ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਮਰਨ ਵਰਤ ’ਤੇ ਚੱਲ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ਦਾਖ਼ਲ ਕਰਾਉਣ ਸੰਬੰਧੀ ਜਾਰੀ ਹੁਕਮਾਂ ਬਾਰੇ ਸ਼ੁੱਕਰਵਾਰ ਪੰਜਾਬ ਸਰਕਾਰ ਤੋਂ ਪਾਲਣਾ ਰਿਪੋਰਟ ਤਲਬ ਕੀਤੀ ਹੈ। ਇਹ ਹੁਕਮ ਜਸਟਿਸ ਸੂਰੀਆ ਕਾਂਤ ਦੀ ਅਗਵਾਈ ਵਾਲੀ ਵੋਕੇਸ਼ਨਲ ਬੈਂਚ ਨੇ ਪੰਜਾਬ ਦੇ ਮੁੱਖ ਸਕੱਤਰ ਵਿਰੁੱਧ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਲਈ ਅਦਾਲਤੀ ਮਾਣਹਾਨੀ ਦੀ ਕਾਰਵਾਈ ਦੀ ਮੰਗ ਕਰਦੀ ਇਕ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਜਾਰੀ ਕੀਤੇ। ਬੈਂਚ ’ਚ ਜਸਟਿਸ ਸੂਰੀਆ ਕਾਂਤ ਦੇ ਨਾਲ ਜਸਟਿਸ ਸੁਧਾਂਸ਼ੂ ਧੂਲੀਆ ਵੀ ਸ਼ਾਮਲ ਹਨ। ਬੈਂਚ ਨੇ ਕਿਹਾਡੱਲੇਵਾਲ ਨੂੰ ਡਾਕਟਰੀ ਸਹਾਇਤਾ ਦਿੱਤੀ ਜਾਣੀ ਚਾਹੀਦੀ ਹੈ ਅਤੇ ਇਹ ਪ੍ਰਭਾਵ ਹੈ ਕਿ ਤੁਸੀਂ ਇਸ ਦੀ ਪਾਲਣਾ ਨਹੀਂ ਕਰ ਰਹੇ ਹੋ। ਅਸੀਂ ਇਹ ਦੇਖਣ ਲਈ ਬਹੁਤ ਉਤਸੁਕ ਹਾਂ ਕਿ ਤੁਸੀਂ ਉਸ ਨੂੰ ਹਸਪਤਾਲ ’ਚ ਦਾਖਲ ਕਰਵਾਉਣ ਦੇ ਸਾਡੇ ਹੁਕਮਾਂ ਦੀ ਕਿਵੇਂ ਪਾਲਣਾ ਕਰਦੇ ਹੋ। ਅਸੀਂ ਜ਼ਿਆਦਾ ਕੁਝ ਨਹੀਂ ਕਹਿ ਰਹੇ, ਪਰ ਇਸ ਮਾਮਲੇ ਦੀ ਅਗਲੀ ਸੁਣਵਾਈ ਸਨਿੱਚਰਵਾਰ ਨੂੰ ਹੋਵੇਗੀ।
ਇਸ ਦੌਰਾਨ ਬੈਂਚ ਨੇ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਪਹਿਲੇ ਹੁਕਮਾਂ ਦੀ ਪਾਲਣਾ ਦਾ ਵੇਰਵਾ ਦਿੰਦਾ ਹਲਫਨਾਮਾ ਦਾਖ਼ਲ ਕਰਨ ਦਾ ਹੁਕਮ ਦਿੱਤਾ। ਗ਼ੌਰਤਲਬ ਹੈ ਕਿ ਪਿਛਲੇ ਹਫਤੇ ਜਸਟਿਸ ਕਾਂਤ ਦੀ ਅਗਵਾਈ ਵਾਲੀ ਬੈਂਚ ਨੇ ਪੰਜਾਬ ਸਰਕਾਰ ਨੂੰ ਡੱਲੇਵਾਲ ਦੀ ਸਿਹਤ ਦੀ ਸੁਰੱਖਿਆ ਯਕੀਨੀ ਬਣਾਉਣ ਦਾ ਹੁਕਮ ਦਿੱਤਾ ਸੀ ਅਤੇ ਉਨ੍ਹਾ ਨੂੰ ਹਸਪਤਾਲ ਦਾਖ਼ਲ ਕਰਾਉਣ ਦਾ ਨਿਰਦੇਸ਼ ਦਿੱਤਾ ਸੀ।
ਸੁਪਰੀਮ ਕੋਰਟ ਨੇ ਆਪਣੇ ਹੁਕਮਾਂ ਵਿੱਚ ਕਿਹਾ ਸੀ ਕਿ ਸ੍ਰੀ ਜਗਜੀਤ ਸਿੰਘ ਡੱਲੇਵਾਲ ਦੀ ਸਥਿਰ ਸਿਹਤ ਸਥਿਤੀ ਯਕੀਨੀ ਬਣਾਉਣਾ ਪੂਰੀ ਤਰ੍ਹਾਂ ਪੰਜਾਬ ਰਾਜ ਦੀ ਜ਼ਿੰਮੇਵਾਰੀ ਹੈ, ਜਿਸ ਲਈ ਜੇ ਉਨ੍ਹਾ ਨੂੰ ਹਸਪਤਾਲ ਦਾਖ਼ਲ ਕਰਨ ਦੀ ਲੋੜ ਹੋਵੇ ਤਾਂ ਅਧਿਕਾਰੀਆਂ ਨੂੰ ਅਜਿਹਾ ਕਰਨਾ ਯਕੀਨੀ ਬਣਾਉਣਾ ਚਾਹੀਦਾ ਹੈ। ਇਸ ਲਈ ਰਾਜ ਸਰਕਾਰ ਇਹ ਫੈਸਲਾ ਲਵੇ ਕਿ ਕੀ ਸ੍ਰੀ ਡੱਲੇਵਾਲ ਨੂੰ ਆਰਜ਼ੀ ਹਸਪਤਾਲ (ਜੋ ਮਰਨ ਵਰਤ ਵਾਲੇ ਸਥਾਨ ਤੋਂ 700 ਮੀਟਰ ਦੂਰ ਕਾਇਮ ਕੀਤਾ ਗਿਆ ਦੱਸਿਆ ਜਾਂਦਾ ਹੈ) ਵਿੱਚ ਦਾਖ਼ਲ ਕੀਤਾ ਜਾ ਸਕਦਾ ਹੈ ਜਾਂ ਕਿਸੇ ਹੋਰ ਹਸਪਤਾਲ ਵਿੱਚ ਤਬਦੀਲ ਕੀਤਾ ਜਾ ਸਕਦਾ ਹੈ।



