ਖਨੌਰੀ (ਰਾਜਿੰਦਰ ਸਿੰਘ ਥਿੰਦ) : ਢਾਬੀ ਗੁਜਰਾਂ (ਖਨੌਰੀ) ਬਾਰਡਰ ’ਤੇ 35 ਦਿਨਾਂ ਤੋਂ ਮਰਨ ਵਰਤ ’ਤੇ ਚੱਲ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਡਾਕਟਰੀ ਮਦਦ ਲੈਣ ਲਈ ਮਨਾਉਣ ਦੀਆਂ ਕੋਸ਼ਿਸ਼ਾਂ ਤਹਿਤ ਸਾਬਕਾ ਏ ਡੀ ਜੀ ਪੀ ਜਸਕਰਨ ਸਿੰਘ ਸੋਮਵਾਰ ਫਿਰ ਉਨ੍ਹਾ ਕੋਲ ਪਹੁੰਚੇ। ਨਾਲ ਡਾਕਟਰਾਂ ਦੀ ਟੀਮ ਵੀ ਸੀ। ਜਸਕਰਨ ਸਿੰਘ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਡੱਲੇਵਾਲ ਦੀ ਜਾਨ ਕੀਮਤੀ ਹੈ। ਇਸੇ ਦੌਰਾਨ ਕੁਝ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇੱਕ ਪਾਸੇ ਅਧਿਕਾਰੀ ਉਨ੍ਹਾਂ ਨਾਲ ਗੱਲਬਾਤ ਜਾਰੀ ਰੱਖ ਰਹੇ ਹਨ, ਦੂਜੇ ਪਾਸੇ ਮੋਰਚੇ ’ਤੇ ਹਮਲੇ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਡੱਲੇਵਾਲ ਨੂੰ ਚੁੱਕਣ ਤੋਂ ਪਹਿਲਾਂ ਪ੍ਰਸ਼ਾਸਨ ਨੂੰ ਉਨ੍ਹਾਂ ਦੀਆਂ ਲਾਸ਼ਾਂ ਤੋਂ ਲੰਘ ਕੇ ਜਾਣਾ ਪਵੇਗਾ।
ਡੱਲੇਵਾਲ ਨੂੰ ਸੁਪਰੀਮ ਕੋਰਟ ਦੀਆਂ ਹਦਾਇਤਾਂ ਤਹਿਤ ਇਲਾਜ ਲਈ ਚੁੱਕਣ ਵਾਸਤੇ ਪੁਲਸ ਵੱਲੋਂ ਕਿਸੇ ਵੀ ਸਮੇਂ ਕਾਰਵਾਈ ਨੂੰ ਅੰਜਾਮ ਦਿੱਤੇ ਜਾਣ ਦੀਆਂ ਚਰਚਾਵਾਂ ਹਨ। ਸੋਮਵਾਰ ਸਵੇਰੇ ਪਾਤੜਾਂ ਸ਼ਹਿਰ ’ਚ ਜਲ ਤੋਪਾਂ ਵਾਲੀਆਂ ਗੱਡੀਆਂ, ਅੱਥਰੂ ਗੈਸ ਦੇ ਗੋਲੇ ਦਾਗ਼ਣ ਵਾਲੀਆਂ ਗੱਡੀਆਂ ਅਤੇ ਪੁਲਸ ਨਫਰੀ ਦਾ ਜਮਾਵੜਾ ਹੋਣਾ ਸ਼ੁਰੂ ਹੋ ਗਿਆ ਸੀ। ਇਸ ਦੇ ਟਾਕਰੇ ਲਈ ਕਿਸਾਨਾਂ ਵੱਲੋਂ ਰਾਤ-ਭਰ ਤੋਂ ਹੀ ਅਪੀਲਾਂ ਕੀਤੀਆਂ ਜਾ ਰਹੀਆਂ ਸਨ। ਐਤਵਾਰ ਦੇਰ ਰਾਤ ਡੱਲੇਵਾਲ ਨੇ ਖੁਦ ਫੇਸਬੁੱਕ ਉਤੇ ਲਾਈਵ ਹੋ ਕੇ ਕਿਸਾਨਾਂ ਨੂੰ ਢਾਬੀ ਗੁਜਰਾਂ ਬਾਰਡਰ ’ਤੇ ਇਕੱਠੇ ਹੋਣ ਦੀ ਅਪੀਲ ਕੀਤੀ ਸੀ। ਬਾਰਡਰ ’ਤੇ ਕਿਸਾਨਾਂ ਨੇ ਪਦਾਰਥਪੁਰੇ ਨੂੰ ਜਾਂਦੀ ਸੜਕ ਤੋਂ ਥੋੜ੍ਹਾ ਜਿਹਾ ਅੱਗੇ ਟਰਾਲੀਆਂ ਲਾ ਕੇ ਪੱਕੇ ਤੌਰ ’ਤੇ ਸਟੇਜ ਵੱਲ ਜਾਣ ਵਾਲੇ ਵਾਹਨ ਰੋਕ ਦਿੱਤੇ ਸਨ ਅਤੇ ਸਟੇਜ ਵੱਲ ਜਾਣ ਵਾਲੇ ਹਰ ਵਿਅਕਤੀ ਉੱਤੇ ਪੂਰੀ ਨਜ਼ਰ ਰੱਖੀ ਜਾ ਰਹੀ ਸੀ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 31 ਦਸੰਬਰ ਤੋਂ ਪਹਿਲਾਂ ਡੱਲੇਵਾਲ ਨੂੰ ਅਸਥਾਈ ਹਸਪਤਾਲ ਵਿੱਚ ਤਬਦੀਲ ਕਰਨ ਲਈ ਕਿਹਾ ਹੈ।
ਅਜਿਹਾ ਨਾ ਹੋਣ ’ਤੇ ਮੁੱਖ ਸਕੱਤਰ ਤੇ ਡੀਜੀਪੀ ਖ਼ਿਲਾਫ਼ ਅਦਾਲਤ ਦੀ ਮਾਣਹਾਨੀ ਦਾ ਕੇਸ ਦਾਇਰ ਕੀਤਾ ਜਾ ਸਕਦਾ ਹੈ।ਇਸ ’ਤੇ 31 ਦਸੰਬਰ ਨੂੰ ਮੁੜ ਸੁਣਵਾਈ ਹੋਵੇਗੀ।





