ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸ਼ੁੱਕਰਵਾਰ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੱਡੀ ਰਾਹਤ ਦਿੰਦਿਆਂ ਟੈਂਡਰ ਘੁਟਾਲਾ ਕੇਸ ਵਿੱਚ ਜ਼ਮਾਨਤ ਦੇ ਦਿੱਤੀ ਤੇ ਉਸ ਦੇ ਖਿਲਾਫ ਦਰਜ ਸਾਰੀਆਂ ਐੱਫ ਆਈ ਆਰਜ਼ ਵੀ ਰੱਦ ਕਰ ਦਿੱਤੀਆਂ। ਆਸ਼ੂ ਨੂੰ ਈ ਡੀ ਨੇ 1 ਅਗਸਤ ਨੂੰ ਗਿ੍ਰਫਤਾਰ ਕੀਤਾ ਸੀ, ਜਦੋਂ ਉਹ ਪੁੱਛਗਿੱਛ ਲਈ ਜਲੰਧਰ ਸਥਿਤ ਈ ਡੀ ਦਫਤਰ ਗਏ ਸਨ। ਉਦੋਂ ਤੋਂ ਉਹ ਜੇਲ੍ਹ ਵਿੱਚ ਹਨ। ਈ ਡੀ ਨੇ ਜਾਂਚ ਦੌਰਾਨ ਸੂਬੇ ਵਿੱਚ ਵੱਖ-ਵੱਖ ਥਾਵਾਂ ’ਤੇ ਕਈ ਲੋਕਾਂ ਦੀਆਂ 22.78 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਸਨ। 2022 ’ਚ ਕੁਝ ਟਰਾਂਸਪੋਰਟ ਮਾਲਕਾਂ ਅਤੇ ਠੇਕੇਦਾਰਾਂ ਨੇ ਆਸ਼ੂ ’ਤੇ ਅਨਾਜ ਟਰਾਂਸਪੋਰਟ ਟੈਂਡਰ ਘੁਟਾਲੇ ’ਚ ਕੁਝ ਚੁਣੇ ਹੋਏ ਠੇਕੇਦਾਰਾਂ ਨੂੰ ਲਾਭ ਦੇਣ ਅਤੇ ਕਰੋੜਾਂ ਰੁਪਏ ਦੀ ਧੋਖਾਧੜੀ ਕਰਨ ਦਾ ਦੋਸ਼ ਲਾਉਦਿਆਂ ਵਿਜੀਲੈਂਸ ਨੂੰ ਸ਼ਿਕਾਇਤ ਕੀਤੀ ਸੀ।



