ਚੰਡੀਗੜ੍ਹ (ਗੁਰਜੀਤ ਬਿੱਲਾ)
ਪੰਜਾਬ ਪੁਲਸ ਦੇ ਸਟੇਟ ਸਪੈਸ਼ਲ ਅਪ੍ਰੇਸ਼ਨ ਸੈੱਲ (ਐੱਸ ਐੱਸ ਓ ਸੀ) ਅੰਮਿ੍ਰਤਸਰ ਨੇ ਵਿਦੇਸ਼ ਅਧਾਰਤ ਹੈਂਡਲਰਾਂ ਵੱਲੋਂ ਚਲਾਏ ਜਾ ਰਹੇ ਇੱਕ ਨਾਰਕੋ-ਅੱਤਵਾਦ ਮਡਿਊਲ ਦੇ ਦੋ ਮੈਂਬਰਾਂ, ਜਿਨ੍ਹਾਂ ਅੰਮਿ੍ਰਤਸਰ ਦੇ ਇਸਲਾਮਾਬਾਦ ਪੁਲਸ ਸਟੇਸ਼ਨ ’ਤੇ ਕੀਤੇ ਹੈਂਡ ਗ੍ਰਨੇਡ ਹਮਲੇ ਦਾ ਜੁਰਮ ਕਬੂਲਿਆ ਹੈ, ਨੂੰ ਗਿ੍ਰਫਤਾਰ ਕਰਕੇ ਇਸ ਮਡਿਊਲ ਦਾ ਪਰਦਾ ਫਾਸ਼ ਕੀਤਾ ਹੈ। ਡੀ ਜੀ ਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗਿ੍ਰਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਜੀਤ ਸਿੰਘ ਵਾਸੀ ਢੰਡੇ, ਘਰਿੰਡਾ, ਅੰਮਿ੍ਰਤਸਰ ਅਤੇ ਬਲਜੀਤ ਸਿੰਘ ਵਾਸੀ ਛਾਪਾ, ਤਰਨ ਤਾਰਨ ਵਜੋਂ ਹੋਈ ਹੈ। ਪੁਲਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.4 ਕਿਲੋ ਹੈਰੋਇਨ, ਇੱਕ ਹੈਂਡ ਗ੍ਰਨੇਡ ਅਤੇ ਦੋ ਆਧੁਨਿਕ ਪਿਸਤੌਲ ਇੱਕ 9 ਐੱਮ ਐਮ ਜ਼ਿਗਾਨਾ ਅਤੇ ਇੱਕ 9 ਐੱਮ ਐੱਮ ਗਲੌਕ ਸਮੇਤ ਗੋਲਾ-ਸਿੱਕਾ ਵੀ ਬਰਾਮਦ ਕੀਤਾ ਹੈ।ਇਹ ਸਫ਼ਲਤਾ 17 ਦਸੰਬਰ ਨੂੰ ਸਵੇਰੇ 3 ਵਜੇ ਦੇ ਕਰੀਬ ਹੋਏ ਹੈਂਡ ਗ੍ਰਨੇਡ ਹਮਲੇ ਤੋਂ ਤਕਰੀਬਨ 10 ਦਿਨਾਂ ਬਾਅਦ ਹਾਸਲ ਹੋਈ ਹੈ। ਇਸ ਹਮਲੇ ਦੀ ਘਟਨਾ ਤੋਂ ਕੁਝ ਘੰਟਿਆਂ ਬਾਅਦ ਵਿਦੇਸ਼ ਅਧਾਰਤ ਜੀਵਨ ਫੌਜੀ, ਜੋ ਕਿ ਬੱਬਰ ਖਾਲਸਾ ਇੰਟਰਨੈਸ਼ਨਲ (ਬੀ ਕੇ ਆਈ) ਨਾਲ ਜੁੜਿਆ ਹੋਇਆ ਹੈ, ਨੇ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਇਸ ਅੱਤਵਾਦੀ ਹਮਲੇ ਦੀ ਜ਼ਿੰਮੇਵਾਰੀ ਲਈ ਸੀ। ਡੀ ਜੀ ਪੀ ਨੇ ਦੱਸਿਆ ਕਿ ਐੱਸ ਐੱਸ ਓ ਸੀ ਅੰਮਿ੍ਰਤਸਰ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਅਮਰੀਕਾ-ਅਧਾਰਤ ਨਸ਼ਾ ਤਸਕਰ ਸੰਦੀਪ ਸਿੰਘ ਉਰਫ਼ ਸੀਪੂ ਇੱਕ ਤਸਕਰੀ ਨੈੱਟਵਰਕ ਚਲਾ ਰਿਹਾ ਹੈ ਅਤੇ ਆਪਣੇ ਸਾਥੀਆਂ ਰਾਹੀਂ ਭਾਰਤ ਵਿੱਚ ਸਪਲਾਈ ਕਰਨ ਲਈ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰ ਰਿਹਾ ਹੈ। ਉਨ੍ਹਾ ਦੱਸਿਆ ਕਿ ਇਸ ਸੂਹ ’ਤੇ ਤੁਰੰਤ ਕਾਰਵਾਈ ਕਰਦਿਆਂ ਐੱਸ ਐੱਸ ਓ ਸੀ ਅੰਮਿ੍ਰਤਸਰ ਦੀਆਂ ਟੀਮਾਂ ਨੇ ਉਸ ਦੇ ਇੱਕ ਸਾਥੀ ਗੁਰਜੀਤ ਸਿੰਘ ਨੂੰ ਗਿ੍ਰਫ਼ਤਾਰ ਕਰ ਲਿਆ। ਉਸ ਦੇ ਕਬਜ਼ੇ ਵਿੱਚੋਂ 1.4 ਕਿਲੋ ਹੈਰੋਇਨ ਬਰਾਮਦ ਕੀਤੀ।ਡੀ ਜੀ ਪੀ ਨੇ ਦੱਸਿਆ ਕਿ ਗੁਰਜੀਤ ਸਿੰਘ ਦੀ ਗਿ੍ਰਫ਼ਤਾਰੀ ਦੀ ਬਾਰੀਕੀ ਨਾਲ ਕੀਤੀ ਗਈ ਜਾਂਚ ਅਤੇ ਇਸ ਦੇ ਅਗਲੇ-ਪਿਛਲੇ ਸੰਬੰਧਾਂ ਦੀ ਨਿਰੰਤਰ ਤਫ਼ਤੀਸ਼ ਤੋਂ ਪਤਾ ਲੱਗਿਆ ਹੈ ਕਿ ਗੁਰਜੀਤ ਸਿੰਘ ਨੇ ਆਪਣੇ ਸਾਥੀ ਬਲਜੀਤ ਸਿੰਘ ਨਾਲ ਮਿਲ ਕੇ ਵਿਦੇਸ਼ੀ ਵਿਅਕਤੀ, ਜਿਸ ਦੀ ਸੰਦੀਪ ਸੀਪੂ ਨੇ ਉਸ ਨਾਲ ਜਾਣ-ਪਛਾਣ ਕਰਵਾਈ ਸੀ, ਦੇ ਨਿਰਦੇਸ਼ਾਂ ’ਤੇ ਪੁਲਸ ਸਟੇਸ਼ਨ ਇਸਲਾਮਾਬਾਦ ’ਤੇ ਹੈਂਡ ਗ੍ਰਨੇਡ ਹਮਲਾ ਕੀਤਾ ਸੀ।ਉਨ੍ਹਾ ਦੱਸਿਆ ਕਿ ਪੁਲਸ ਸਟੇਸ਼ਨ ’ਤੇ ਹਮਲੇ ਪਿੱਛੇ ਅੱਤਵਾਦੀ ਸੰਗਠਨ ਦਾ ਪਤਾ ਲਗਾਉਣ ਅਤੇ ਸੀਪੂ ਵੱਲੋਂ ਮਿਲਾਏ ਗਏ ਵਿਦੇਸ਼ੀ ਵਿਅਕਤੀ ਦੀ ਪਛਾਣ ਲਈ ਹੋਰ ਜਾਂਚ ਜਾਰੀ ਹੈ। ਏ ਆਈ ਜੀ ਐੱਸ ਐੱਸ ਓ ਸੀ ਅੰਮਿ੍ਰਤਸਰ ਸੁਖਮਿੰਦਰ ਸਿੰਘ ਮਾਨ ਨੇ ਕਿਹਾ ਕਿ ਪੁਲਸ ਟੀਮਾਂ ਨੇ ਬਲਜੀਤ ਸਿੰਘ ਨੂੰ ਵੀ ਗਿ੍ਰਫ਼ਤਾਰ ਕਰ ਲਿਆ ਹੈ ਅਤੇ ਹੋਰ ਜਾਂਚ ਦੌਰਾਨ ਦੋਵਾਂ ਕੋਲੋਂ ਇੱਕ ਹੈਂਡ ਗ੍ਰਨੇਡ ਅਤੇ ਦੋ ਪਿਸਤੌਲਾਂ ਸਮੇਤ ਗੋਲੀ-ਸਿੱਕਾ ਬਰਾਮਦ ਕੀਤਾ ਗਿਆ ਹੈ। ਉਨ੍ਹਾ ਕਿਹਾ ਕਿ ਇਸ ਪੂਰੇ ਨੈੱਟਵਰਕ ਅਤੇ ਮੁਲਜ਼ਮਾਂ ਵੱਲੋਂ ਪਹਿਲਾਂ ਸਪਲਾਈ ਕੀਤੀਆਂ ਗਈਆਂ ਖੇਪਾਂ ਦਾ ਪਤਾ ਲਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।





