ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਪਟਿਆਲਾ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐੱਮ ਵੀ ਆਈ) ਗੁਰਮੀਤ ਸਿੰਘ ਅਤੇ ਪਟਿਆਲਾ ਦੇ ਹੀ ਰਹਿਣ ਵਾਲੇ ਉਸ ਦੇ ਸਾਥੀ ਅਨਿਲ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਨੂੰ ਪਟਿਆਲਾ ਦੇ ਦਿਨੇਸ਼ ਕੁਮਾਰ, ਜੋ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਪਟਿਆਲਾ ਵਿਖੇ ਵਸੀਕਾ ਨਵੀਸ ਵਜੋਂ ਕੰਮ ਕਰਦਾ ਹੈ, ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗਿ੍ਰਫਤਾਰ ਕੀਤਾ ਗਿਆ ਹੈ। ਦਿਨੇਸ਼ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਸੀ ਕਿ ਗੁਰਮੀਤ ਸਿੰਘ ਆਪਣੇ ਨਿੱਜੀ ਏਜੰਟ ਅਨਿਲ ਰਾਹੀਂ ਵਾਹਨ ਦੀ ਫਿਟਨੈੱਸ ਲਈ ਮਨਜ਼ੂਰੀ ਸਰਟੀਫਿਕੇਟ ਦੇਣ ਅਤੇ ਉਸ ਦਾ ਡਰਾਈਵਿੰਗ ਲਾਇਸੈਂਸ ਟੈੱਸਟ ਪਾਸ ਕਰਨ ਬਦਲੇ ਉਸ ਤੋਂ ਰਿਸ਼ਵਤ ਮੰਗ ਰਿਹਾ ਹੈ। ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਗੁਰਮੀਤ ਸਿੰਘ ਅਤੇ ਅਨਿਲ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ’ਚ ਸ਼ਿਕਾਇਤਕਰਤਾ ਤੋਂ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿ੍ਰਫਤਾਰ ਕਰ ਲਿਆ ਗਿਆ ਅਤੇ ਉਨ੍ਹਾਂ ਤੋਂ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ ਗਈ। ਦੋਵਾਂ ਮੁਲਜ਼ਮਾਂ ਖਿਲਾਫ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ।




