ਚੰਡੀਗੜ੍ਹ : ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਦੇ ਸਾਹਮਣੇ ਸਨਿੱਚਰਵਾਰ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਤੁਰੰਤ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਉਨ੍ਹਾ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਜਿਹਾ ਨਾ ਕੀਤੇ ਜਾਣ ਕਾਰਨ ਕਿਸਾਨ ਵਰਗ ’ਚ ਰੋਸ ਵਧ ਰਿਹਾ ਹੈ। ਖੁੱਡੀਆਂ ਨੇ ਵਰਚੁਅਲ ਮੀਟਿੰਗ ਦੌਰਾਨ ਚੌਹਾਨ ਨੂੰ ਕਿਹਾ ਕਿ ਤੁਸੀਂ ਜਾਇਜ਼ ਮੰਗਾਂ ਮੰਨ ਲਓ। ਤੁਸੀਂ ਨਿੱਜੀ ਤੌਰ ’ਤੇ ਦਖਲ ਦਿਓ। ਤੁਸੀਂ ਤਿੰਨ ਵਾਰ ਮੁੱਖ ਮੰਤਰੀ ਰਹਿ ਚੁੱਕੇ ਹੋ ਤੇ ਤੁਹਾਨੂੰ ਕਿਸਾਨਾਂ ਦੀਆਂ ਮੰਗਾਂ ਬਾਰੇ ਵਧੇਰੇ ਜਾਣਕਾਰੀ ਹੈ। ਚੌਹਾਨ ਨੇ ਦੇਸ਼ ਦੇ ਸਾਰੇ ਸੂਬਿਆਂ ਦੇ ਖੇਤੀ ਮੰਤਰੀਆਂ ਨਾਲ ਗੱਲਬਾਤ ਕੀਤੀ।

