ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੱਕਰਵਾਰ ਖਨੌਰੀ ਬਾਰਡਰ ਦਾ ਦੌਰਾ ਕਰਕੇ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਭੁੱਖ ਹੜਤਾਲ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ। ਚੀਮਾ ਨੇ ਡੱਲੇਵਾਲ ਦੀ ਕਿਸਾਨਾਂ ਦੇ ਹਿੱਤਾਂ ਪ੍ਰਤੀ ਅਟੁੱਟ ਵਚਨਬੱਧਤਾ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਚੱਲ ਰਹੇ ਸੰਘਰਸ਼ ਨਾਲ ਪੂਰੀ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਚੀਮਾ ਦੇ ਨਾਲ ਵਿਧਾਇਕ ਪਿ੍ਰੰਸੀਪਲ ਬੁੱਧ ਰਾਮ, ਮਨਜੀਤ ਸਿੰਘ ਬਿਲਾਸਪੁਰੀ, ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਅਤੇ ਕਰਮਜੀਤ ਅਨਮੋਲ ਹਾਜ਼ਰ ਸਨ।ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੀਮਾ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੇਸ਼ ਦੇ ਕਿਸਾਨਾਂ ਦੇ ਹੱਕਾਂ ਲਈ ਦਿ੍ਰੜ੍ਹ ਇਰਾਦੇ ਨਾਲ ਲੜ ਰਹੇ ਹਨ। ਅਸੀਂ 21ਵੀਂ ਸਦੀ ਵਿੱਚ ਭਾਰਤੀ ਕਿਸਾਨਾਂ ਦੇ ਭਵਿੱਖ ਦੀ ਰਾਖੀ ਲਈ ਇਸ ਅਹਿਮ ਲੜਾਈ ਦੀ ਅਗਵਾਈ ਕਰਨ ਲਈ ਉਨ੍ਹਾ ਦੇ ਤਹਿ ਦਿਲੋਂ ਧੰਨਵਾਦੀ ਹਾਂ।




