ਅੰਬਾਲਾ : ਸ਼ੰਭੂ ਬਾਰਡਰ ਅਤੇ ਢਾਬੀ ਗੁਜਰਾਂ/ਖਨੌਰੀ ਬਾਰਡਰ ਉਤੇ ਚੱਲ ਰਹੇ ਕਿਸਾਨ ਅੰਦੋਲਨ ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੀ ਹਮਾਇਤ ਵਿਚ ਸੋਮਵਾਰ ਕਿਸਾਨਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਗ੍ਰਹਿ ਜ਼ਿਲ੍ਹੇ ਅੰਬਾਲਾ ਸ਼ਹਿਰ ਦੀ ਅਨਾਜ ਮੰਡੀ ’ਚ ਇਕੱਠੇ ਹੋ ਕੇ ਟਰੈਕਟਰ ਮਾਰਚ ਕੱਢਿਆ। ਇਸ ਤੋਂ ਪਹਿਲਾਂ ਉਨ੍ਹਾਂ ਭਾਜਪਾ ਦੇ ਰਾਜ ਸਭਾ ਮੈਂਬਰ ਰਾਮ ਚੰਦਰ ਜਾਂਗੜਾ ਅਤੇ ਮੁੱਖ ਮੰਤਰੀ ਸੈਣੀ ਦਾ ਪੁਤਲਾ ਵੀ ਫੂਕਿਆ। ਅੰਦੋਲਨਕਾਰੀ ਜਥੇਬੰਦੀਆਂ ਨੇ ਪੰਜਾਬ ਨੂੰ ਛੱਡ ਕੇ ਬਾਕੀ ਸਾਰੇ ਦੇਸ਼ ਵਿਚ ਜ਼ਿਲ੍ਹਾ ਤੇ ਤਹਿਸੀਲ ਸਦਰ ਮੁਕਾਮਾਂ ਉਤੇ ਟਰੈਕਟਰ ਮਾਰਚ ਕੱਢਣ ਤੇ ਵਿਰੋਧ ਮੁਜ਼ਾਹਰੇ ਕਰਨ ਦਾ ਸੱਦਾ ਦਿੱਤਾ ਸੀ। ਹਰਿਆਣਾ ’ਚ ਹੋਰ ਵੀ ਕਈ ਥਾਈਂ ਟਰੈਕਟਰ ਮਾਰਚ ਕੱਢੇ ਜਾਣ ਦੀਆਂ ਰਿਪੋਰਟਾਂ ਮਿਲੀਆਂ ਹਨ।