ਨਵੀਂ ਦਿੱਲੀ : ਕੇਂਦਰੀ ਮੰਤਰੀ ਮੰਡਲ ਨੇ ਵੀਰਵਾਰ ‘ਇੱਕ ਰਾਸ਼ਟਰ, ਇੱਕ ਚੋਣ’ ਬਿੱਲ ਨੂੰ ਸੰਸਦ ਵਿੱਚ ਪੇਸ਼ ਕਰਨ ਦੀ ਮਨਜ਼ੂਰੀ ਦੇ ਦਿੱਤੀ, ਜਿਸ ਦੇ ਪਾਸ ਹੋਣ ’ਤੇ ਦੇਸ਼ ਭਰ ਵਿੱਚ ਇੱਕੋ ਵੇਲੇ ਚੋਣਾਂ ਲਈ ਰਾਹ ਪੱਧਰਾ ਹੋ ਜਾਵੇਗਾ। ਇਸ ਤੋਂ ਪਹਿਲਾਂ ਬੁੱਧਵਾਰ ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕਿਹਾ ਸੀ ਕਿ ਕੇਂਦਰ ਸਰਕਾਰ ਨੂੰ ‘ਇਕ ਰਾਸ਼ਟਰ, ਇਕ ਚੋਣ’ ਪਹਿਲਕਦਮੀ ’ਤੇ ਸਹਿਮਤੀ ਬਣਾਉਣੀ ਚਾਹੀਦੀ ਹੈ। ਇਸ ਬਾਰੇ ਸਿਫਾਰਸ਼ ਕਰਨ ਵਾਲੀ ਕਮੇਟੀ ਦੀ ਪ੍ਰਧਾਨਗੀ ਕਰਨ ਵਾਲੇ ਕੋਵਿੰਦ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾਕੇਂਦਰ ਸਰਕਾਰ ਨੂੰ ਸਹਿਮਤੀ ਬਣਾਉਣੀ ਪਵੇਗੀ। ਇਹ ਮੁੱਦਾ ਕਿਸੇ ਪਾਰਟੀ ਦੇ ਨਹੀਂ, ਸਗੋਂ ਦੇਸ਼ ਦੇ ਹਿੱਤ ’ਚ ਹੈ। ਇਸ ਸਾਲ ਸਤੰਬਰ ’ਚ ਕੇਂਦਰੀ ਮੰਤਰੀ ਮੰਡਲ ਨੇ ‘ਇਕ ਰਾਸ਼ਟਰ, ਇਕ ਚੋਣ’ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਸੀ, ਜਿਸ ਦਾ ਉਦੇਸ਼ 100 ਦਿਨਾਂ ਦੇ ਅੰਦਰ-ਅੰਦਰ ਸ਼ਹਿਰੀ ਬਾਡੀ ਅਤੇ ਪੰਚਾਇਤੀ ਚੋਣਾਂ ਦੇ ਨਾਲ-ਨਾਲ ਲੋਕ ਸਭਾ ਅਤੇ ਅਸੰਬਲੀ ਚੋਣਾਂ ਕਰਵਾਉਣਾ ਹੈ।


