ਹਮਾਇਤੀਆਂ ਨੇ ਧਾਮੀ ਨੂੰ ਸੱਚ ਨਾਲ ਖੜ੍ਹਨ ਵਾਲਾ ਦੱਸਿਆ
ਅੰਮਿ੍ਰਤਸਰ (ਜਸਬੀਰ ਸਿੰਘ ਪੱਟੀ/ ਕੰਵਲਜੀਤ ਸਿੰਘ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਪਿਛਲੇ ਦਿਨੀਂ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਸੰਬੰਧੀ ਅੱਪ-ਸ਼ਬਦ ਬੋਲੇ ਜਾਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਤ ਬੀਬੀਆਂ ਦਾ ਵਫ਼ਦ ਮੰਗਲਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸ਼ਿਕਾਇਤ ਪੱਤਰ ਦੇਣ ਲਈ ਪੁੱਜਾ, ਜਿਸ ਵਿੱਚ ਮੰਗ ਕੀਤੀ ਗਈ ਕਿ ਧਾਮੀ ਨੇ ਇੱਕ ਔਰਤ ਬੀਬੀ ਜਗੀਰ ਕੌਰ ਦੀ ਤੌਹੀਨ ਹੀ ਨਹੀਂ ਕੀਤੀ, ਸਗੋਂ ਸਮੁੱਚੀ ਔਰਤ ਜਾਤੀ ਦਾ ਅਪਮਾਨ ਕੀਤਾ ਹੈ।
ਇਸ ਮੌਕੇ ਬੀਬੀ ਪਰਮਜੀਤ ਕੌਰ ਲਾਂਡਰਾਂ, ਬੀਬੀ ਪਰਮਜੀਤ ਕੌਰ ਗੁਲਸ਼ਨ ਅਤੇ ਬੀਬੀ ਕਿਰਨਜੋਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਐਡਵੋਕੇਟ ਧਾਮੀ ਨੂੰ ਆਪਣੀ ਗਲਤੀ ਲਈ ਇਖਲਾਕੀ ਜ਼ਿੰਮੇਵਾਰੀ ਸਮਝਦੇ ਹੋਏ ਖੁਦ ਹੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਉਹ ਜਥੇਦਾਰ ਤੋਂ ਮੰਗ ਕਰਦੇ ਹਨ ਕਿ ਐਡਵੋਕੇਟ ਧਾਮੀ ਵਿਰੁੱਧ ਪੰਥਕ ਪਰੰਪਰਾਵਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਕਿ ਸਿੱਖ ਪੰਥ ਸੰਤੁਸ਼ਟ ਹੋ ਸਕੇ। ਉਹਨਾਂ ਕਿਹਾ ਕਿ ਜੇਕਰ ਧਾਮੀ ਅਸਤੀਫਾ ਦੇ ਕੇ ਲਾਂਭੇ ਨਹੀ ਹੁੰਦੇ ਤਾਂ ਸਿੱਖ ਸੰਗਤਾਂ ਉਹਨਾਂ ਨੂੰ ਕਿਸੇ ਵੀ ਸਟੇਜ ਤੋਂ ਸੰਬੋਧਨ ਨਹੀ ਕਰਨ ਦੇਣਗੀਆਂ।
ਉਹਨਾਂ ਕਿਹਾ ਕਿ ਜਥੇਦਾਰ ਸਾਹਿਬ ਤੋਂ ਉਹਨਾਂ ਨੂੰ ਪੂਰੀ ਉਮੀਦ ਹੈ ਕਿ ਉਹ ਧਾਮੀ ਨੂੰ ਤੁਰੰਤ ਅਸਤੀਫਾ ਦੇ ਕੇ ਅਕਾਲ ਤਖਤ ’ਤੇ ਪੇਸ਼ ਹੋਣ ਦਾ ਆਦੇਸ਼ ਜਾਰੀ ਕਰਨਗੇ। ਇਸ ਸਮੇਂ ਉਹਨਾਂ ਨਾਲ ਵੱਡੀ ਗਿਣਤੀ ਵਿੱਚ ਔਰਤਾਂ ਹਾਜ਼ਰ ਸਨ।
ਦੂਸਰੇ ਪਾਸੇ ਰਾਜਿੰਦਰ ਸਿੰਘ ਮਹਿਤਾ, ਭਗਵੰਤ ਸਿੰਘ ਸਿਆਲਕਾ ਤੇ ਸੁਰਜੀਤ ਸਿੰਘ ਭਿੱਟੇਵੱਢ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਖਿਲਾਫ਼ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਕਰੜਾ ਨੋਟਿਸ ਲੈਂਦਿਆਂ ਕਿਹਾ ਕਿ ਐਡਵੋਕੇਟ ਧਾਮੀ ਹਮੇਸ਼ਾ ਸੱਚ ਨਾਲ ਖੜ੍ਹਨ ਵਾਲੀ ਸ਼ਖ਼ਸੀਅਤ ਹਨ, ਜਿਨ੍ਹਾ ਤਾਜ਼ਾ ਉਠੇ ਮਾਮਲੇ ਵਿਚ ਆਪਣਾ ਨੈਤਿਕ ਫ਼ਰਜ਼ ਸਮਝਦਿਆਂ ਖੁੱਲ੍ਹੇ ਮਨ ਨਾਲ ਮੁਆਫ਼ੀ ਮੰਗੀ ਲਈ ਹੈ। ਇਕ ਪੱਤਰਕਾਰ ਨਾਲ ਫੋਨ ’ਤੇ ਹੋਈ ਗੱਲਬਾਤ ਦੌਰਾਨ ਐਡਵੋਕੇਟ ਧਾਮੀ ਵੱਲੋਂ ਅੱਪ-ਸ਼ਬਦ ਬੋਲਣ ਦੇ ਮਾਮਲੇ ਵਿਚ ਉਨ੍ਹਾ ਕਿਸੇ ਤਰ੍ਹਾਂ ਦਾ ਲੁਕਾਅ ਨਹੀਂ ਰੱਖਿਆ ਅਤੇ ਆਪਣੇ ਸੁਭਾਅ ਅਨੁਸਾਰ ਸੱਚ ’ਤੇ ਖੜ੍ਹਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਪੱਤਰ ਲਿਖ ਕੇ ਹੋਈ ਗ਼ਲਤੀ ਦਾ ਅਹਿਸਾਸ ਕੀਤਾ ਹੈ। ਇਹ ਉਨ੍ਹਾ ਦਾ ਵਡੱਪਣ ਹੀ ਕਿਹਾ ਜਾ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਮਹਿਲਾ ਕਮਿਸ਼ਨ ਪੰਜਾਬ ਨੂੰ ਮਿਲ ਕੇ ਵੀ ਮੁਆਫ਼ੀ ਸੰਬੰਧੀ ਪੱਤਰ ਸੌਂਪਿਆ ਹੈ।
ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਕੁਝ ਲੋਕ ਸਿਆਸੀ ਭਾਵਨਾ ਤਹਿਤ ਪ੍ਰਧਾਨ ਐਡਵੋਕੇਟ ਧਾਮੀ ਦੇ ਅਕਸ ਨੂੰ ਖ਼ਰਾਬ ਕਰ ਰਹੇ ਹਨ, ਜਿਸ ਨੂੰ ਕਿਸੇ ਵੀ ਤਰ੍ਹਾਂ ਠੀਕ ਨਹੀਂ ਕਿਹਾ ਜਾ ਸਕਦਾ। ਇਸ ਮਾਮਲੇ ’ਤੇ ਹੁਣ ਸਿਆਸੀ ਬਿਆਨਬਾਜ਼ੀ ਕਰਨੀ ਠੀਕ ਨਹੀਂ। ਉਹਨਾਂ ਇਸ ਗੱਲ ’ਤੇ ਵੀ ਚਿੰਤਾ ਪ੍ਰਗਟਾਈ ਕਿ ਨਿੱਜਤਾ ਦੀਆਂ ਹੱਦਾਂ ਪਾਰ ਕਰਕੇ ਬਿਨਾਂ ਦੱਸੇ ਕਿਸੇ ਦੀ ਰਿਕਾਰਡਿੰਗ ਕਰਨੀ ਸਮਾਜ ਲਈ ਇਕ ਖਤਰਨਾਕ ਰੁਝਾਨ ਹੈ। ਅਜਿਹਾ ਕਰਨ ਵਾਲਿਆਂ ’ਤੇ ਵੀ ਕਾਰਵਾਈ ਹੋਣੀ ਚਾਹੀਦੀ ਹੈ।