ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ਦੇ ਹਜ਼ਾਰਾਂ ਕਿਸਾਨਾਂ ਵੱਲੋਂ ਲਖੀਮਪੁਰ ਖੀਰੀ ਵਿਖੇ ਧਰਨੇ ’ਤੇ ਪਹੁੰਚਣ ਉੱਤੇ ਆਮ ਆਦਮੀ ਪਾਰਟੀ ਨੇ ਇਸ ਮਾਮਲੇ ’ਚ ਇਨਸਾਫ਼ ਨੂੰ ਲੈ ਕੇ ਹੋ ਰਹੀ ਦੇਰੀ ਲਈ ਕੇਂਦਰ ਦੀ ਭਾਜਪਾ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਭਾਜਪਾ ਸਰਕਾਰ ਕਿਸਾਨ ਵਿਰੋਧੀ ਹੈ। ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨਾਂ ਵਿਰੁੱਧ ਬਦਲੇ ਦੀ ਭਾਵਨਾ ਨਾਲ ਕਾਰਵਾਈ ਕਰ ਰਹੇ ਹਨ, ਕਿਉਂਕਿ ਕਿਸਾਨਾਂ ਦੇ ਪੁਰਜ਼ੋਰ ਵਿਰੋਧ ਤੋਂ ਬਾਅਦ ਉਨ੍ਹਾਂ ਨੂੰ ਤਿੰਨ ਖੇਤੀ ਕਾਨੂੰਨ ਵਾਪਸ ਲੈਣੇ ਪਏ ਸਨ।
ਕੰਗ ਨੇ ਕਿਹਾ ਕਿ ਕੇਂਦਰ ਅਤੇ ਉੱਤਰ ਪ੍ਰਦੇਸ਼ ਦੀ ਭਾਜਪਾ ਸਰਕਾਰ ਨੇ ਕਿਸਾਨਾਂ ’ਤੇ ਝੂਠੇ ਕੇਸ ਦਰਜ ਕਰਕੇ ਇੱਕ ਸਾਲ ਤੋਂ ਉਨ੍ਹਾਂ ਨੂੰ ਜੇਲ੍ਹਾਂ ਵਿਚ ਡੱਕਿਆ ਹੋਇਆ ਹੈ, ਜਦਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਨੇ ਆਪਣੀ ਕਾਰ ਨਾਲ ਕਿਸਾਨਾਂ ਨੂੰ ਬੇਰਹਿਮੀ ਨਾਲ ਕੁਚਲ ਕੇ ਮਾਰ ਦਿੱਤਾ ਸੀ। ਕੰਗ ਨੇ ਪ੍ਰਧਾਨ ਮੰਤਰੀ ਤੋਂ ਜਵਾਬ ਮੰਗਿਆ ਹੈ ਕਿ ਅਜੇ ਤੱਕ ਟੈਨੀ ਨੂੰ ਮੰਤਰੀ ਮੰਡਲ ’ਚੋਂ ਬਾਹਰ ਦਾ ਰਸਤਾ ਕਿਉ ਨਹੀਂ ਦਿਖਾਇਆ ਗਿਆ।