ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ’ਚ ਸਮਾਗਮਾਂ ਨੂੰ ਪ੍ਰਵਾਨਗੀ
ਚੰਡੀਗੜ੍ਹ (ਗੁਰਜੀਤ ਬਿੱਲਾ)
ਪੰਜਾਬ ਸਰਕਾਰ ਸੂਬੇ ਵਿੱਚ ਪਹਿਲਾ ਬੁਟੀਕ ਹੋਟਲ ਲੋਕ ਅਰਪਿਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਲੋਹੜੀ ਦੇ ਤਿਉਹਾਰ ਤੋਂ ਬਾਅਦ ਪਟਿਆਲਾ ਦੇ ਕਿਲ੍ਹਾ ਮੁਬਾਰਕ ਵਿਖੇ ਬਣਾਇਆ ਗਿਆ ਆਪਣੀ ਕਿਸਮ ਦਾ ਪਹਿਲਾ ਹੋਟਲ ਲੋਕਾਂ ਨੂੰ ਸਮਰਪਿਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇੱਥੇ ਸੈਰ-ਸਪਾਟਾ ਤੇ ਸੱਭਿਆਚਾਰਕ ਪ੍ਰੋਮੋਸ਼ਨ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਹੋਟਲ ਸੁਹਜ-ਸੁੰਦਰਤਾ ਨਾਲ ਡਿਜ਼ਾਈਨ ਕੀਤਾ ਗਿਆ ਹੈ ਅਤੇ ਇਹ ਆਪਣੇ ਆਰਾਮ, ਮਹਿਮਾਨ-ਨਿਵਾਜ਼ੀ ਅਤੇ ਸੁੰਦਰਤਾ ਨਾਲ ਨਵਾਂ ਮਾਪਦੰਡ ਸਥਾਪਤ ਕਰੇਗਾ।ਉਨ੍ਹਾ ਕਿਹਾ ਕਿ ਇਹ ਡੈਸਟੀਨੇਸ਼ਨ ਵੈਡਿੰਗ ਅਤੇ ਹੋਰ ਪ੍ਰੋਗਰਾਮਾਂ ਲਈ ਇੱਕ ਪਸੰਦੀਦਾ ਸਥਾਨ ਬਣੇਗਾ।ਇਸ ਮੌਕੇ ਇੱਕ ਹੋਰ ਏਜੰਡੇ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨੌਵੇਂ ਗੁਰੂ ਸਾਹਿਬ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ। ਉਨ੍ਹਾ ਕਿਹਾ ਕਿ ਇਸ ਸੰਬੰਧੀ ਸੂਬੇ ਭਰ ਵਿੱਚ ਸਮਾਗਮਾਂ ਦੀ ਲੜੀ ਕਰਵਾਈ ਜਾਵੇਗੀ ਅਤੇ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਸਥਾਨਾਂ ਦਾ ਵਿਆਪਕ ਵਿਕਾਸ ਯਕੀਨੀ ਬਣਾਇਆ ਜਾਵੇਗਾ।