿ ਜਿੱਥੇ ਵੀ ਕਿਸਾਨ ਬੁਲਾਉਣਗੇ, ਉਹ ਨੰਗੇ ਪੈਰੀਂ ਜਾਣ ਲਈ ਤਿਆਰ ਹਨ। ਉਹ ਬੁੱਧਵਾਰ ਮੋਤੀ ਮਹਿਲ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਪਰਨੀਤ ਕੌਰ ਵੀ ਮੌਜੂਦ ਸਨ।
ਇਸ ਦੌਰਾਨ ਉਨ੍ਹਾ ਨਗਰ ਨਿਗਮ ਚੋਣਾਂ ਦੇ ਮਾਮਲੇ ਨੂੰ ਲੈ ਕੇ ਆਈ ਪੀ ਐੱਸ ਤੇ ਆਈ ਏ ਐੱਸ ਅਧਿਕਾਰੀਆਂ ਨੂੰ ਡਿਊਟੀ ਵਿਚ ਕੋਈ ਕੋਤਾਹੀ ਨਾ ਕਰਨ ਦੀ ਚਿਤਾਵਨੀ ਦਿੱਤੀ। ਉਨ੍ਹਾ ਕਿਹਾ ਕਿ ਉਹ (ਆਈ ਪੀ ਐੱਸ ਤੇ ਆਈ ਏ ਐੱਸ ਅਧਿਕਾਰੀ) ਕਿਉਂਕਿ ਕੇਂਦਰ ਸਰਕਾਰ ਦੇ ਅਧੀਨ ਹਨ, ਇਸ ਲਈ ਉਨ੍ਹਾਂ ਨੇ ਇਨ੍ਹਾਂ ਚੋਣਾਂ ਦੌਰਾਨ ਜੇ ਪੰਜਾਬ ਸਰਕਾਰ ਦੇ ਆਖੇ ਲੱਗ ਕੇ ਆਪਣੀ ਡਿਊਟੀ ’ਚ ਕੋਤਾਹੀ ਕੀਤੀ ਤਾਂ ਉਨ੍ਹਾਂ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ। ਉਨ੍ਹਾ ਦਾ ਕਹਿਣਾ ਸੀ ਕਿ ਵੱਖ-ਵੱਖ ਥਾਵਾਂ ’ਤੇ ਭਾਜਪਾ ਦੇ ਸੰਭਾਵੀ ਉਮੀਦਵਾਰਾਂ ਨੂੰ ਪੁਲਸ ਵੱਲੋਂ ਤੰਗ-ਪ੍ਰੇਸ਼ਾਨ ਕਰਨ ਦੀਆਂ ਸ਼ਿਕਾਇਤਾਂ ਆ ਰਹੀਆਂ ਹਨ। ਉਨ੍ਹਾ ਕਿਹਾ ਕਿ ਅਜਿਹੀ ਕਿਸੇ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।