11.3 C
Jalandhar
Sunday, December 22, 2024
spot_img

ਕਿਸਾਨਾਂ ਲਈ ਸਾਡੇ ਦਰ ਹਮੇਸ਼ਾ ਖੁੱਲ੍ਹੇ : ਸੁਪਰੀਮ ਕੋਰਟ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਬੁੱਧਵਾਰ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਤੇ ਸੁਝਾਵਾਂ ਲਈ ਕੋਰਟ ਦੇ ਦਰ ਹਮੇਸ਼ਾ ਖੁੱਲ੍ਹੇ ਹਨ। ਜਸਟਿਸ ਸੂਰੀਆ ਕਾਂਤ ਤੇ ਜਸਟਿਸ ਉੱਜਲ ਭੂਈਆਂ ਦੀ ਬੈਂਚ ਨੇ ਕਿਹਾ ਕਿ ਕਿਸਾਨ ਸਿੱਧੇ ਜਾਂ ਫਿਰ ਆਪਣੇ ਅਧਿਕਾਰਤ ਨੁਮਾਇੰਦਿਆਂ ਰਾਹੀਂ ਸਾਡੇ ਤੱਕ ਪਹੁੰਚ ਕਰ ਸਕਦੇ ਹਨ। ਸੁਪਰੀਮ ਕੋਰਟ ਨੇ ਮਰਨ ਵਰਤ ’ਤੇ ਚੱਲ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਦਾ ਵੀ ਨੋਟਿਸ ਲਿਆ ਤੇ ਪੰਜਾਬ ਸਰਕਾਰ ਨੂੰ ਹਦਾਇਤ ਕੀਤੀ ਕਿ ਉਹ ਬਿਨਾਂ ਦੇਰੀ ਦੇ ਕਿਸਾਨ ਆਗੂ ਨੂੰ ਮੈਡੀਕਲ ਸਹਾਇਤਾ ਮੁਹੱਈਆ ਕਰੇ।
ਕਾਬਿਲੇਗੌਰ ਹੈ ਕਿ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਸੀ ਕਿ ਉਨ੍ਹਾਂ ਡੱਲੇਵਾਲ ਤੇ ਹੋਰਨਾਂ ਕਿਸਾਨ ਆਗੂਆਂ ਨਾਲ ਬੈਠਕਾਂ ਕੀਤੀਆਂ ਹਨ, ਪਰ ਉਨ੍ਹਾਂ ਸੁਪਰੀਮ ਕੋਰਟ ਵੱਲੋਂ ਕਾਇਮ ਕੀਤੀ ਉੱਚ-ਤਾਕਤੀ ਕਮੇਟੀ ਨਾਲ ਗੱਲਬਾਤ ਤੋਂ ਨਾਂਹ ਕਰ ਦਿੱਤੀ ਹੈ।
ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਬੈਂਚ ਨੂੰ ਦੱਸਿਆ ਕਿ ਕਮੇਟੀ ਨੇ ਕਿਸਾਨਾਂ ਨੂੰ 17 ਦਸੰਬਰ ਨੂੰ ਗੱਲਬਾਤ ਦਾ ਸੱਦਾ ਦਿੱਤਾ ਸੀ, ਪਰ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕੋਈ ਬੈਠਕ ਨਹੀਂ ਕੀਤੀ। ਸੂਬਾ ਸਰਕਾਰ ਨਿਯਮਤ ਅਧਾਰ ਉੱਤੇ ਕਿਸਾਨਾਂ ਨੂੰ ਗੱਲਬਾਤ ਵਾਸਤੇ ਮਨਾ ਰਹੀ ਹੈ। ਉਨ੍ਹਾ ਕਿਹਾ ਕਿ ਕਿਸਾਨਾਂ ਨੂੰ ਇਹ ਸੁਝਾਅ ਵੀ ਦਿੱਤਾ ਗਿਆ ਕਿ ਉਹ ਆਪਣੀਆਂ ਮੰਗਾਂ ਕੋਰਟ ਕੋਲ ਸਿੱਧੇ ਵੀ ਜਮ੍ਹਾਂ ਕਰਵਾ ਸਕਦੇ ਹਨ। ਸੁਪਰੀਮ ਕੋਰਟ ਨੇ ਕਿਹਾਅਸੀਂ ਸਾਫ ਕਰ ਦੇਣਾ ਚਾਹੁੰਦੇ ਹਾਂ ਕਿ ਕਿਸਾਨਾਂ ਦੀਆਂ ਮੰਗਾਂ ਜਾਂ ਕਿਸੇ ਵੀ ਸੁਝਾਅ ਲਈ ਕੋਰਟ ਦੇ ਦਰ ਹਮੇਸ਼ਾ ਖੁੱਲ੍ਹੇ ਹਨ। ਕਿਸਾਨ ਸਿੱਧੇ ਜਾਂ ਆਪਣੇ ਅਧਿਕਾਰਤ ਨੁਮਾਇੰਦੇ ਰਾਹੀਂ ਸਾਡੇ ਨਾਲ ਰਾਬਤਾ ਕਰ ਸਕਦੇ ਹਨ।

Related Articles

Latest Articles