16.8 C
Jalandhar
Sunday, December 22, 2024
spot_img

ਅੰਨਦਾਤਿਆਂ ’ਤੇ ਮਿਰਚਾਂ ਦਾ ਸਪਰੇਅ, ਇੱਕ ਕਿਸਾਨ ਨੂੰ ਰਬੜ ਦੀ ਗੋਲੀ ਲੱਗੀ

ਅੰਬਾਲਾ : ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਜਾਣ ਲਈ ਕਿਸਾਨਾਂ ਨੇ ਸ਼ਨੀਵਾਰ ਫਿਰ ਕੋਸ਼ਿਸ਼ ਕੀਤੀ, ਪਰ ਹਰਿਆਣਾ ਪੁਲਸ ਨੇ ਅੱਥਰੂ ਗੈਸ ਦੇ ਗੋਲੇ ਦਾਗ ਕੇ, ਮਿਰਚਾਂ ਦਾ ਸਪਰੇਅ ਕਰਕੇ ਤੇ ਪਾਣੀ ਦੀਆਂ ਬੁਛਾੜਾਂ ਮਾਰ ਕੇ ਨਾਕਾਮ ਕਰ ਦਿੱਤੀ। ਇਸ ਦੌਰਾਨ 15 ਕਿਸਾਨ ਜ਼ਖਮੀ ਹੋ ਗਏ। ਇਕ ਕਿਸਾਨ ਦੇ ਰਬੜ ਦੀ ਗੋਲੀ ਵੀ ਵੱਜੀ। ਕਿਸਾਨ ਯੂਨੀਅਨ ਦੇ ਬੁਲਾਰੇ ਤੇਜਵੀਰ ਸਿੰਘ ਪੰਜੋਖਰਾ ਨੇ ਅੰਬਾਲਾ ਪੁਲਸ ਵੱਲੋਂ ਇੱਕ ਕਿਸਾਨ ਦੇ ਸਿੱਧੀ ਗੋਲੀ ਮਾਰਨ ਦਾ ਦੋਸ਼ ਲਾਇਆ। ਕਿਸਾਨਾਂ ਦੇ ਜ਼ਖਮੀ ਹੋਣ ਤੋਂ ਬਾਅਦ ਕਿਸਾਨ ਸੰਘਰਸ਼ ਦੀ ਅਗਵਾਈ ਕਰ ਰਹੀ ਲੀਡਰਸ਼ਿਪ ਨੇ ਦਿੱਲੀ ਕੂਚ ਕਰਨ ਵਾਲੇ 101 ਕਿਸਾਨਾਂ ਦੇ ਤੀਜੇ ਜਥੇ ਨੂੰ ਵਾਪਸ ਬੁਲਾ ਲਿਆ। ਜਥੇ ਦੀ ਅਗਵਾਈ ਜਸਵਿੰਦਰ ਸਿੰਘ ਲੌਂਗੋਵਾਲ ਅਤੇ ਮਲਕੀਤ ਸਿੰਘ ਗੁਲਾਮੀਵਾਲਾ ਕਰ ਰਹੇ ਸਨ।
ਇਸ ਤੋਂ ਪਹਿਲਾਂ ‘ਦਿੱਲੀ ਚੱਲੋ’ ਮਾਰਚ ਦੌਰਾਨ ਇੱਕ ਕਿਸਾਨ ਆਗੂ ਨੇ ਬੈਰੀਕੇਡਾਂ ਕੋਲ ਪੁਲਸ ਨਾਲ ਗੱਲ ਕਰਦਿਆਂ ਕਿਹਾਐੱਸ ਪੀ ਸਾਹਿਬ, ਅਸੀਂ ਸ਼ਾਂਤੀਪੂਰਵਕ ਦਿੱਲੀ ਵੱਲ ਮਾਰਚ ਕਰਨਾ ਚਾਹੁੰਦੇ ਹਾਂ, ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ ਕਿ ਸਾਨੂੰ ਨਾ ਰੋਕੋ, ਕਿਰਪਾ ਕਰਕੇ ਸਾਨੂੰ ਸੜਕ ’ਤੇ ਲਾਂਘਾ ਦਿਓ, ਸਾਨੂੰ ਅੱਗੇ ਵਧਣ ਦਿੱਤਾ ਜਾਵੇ। ਸਾਡੀ ਆਵਾਜ਼ ਨੂੰ ਇਨ੍ਹਾਂ ਲੋਹੇ ਅਤੇ ਪੱਥਰ ਦੀਆਂ ਰੁਕਾਵਟਾਂ ਨਾਲ ਦਬਾਇਆ ਨਹੀਂ ਜਾਣਾ ਚਾਹੀਦਾ। ਦੇਸ਼ ਵਿੱਚ 50 ਫੀਸਦੀ ਲੋਕ ਖੇਤੀ ਨਾਲ ਜੁੜੇ ਹੋਏ ਹਨ, ਉਨ੍ਹਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ।
ਕਿਸਾਨਾਂ ਦੇ ਨਾ ਰੁਕਣ ’ਤੇ ਹਰਿਆਣਾ ਪੁਲਸ ਨੇ ਪਾਣੀ ਦੀਆਂ ਬੁਛਾੜਾਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ। ਐੱਸ ਪੀ ਅੰਬਾਲਾ ਸੁਰਿੰਦਰ ਸਿੰਘ ਭੋਰੀਆ ਨੇ ਕਿਸਾਨ ਆਗੂ ਦੇ ਤਰਕਾਂ ਨੂੰ ਦਰਕਿਨਾਰ ਕਰਦਿਆਂ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਅਤੇ 24 ਜੁਲਾਈ ਦੇ ਬਾਰਡਰ ’ਤੇ ਸਥਿਤੀ ਜਿਉਂ ਦੀ ਤਿਉਂ ਕਾਇਮ ਰੱਖਣ ਦੇ ਹੁਕਮ ਦਾ ਹਵਾਲਾ ਦਿੱਤਾ। ਉਨ੍ਹਾ ਕਿਹਾ ਕਿ ਹਾਈ ਪਾਵਰ ਕਮੇਟੀ ਦੀ ਮੀਟਿੰਗ 3-4 ਦਿਨਾਂ ਵਿੱਚ ਹੋਵੇਗੀ। ਅਗਲੀ ਸੁਣਵਾਈ 18 ਤਰੀਕ ਰੱਖੀ ਗਈ ਹੈ। ਉਨ੍ਹਾ ਕਿਸਾਨਾਂ ਨੂੰ ਸ਼ਾਂਤਮਈ ਢੰਗ ਨਾਲ ਬੈਠਣ ਦੀ ਅਪੀਲ ਕਰਦਿਆਂ ਕਿਹਾ ਕਿ ਜਦੋਂ ਉਨ੍ਹਾਂ ਨੂੰ ਦਿੱਲੀ ਜਾਣ ਦੀ ਮਨਜ਼ੂਰੀ ਮਿਲੇਗੀ, ਉਹ ਆਪ ਦਿੱਲੀ ਛੱਡ ਕੇ ਆਉਣਗੇ।
ਗੌਰਤਲਬ ਹੈ ਕਿ ਹਰਿਆਣਾ ਅਤੇ ਪੰਜਾਬ ਦੀਆਂ ਸ਼ੰਭੂ ਅਤੇ ਢਾਬੀ ਗੁਜਰਾਂ ਸਰਹੱਦਾਂ ਉਤੇ ਕਿਸਾਨ ਫਰਵਰੀ ਤੋਂ ਰੋਸ ਜਤਾ ਰਹੇ ਹਨ। ਕਿਸਾਨ ਆਗੂਆਂ ਨੇ ਸ਼ਾਂਤਮਈ ਢੰਗ ਨਾਲ ਅਤੇ ਬਿਨਾਂ ਟਰੈਕਟਰਾਂ-ਟਰਾਲੀਆਂ ਤੋਂ ਪੈਦਲ ਦਿੱਲੀ ਕੂਚ ਕਰਨ ਦਾ ਫੈਸਲਾ ਕੀਤਾ ਸੀ। ਇਸ ਤਹਿਤ ਪਹਿਲਾਂ 6 ਦਸੰਬਰ ਨੂੰ 101 ਕਿਸਾਨ ਗਏ ਸਨ, ਪਰ ਹਰਿਆਣਾ ਪੁਲਸ ਨੇ ਜਥੇ ਨੂੰ ਸ਼ੰਭੂ ਬਾਰਡਰ ਨਾ ਟੱਪਣ ਦਿੱਤਾ ਅਤੇ ਸਖਤੀ ਨਾਲ ਰੋਕ ਦਿੱਤਾ। ਇਸ ਤੋਂ ਬਾਅਦ 8 ਦਸੰਬਰ ਨੂੰ ਫਿਰ 101 ਕਿਸਾਨਾਂ ਦੇ ਜਥੇ ਨੇ ਦਿੱਲੀ ਕੂਚ ਦੀ ਕੋਸ਼ਿਸ਼ ਕੀਤੀ, ਪਰ ਇਸ ਕੋਸ਼ਿਸ਼ ਨੂੰ ਵੀ ਹਰਿਆਣਾ ਪੁਲਸ ਨੇ ਸਖਤੀ ਨਾਲ ਨਾਕਾਮ ਕਰ ਦਿੱਤਾ।

Related Articles

Latest Articles