ਅਕਾਲੀ ਦਲ ਅਸਤੀਫੇ ਪ੍ਰਵਾਨ ਕਰਨ ’ਚ ਆਨਾਕਾਨੀ ਨਾ ਕਰੇ : ਗਿਆਨੀ ਰਘਬੀਰ ਸਿੰਘ

0
45

ਅੰਮਿ੍ਰਤਸਰ : ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਨਸੀਹਤ ਦਿੱਤੀ ਹੈ ਕਿ ਉਹ ਸ੍ਰੀ ਅਕਾਲ ਤਖਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਦੀ ਪਾਲਣਾ ਕਰਨ ’ਚ ਆਨਾਕਾਨੀ ਨਾ ਕਰੇ। ਇਸ ਦੇ ਨਾਲ ਹੀ ਉਨ੍ਹਾ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਸ਼ਿਕਾਇਤ ਦਾ ਮਾਮਲਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰ ਖੇਤਰ ਹੇਠ ਨਾ ਆਉਣ ਦਾ ਦਾਅਵਾ ਕਰਦਿਆਂ ਜਾਂਚ ਅਕਾਲ ਤਖਤ ਨੂੰ ਸੌਂਪਣ ਦੀ ਗੱਲ ਵੀ ਕਹੀ ਹੈ। ਇਸ ਦੌਰਾਨ ਉਨ੍ਹਾ ਸੋਮਵਾਰ ਇੱਥੇ ਸਿੱਖ ਸੰਗਤ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਦੀ ਫਸੀਲ ਤੋਂ ਸੁਣਾਏ ਗਏ ਪੰਜ ਸਿੰਘ ਸਾਹਿਬਾਨ ਦੇ ਫੈਸਲੇ ਨੂੰ ਪੂਰਾ ਕਰਨਾ ਚਾਹੀਦਾ ਹੈ। ਉਨ੍ਹਾ ਕਿਹਾ ਕਿ ਅਕਾਲੀ ਦਲ ਨੂੰ ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂਆਂ ਦੇ ਅਸਤੀਫਿਆਂ ਨੂੰ ਪ੍ਰਵਾਨ ਕਰਨ ’ਚ ਆਨਾਕਾਨੀ ਨਹੀਂ ਕਰਨੀ ਚਾਹੀਦੀ ਹੈ।
ਸ੍ਰੀ ਅਕਾਲ ਤਖਤ ਤੋਂ ਗਿਆਨੀ ਰਘਬੀਰ ਸਿੰਘ ਸਣੇ ਪੰਜ ਸਿੰਘ ਸਾਹਿਬਾਨ ਵੱਲੋਂ 2 ਦਸੰਬਰ ਨੂੰ ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਆਗੂਆਂ ਨੂੰ ਤਨਖਾਹ ਲਗਾਈ ਗਈ ਸੀ। ਇਸ ਤਹਿਤ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੂੰ ਆਦੇਸ਼ ਕੀਤਾ ਗਿਆ ਸੀ ਕਿ ਉਹ ਸੁਖਬੀਰ ਸਿੰਘ ਬਾਦਲ ਸਣੇ ਹੋਰਨਾਂ ਦੇ ਅਸਤੀਫੇ ਪ੍ਰਵਾਨ ਕਰੇ ਅਤੇ ਤਿੰਨ ਦਿਨਾਂ ਦੇ ਅੰਦਰ ਇਸ ਦੀ ਰਿਪੋਰਟ ਅਕਾਲ ਤਖਤ ਨੂੰ ਭੇਜੀ ਜਾਵੇ ਪਰ ਅਜਿਹਾ ਨਹੀਂ ਹੋਇਆ।
ਉਸ ਵੇਲੇ ਅਕਾਲੀ ਦਲ ਦੇ ਤਰਜਮਾਨ ਡਾ. ਦਲਜੀਤ ਸਿੰਘ ਚੀਮਾ ਨੇ ਦਾਅਵਾ ਕੀਤਾ ਸੀ ਕਿ ਇਸ ਮਾਮਲੇ ’ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਥੇਦਾਰ ਕੋਲੋਂ 20 ਦਿਨਾਂ ਦਾ ਸਮਾਂ ਹੋਰ ਮੰਗਿਆ ਗਿਆ ਹੈ ਅਤੇ ਤਨਖਾਹ ਪੂਰੀ ਹੋਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਫੈਸਲੇ ’ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਹੁਣ ਇਹ ਸਮਾਂ ਵੀ ਪੂਰਾ ਹੋ ਚੁੱਕਾ ਹੈ ਪਰ ਅਜੇ ਤੱਕ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਵੱਲੋਂ ਸੁਖਬੀਰ ਸਿੰਘ ਬਾਦਲ ਸਮੇਤ ਹੋਰਨਾਂ ਦੇ ਅਸਤੀਫੇ ਪ੍ਰਵਾਨ ਕਰਕੇ ਇਸ ਸੰਬੰਧੀ ਰਿਪੋਰਟ ਅਕਾਲ ਤਖਤ ’ਤੇ ਨਹੀਂ ਭੇਜੀ ਗਈ ਹੈ। ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਆਈ ਸ਼ਿਕਾਇਤ ਦੇ ਮਾਮਲੇ ’ਚ ਜਾਂਚ ਲਈ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਦੇ ਮਾਮਲੇ ’ਚ ਵੀ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਹ ਮਾਮਲਾ ਸ਼੍ਰੋਮਣੀ ਕਮੇਟੀ ਦੇ ਅਧਿਕਾਰ ਖੇਤਰ ਹੇਠ ਨਹੀਂ ਆਉਂਦਾ ਹੈ ਅਤੇ ਇਸ ਦੀ ਜਾਂਚ ਅਕਾਲ ਤਖਤ ਨੂੰ ਸੌਂਪੀ ਜਾਣੀ ਚਾਹੀਦੀ ਹੈ। ਉਨ੍ਹਾ ਕਿਹਾ ਕਿ ਇਸ ਮੁੱਦੇ ’ਤੇ ਉਹ ਸ਼੍ਰੋਮਣੀ ਕਮੇਟੀ ਕੋਲ ਪਹਿਲਾਂ ਹੀ ਆਪਣੀ ਨਾਰਾਜ਼ਗੀ ਜ਼ਾਹਰ ਕਰ ਚੁੱਕੇ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ 19 ਦਸੰਬਰ ਨੂੰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ’ਤੇ ਅਸਥਾਈ ਤੌਰ ’ਤੇ ਰੋਕ ਲਗਾ ਦਿੱਤੀ ਗਈ ਸੀ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਨੂੰ ਇਹ ਸੇਵਾਵਾਂ ਸੌਂਪ ਦਿੱਤੀਆਂ ਗਈਆਂ ਸਨ। ਇਹ ਕਾਰਵਾਈ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਉਨ੍ਹਾ ਦੇ ਇੱਕ ਰਿਸ਼ਤੇਦਾਰ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਗਈ ਸੀ।
ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ’ਚ ਤਿੰਨ ਮੈਂਬਰੀ ਜਾਂਚ ਕਮੇਟੀ ਬਣਾਈ ਗਈ ਸੀ ਅਤੇ 15 ਦਿਨਾਂ ਦੇ ਅੰਦਰ ਜਾਂਚ ਰਿਪੋਰਟ ਮੰਗੀ ਗਈ ਸੀ। ਬਾਅਦ ’ਚ ਸ਼੍ਰੋਮਣੀ ਕਮੇਟੀ ਨੇ ਜਾਂਚ ਕਮੇਟੀ ਨੂੰ ਜਾਂਚ ਦਾ ਦਿੱਤਾ ਸਮਾਂ ਵਧਾ ਕੇ ਇੱਕ ਮਹੀਨੇ ਦਾ ਕਰ ਦਿੱਤਾ ਸੀ। ਇਸ ਮਾਮਲੇ ’ਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਪੰਜ ਪਿਆਰਿਆਂ ਦੀ ਹਾਜ਼ਰੀ ’ਚ ਅਤੇ ਗੁਰੂ ਦੀ ਹਜ਼ੂਰੀ ’ਚ ਦੋਸ਼ਾਂ ਨੂੰ ਰੱਦ ਕਰ ਚੁੱਕੇ ਹਨ।