ਨਵੀਂ ਦਿੱਲੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਥੇ ਕਿਹਾ ਕਿ ‘ਇੱਕ ਦੇਸ਼, ਇੱਕ ਚੋਣ’ ਤੋਂ ਪਹਿਲਾਂ ਕੇਂਦਰ ਸਰਕਾਰ ਨੂੰ ‘ਇੱਕ ਦੇਸ਼, ਇੱਕ ਸਿੱਖਿਆ ਅਤੇ ਇੱਕ ਦੇਸ਼ ਇੱਕ ਸਿਹਤ ਪ੍ਰਣਾਲੀ’ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।
ਸੰਸਦ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਮੋਦੀ ਸਰਕਾਰ ਦੇਸ਼ ਵਿੱਚ ‘ਇੱਕ ਦੇਸ਼, ਇੱਕ ਸਿੱਖਿਆ ਅਤੇ ਇੱਕ ਦੇਸ਼ ਇੱਕ ਇਲਾਜ ਪ੍ਰਣਾਲੀ’ ਲਾਗੂ ਕਰਨ ਦੀ ਬਜਾਏ ‘ਇੱਕ ਦੇਸ਼, ਇੱਕ ਚੋਣ’ ਦੇ ਅਮਲ ਨੂੰ ਲਾਗੂ ਕਰਨ ਲਈ ਤਤਪਰ ਹੈ। ਉਨ੍ਹਾ ਕਿਹਾ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਇਹ ਚਾਲ ਚੱਲ ਰਹੀ ਹੈ, ਕਿਉਕਿ ਜਿੱਥੇ ‘ਇੱਕ ਦੇਸ਼, ਇੱਕ ਸਿੱਖਿਆ ਅਤੇ ਇੱਕ ਦੇਸ਼, ਇੱਕ ਇਲਾਜ ਪ੍ਰਣਾਲੀ’ ਨੂੰ ਲਾਗੂ ਕਰਨ ਨਾਲ ਸਮੁੱਚੇ ਦੇਸ਼ ਦੀ ਜਨਤਾ ਨੂੰ ਲਾਭ ਹੋਵੇਗਾ, ਉਥੇ ‘ਇੱਕ ਦੇਸ਼, ਇੱਕ ਚੋਣ’ ਦੇ ਅਮਲ ਨੂੰ ਲਾਗੂ ਕਰਨ ਨਾਲ ਭਗਵਾਂ ਪਾਰਟੀ ਦੇ ਸਿਆਸੀ ਮਨਸੂਬੇ ਪੂਰੇ ਹੋਣਗੇ। ਮਾਨ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਮੋਦੀ ਸਰਕਾਰ ਲੋਕ ਭਲਾਈ ਦੀ ਬਜਾਏ ਆਪਣੀ ਭਲਾਈ ਨੂੰ ਯਕੀਨੀ ਬਣਾਉਣ ਲਈ ਕਾਹਲੀ ਹੈ।
ਉਨ੍ਹਾ ਕਿਹਾ ਕਿ ਇਹ ਇੱਕ ਤਾਨਾਸ਼ਾਹੀ ਰਵੱਈਆ ਹੈ, ਜੋ ਖੇਤਰੀ ਪਾਰਟੀਆਂ ਅਤੇ ਰਾਜਾਂ ਦੇ ਹਿੱਤ ਵਿੱਚ ਨਹੀਂ ਹੈ।