ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਮਰਨ ਵਰਤ ਉਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦੀ ਨਿੱਘਰਦੀ ਹਾਲਤ ਉਤੇ ਸ਼ੁੱਕਰਵਾਰ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਅਤੇ ਕੇਂਦਰ ਸਰਕਾਰਾਂ ਨੂੰ ਹੁਕਮ ਦਿੱਤਾ ਕਿ ਉਨ੍ਹਾ ਨੂੰ ਫੌਰੀ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾਵੇ ਅਤੇ ਦੋਵਾਂ ਸਰਕਾਰਾਂ ਦੇ ਨੁਮਾਇੰਦਿਆਂ ਵੱਲੋਂ ਉਨ੍ਹਾਂ ਨਾਲ ਮੁਲਾਕਾਤ ਵੀ ਕੀਤੀ ਜਾਵੇ, ਪਰ ਉਨ੍ਹਾ ਦਾ ਸੰਘਰਸ਼ ਤੋੜਨ ਲਈ ਤਾਕਤ ਦੀ ਵਰਤੋਂ ਨਾ ਕੀਤੀ ਜਾਵੇ।
ਸੁਪਰੀਮ ਕੋਰਟ ਨੇ ਕੇਂਦਰ ਤੇ ਸੂਬਾ ਸਰਕਾਰ ਨੂੰ ਕਿਹਾ ਕਿ ਕਿਸਾਨ ਆਗੂ ਨੂੰ ਆਪਣਾ ਮਰਨ ਵਰਤ ਤੋੜਨ ਲਈ ਮਨਾਇਆ ਜਾਵੇ। ਜਸਟਿਸ ਸੂਰੀਆ ਕਾਂਤ ਅਤੇ ਜਸਟਿਸ ਉੱਜਲ ਭੂਈਆਂ ਦੀ ਬੈਂਚ ਨੇ ਸੋਲੀਸਿਟਰ ਜਨਰਲ ਤੁਸ਼ਾਰ ਮਹਿਤਾ ਅਤੇ ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਡੱਲੇਵਾਲ ਦੇ ਪ੍ਰੋਟੈੱਸਟ ਨੂੰ ਤੋੜਨ ਲਈ ਕਿਸੇ ਵੀ ਤਰ੍ਹਾਂ ਦੀ ਤਾਕਤ ਦੀ ਵਰਤੋਂ ਨਹੀਂ ਕੀਤੀ ਜਾਣੀ ਚਾਹੀਦੀ। ਜਦੋਂ ਤੱਕ ਉਨ੍ਹਾ ਦੀ ਜਾਨ ਬਚਾਉਣ ਲਈ ਅਜਿਹਾ ਜ਼ਰੂਰੀ ਨਾ ਹੋਵੇ। ਅਦਾਲਤ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ਦੇ ਪ੍ਰਤੀਨਿਧੀਆਂ ਨੂੰ ਇਸ ਸੰਬੰਧ ਵਿਚ ਫੌਰੀ ਡੱਲੇਵਾਲ ਨੂੰ ਮਿਲਣ ਲਈ ਕਿਹਾ ਹੈ।
ਬੈਂਚ ਨੇ ਮਹਿਤਾ ਤੇ ਗੁਰਮਿੰਦਰ ਸਿੰਘ ਨੂੰ ਕਿਹਾਤੁਸੀਂ ਦੋਵੇਂ ਇਸ ਮੁੱਦੇ ਨੂੰ ਤੁਰੰਤ ਦੇਖੋ ਅਤੇ ਯਕੀਨੀ ਬਣਾਓ ਕਿ ਇਸ ਦਾ ਹੱਲ ਹੋ ਜਾਵੇ। ਜੇ ਲੋੜ ਪਈ ਤਾਂ ਡੱਲੇਵਾਲ ਨੂੰ ਤੁਰੰਤ ਡਾਕਟਰੀ ਮਦਦ ਲਈ ਪੀ ਜੀ ਆਈ ਚੰਡੀਗੜ੍ਹ ਜਾਂ ਪਟਿਆਲਾ ਦੇ ਹਸਪਤਾਲ ’ਚ ਲਿਜਾਇਆ ਜਾ ਸਕਦਾ ਹੈ।
ਬੈਂਚ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਵੀ ਵਿਰੋਧ ਦਾ ਗਾਂਧੀਵਾਦੀ ਤਰੀਕਾ ਅਪਣਾਉਣ ਦੀ ਸਲਾਹ ਦਿੱਤੀ ਅਤੇ ਅੰਦੋਲਨ ਨੂੰ ਆਰਜ਼ੀ ਤੌਰ ’ਤੇ ਮੁਅੱਤਲ ਕਰਨ ਜਾਂ ਹਾਈਵੇਅ ਤੋਂ ਲਾਂਭੇ ਲਿਜਾਣ ਲਈ ਕਿਹਾ। ਬੈਂਚ ਨੇ ਉਸ ਵੱਲੋਂ ਕਾਇਮ ਕੀਤੇ ਗਏ ਉੱਚ-ਤਾਕਤੀ ਪੈਨਲ ਨੂੰ ਵੀ ਕਿਸਾਨਾਂ ਨੂੰ ਮਿਲਣ ਦੀ ਹਦਾਇਤ ਦਿੱਤੀ ਹੈ।