ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਵੀਰਵਾਰ ਪੰਜਾਬ ਸਰਕਾਰ ਦੀ ਖਿਚਾਈ ਕਰਦਿਆਂ ਕਿਹਾ ਕਿ ਇਸ ਦੇ ਅਧਿਕਾਰੀ ਅਤੇ ਕੁਝ ਕਿਸਾਨ ਆਗੂ ਮੀਡੀਆ ’ਚ ਇਹ ਗਲਤ ਪ੍ਰਭਾਵ ਪਾ ਰਹੇ ਹਨ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਤੋੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਸਟਿਸ ਸੂਰੀਆ ਕਾਂਤ ਅਤੇ ਜਸਟਿਸ ਉੱਜਲ ਭੂਈਆਂ ਦੀ ਬੈਂਚ ਨੇ ਸਾਫ ਕੀਤਾ ਕਿ ਅਦਾਲਤ ਨੇ ਕਦੇ ਵੀ ਡੱਲੇਵਾਲ ਦਾ ਅੰਦੋਲਨ (ਮਰਨ ਵਰਤ) ਤੋੜਨ ਜਾਂ ਖਤਮ ਕਰਾਉਣ ਦੀ ਹਦਾਇਤ ਨਹੀਂ ਦਿੱਤੀ। ਬੈਂਚ ਨੇ ਕਿਹਾ ਕਿ ਅਦਾਲਤ ਦੀ ਚਿੰਤਾ ਸਿਰਫ ਡੱਲੇਵਾਲ ਦੀ ਸਿਹਤ ਨਾਲ ਸੰਬੰਧਤ ਹੈ ਅਤੇ ਉਹ ਚਾਹੁੰਦੀ ਹੈ ਕਿ ਉਨ੍ਹਾ ਨੂੰ ਤੁਰੰਤ ਡਾਕਟਰੀ ਸਹਾਇਤਾ ਦਿੱਤੀ ਜਾਵੇ।
ਜਸਟਿਸ ਸੂਰੀਆ ਕਾਂਤ ਨੇ ਕਿਹਾ ਕਿ ਅਦਾਲਤ ਜ਼ਿਆਦਾ ਕੁਝ ਨਹੀਂ ਕਹਿਣਾ ਚਾਹੁੰਦੀ, ਪਰ ਅਜਿਹਾ ਲੱਗਦਾ ਹੈ ਕਿ ਪੰਜਾਬ ਸਰਕਾਰ ਦੇ ਅਧਿਕਾਰੀ ਅਤੇ ਕੁਝ ਕਿਸਾਨ ਆਗੂ ਜ਼ਮੀਨੀ ਸਥਿਤੀ ਨੂੰ ਹੋਰ ਗੁੰਝਲਦਾਰ ਬਣਾਉਣ ਲਈ ਮੀਡੀਆ ’ਚ ਗੈਰ-ਜ਼ਿੰਮੇਵਾਰਾਨਾ ਬਿਆਨ ਦੇ ਰਹੇ ਹਨ। ਬੈਂਚ ਨੇ ਕਿਹਾਸਾਨੂੰ ਡੱਲੇਵਾਲ ਪ੍ਰਤੀ ਕੁਝ ਕਿਸਾਨ ਆਗੂਆਂ ਦੀ ਸੱਚੀ ਸੰਜੀਦਗੀ ਦੀ ਘੋਖ ਕਰਨ ਦੀ ਲੋੜ ਹੈ। ਇਸ ਮੌਕੇ ਅਦਾਲਤ ਵਿਚ ਪੇਸ਼ ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਸਥਿਤੀ ਨੂੰ ਉਲਝਾਉਣ ਦੀ ਅਜਿਹੀ ਕਿਸੇ ਵੀ ਕੋਸ਼ਿਸ਼ ਤੋਂ ਇਨਕਾਰ ਕੀਤਾ ਅਤੇ ਕਿਹਾ ਕਿ ਡੱਲੇਵਾਲ ਨੂੰ ਆਪਣਾ ਵਰਤ ਤੋੜੇ ਬਿਨਾਂ ਡਾਕਟਰੀ ਸਹਾਇਤਾ ਲੈਣ ਲਈ ਮਨਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਬੈਂਚ ਨੇ ਕਿਹਾ ਕਿ ਕਿਉਂਕਿ ਪੰਜਾਬ ਦੇ ਮੁੱਖ ਸਕੱਤਰ ਅਤੇ ਡੀ ਜੀ ਪੀ ਇਸ ਮਾਮਲੇ ’ਚ ਵਰਚੁਅਲੀ ਪੇਸ਼ ਹੋ ਰਹੇ ਹਨ, ਉਮੀਦ ਹੈ ਕਿ ਅਦਾਲਤ ਦਾ ਸੁਨੇਹਾ ਸਰਕਾਰ ਤੱਕ ਸਹੀ ਢੰਗ ਨਾਲ ਪਹੰੁਚ ਜਾਵੇਗਾ। ਅਦਾਲਤ ਨੇ ਦੋਵਾਂ ਅਧਿਕਾਰੀਆਂ ਨੂੰ 20 ਦਸੰਬਰ ਦੇ ਆਪਣੇ ਹੁਕਮ ਦੀ ਪਾਲਣਾ ਕਰਨ ਵਾਲਾ ਆਪਣਾ ਹਲਫਨਾਮਾ ਦਾਇਰ ਕਰਨ ਲਈ ਕਿਹਾ, ਜਿਸ ’ਚ ਅਦਾਲਤ ਨੇ ਪੰਜਾਬ ਸਰਕਾਰ ਨੂੰ ਡੱਲੇਵਾਲ ਨੂੰ ਸਰਕਾਰ ਵੱਲੋਂ ਬਣਾਈਆਂ ਗਈਆਂ ਨੇੜਲੀਆਂ ਮੈਡੀਕਲ ਸਹੂਲਤਾਂ ’ਚ ਤਬਦੀਲ ਕਰਨ ਦਾ ਹੁਕਮ ਦਿੱਤਾ ਹੈ। ਸੁਪਰੀਮ ਕੋਰਟ ਨੇ ਮਾਮਲੇ ਨੂੰ ਅਗਲੀ ਸੁਣਵਾਈ ਲਈ 6 ਜਨਵਰੀ ਵਾਸਤੇ ਸੂਚੀਬੱਧ ਕੀਤਾ ਹੈ। ਉਸ ਨੇ ਡੱਲੇਵਾਲ ਵੱਲੋਂ ਦਾਇਰ ਇੱਕ ਨਵੀਂ ਪਟੀਸ਼ਨ ’ਤੇ ਕੇਂਦਰ ਨੂੰ ਨੋਟਿਸ ਵੀ ਜਾਰੀ ਕੀਤਾ, ਜਿਸ ’ਚ ਕੇਂਦਰ ਸਰਕਾਰ ਨੂੰ ਫਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਤੇ ਹੋਰ ਵਾਅਦਿਆਂ ਦੀ ਪਾਲਣਾ ਕਰਨ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ, ਜੋ ਕਿ 2021 ’ਚ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਤੋਂ ਬਾਅਦ ਅੰਦੋਲਨਕਾਰੀ ਕਿਸਾਨਾਂ ਨਾਲ ਕੀਤੇ ਗਏ ਸਨ।





