ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਜੋ ਕਿ 36 ਦਿਨਾਂ ਤੋਂ ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ’ਤੇ ਹਨ, ਨੂੰ ਹਸਪਤਾਲ ਤਬਦੀਲ ਕਰਾਉਣ ਬਾਰੇ ਮੰਗਲਵਾਰ ਹੋਣ ਵਾਲੀ ਸੁਣਵਾਈ 2 ਜਨਵਰੀ ਤੱਕ ਮੁਲਤਵੀ ਕਰ ਦਿੱਤੀ। ਉਹ ਡੱਲੇਵਾਲ ਨੂੰ ਹਸਪਤਾਲ ਵਿਚ ਦਾਖਲ ਕਰਾਉਣ ਦੇ ਆਪਣੇ ਹੁਕਮਾਂ ਦੀ ਪੰਜਾਬ ਸਰਕਾਰ ਵੱਲੋਂ ਤਾਮੀਲ ਨਾ ਕੀਤੇ ਜਾਣ ਦੇ ਦੋਸ਼ ਹੇਠ ਹੱਤਕ ਅਦਾਲਤ ਮਾਮਲੇ ਦੀ ਸੁਣਵਾਈ ਕਰ ਰਹੀ ਹੈ।
ਬੈਂਚ ਅੱਗੇ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਕਿਹਾ ਕਿ ਅਦਾਲਤ ਦੇ 20 ਦਸੰਬਰ ਦੇ ਹੁਕਮਾਂ ਦੀ ਪਾਲਣਾ ਲਈ ਹੋਰ ਤਿੰਨ ਦਿਨਾਂ ਦਾ ਸਮਾਂ ਮੰਗੇ ਜਾਣ ਵਾਲੀ ਅਰਜ਼ੀ ਦਾਇਰ ਕੀਤੀ ਗਈ ਹੈ, ਜਿਸ ਤੋਂ ਬਾਅਦ ਜਸਟਿਸ ਸੂਰੀਆ ਕਾਂਤ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਵੋਕੇਸ਼ਨਲ ਬੈਂਚ ਨੇ ਮਾਮਲਾ 2 ਜਨਵਰੀ ਨੂੰ ਅਗਲੀ ਸੁਣਵਾਈ ਲਈ ਸੂਚੀਬੱਧ ਕਰ ਦਿੱਤਾ।
ਗੁਰਮਿੰਦਰ ਸਿੰਘ ਨੇ ਕਿਹਾ ਕਿ ਵਾਰਤਾਕਾਰਾਂ ਦੀ ਟੀਮ ਕਿਸਾਨ ਅੰਦੋਲਨ ਦੇ ਢਾਬੀ ਗੁਜਰਾਂ/ਖਨੌਰੀ ਬਾਰਡਰ ’ਤੇ ਸਥਿਤ ਮੋਰਚੇ ਉਤੇ ਅੰਦੋਲਨਕਾਰੀ ਕਿਸਾਨਾਂ ਨਾਲ ਗੱਲਬਾਤ ਕਰ ਰਹੀ ਹੈ ਅਤੇ ਡੱਲੇਵਾਲ ਨੂੰ ਖਨੌਰੀ ਸਰਹੱਦ ਨੇੜਲੇ ਅਸਥਾਈ ਹਸਪਤਾਲ ’ਚ ਤਬਦੀਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਬੈਂਚ ਨੇ ਕਿਹਾ ਕਿ ਉਹ ਮੁਜ਼ਾਹਰਾਕਾਰੀ ਕਿਸਾਨਾਂ ਨਾਲ ਗੱਲਬਾਤ ਦੇ ਮਾਮਲੇ ’ਤੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੀ ਅਤੇ ਉਹ ਸਿਰਫ ਆਪਣੇ ਪਹਿਲੇ ਆਦੇਸ਼ਾਂ ਦੀ ਪਾਲਣਾ ਚਾਹੁੰਦੀ ਹੈ। ਇਸ ਪਿੱਛੋਂ ਬੈਂਚ ਨੇ ਐਡਵੋਕੇਟ ਜਨਰਲ ਦੀਆਂ ਦਲੀਲਾਂ ਦਰਜ ਕੀਤੀਆਂ ਅਤੇ ਮਾਮਲੇ ਦੀ ਸੁਣਵਾਈ ਅੱਗੇ ਪਾ ਦਿੱਤੀ। ਇਸ ਤੋਂ ਪਹਿਲਾਂ 28 ਦਸੰਬਰ ਨੂੰ ਸੁਪਰੀਮ ਕੋਰਟ ਨੇ ਡੱਲੇਵਾਲ ਨੂੰ ਹਸਪਤਾਲ ’ਚ ਤਬਦੀਲ ਨਾ ਕਰਨ ’ਤੇ ਪੰਜਾਬ ਸਰਕਾਰ ਦੀ ਸਖਤ ਝਾੜ-ਝੰਬ ਕੀਤੀ ਸੀ।
ਡੱਲੇਵਾਲ 26 ਨਵੰਬਰ ਤੋਂ ਮਰਨ ਵਰਤ ’ਤੇ ਹਨ ਤਾਂ ਜੋ ਕੇਂਦਰ ’ਤੇ ਕਿਸਾਨਾਂ ਦੀਆਂ ਮੰਗਾਂ ਨੂੰ ਮੰਨਣ ਲਈ ਦਬਾਅ ਪਾਇਆ ਜਾ ਸਕੇ, ਜਿਸ ’ਚ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਦੇਣ ਦੀ ਮੰਗ ਵੀ ਸ਼ਾਮਲ ਹੈ।