ਚੰਡੀਗੜ੍ਹ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸਮੇਂ ਦੀ ਘਾਟ ਦਾ ਹਵਾਲਾ ਦਿੰਦਿਆਂ ਸੋਮਵਾਰ ਸੰਯੁਕਤ ਕਿਸਾਨ ਮੋਰਚਾ (ਐੱਸ ਕੇ ਐੱਮ) ਦੇ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ। ਐੱਸ ਕੇ ਐੱਮ ਦੇ ਆਗੂਆਂ ਨੇ ਕਿਸਾਨਾਂ ਤੇ ਮਜ਼ਦੂਰਾਂ ਨਾਲ ਸੰਬੰਧਤ ਮੁੱਦਿਆਂ ਨੂੰ ਸੁਲਝਾਉਣ ਲਈ ਰਾਸ਼ਟਰਪਤੀ ਨੂੰ ਪੱਤਰ ਲਿਖ ਕੇ ਮੁਲਾਕਾਤ ਕਰਨ ਲਈ ਸਮਾਂ ਮੰਗਿਆ ਸੀ। ਹਾਲਾਂਕਿ, ਐੱਸ ਕੇ ਐੱਮ ਆਗੂਆਂ ਨੇ ਰਾਸ਼ਟਰਪਤੀ ਵੱਲੋਂ ਕਿਸਾਨਾਂ ਨੂੰ ਮੁਲਾਕਾਤ ਲਈ ਸਮਾਂ ਨਾ ਦੇਣ ’ਤੇ ਅਫਸੋਸ ਜ਼ਾਹਰ ਕੀਤਾ ਹੈ, ਪਰ ਨਾਲ ਹੀ ਉਨ੍ਹਾਂ ਦੀ ਮੰਗ ’ਤੇ ਵਿਚਾਰ ਕਰਨ ਅਤੇ ਲਿਖਤੀ ਜਵਾਬ ਦੇਣ ਲਈ ਰਾਸ਼ਟਰਪਤੀ ਦੀ ਸ਼ਲਾਘਾ ਵੀ ਕੀਤੀ ਹੈ। ਐੱਸ ਕੇ ਐੱਮ ਦੇ ਆਗੂਆਂ ਨੇ ਆਸ ਪ੍ਰਗਟਾਈ ਕਿ ਰਾਸ਼ਟਰਪਤੀ ਭਵਨ ਵੱਲੋਂ ਕਿਸਾਨਾਂ ਦੀ ਮੁਲਾਕਾਤ ਲਈ ਸਮਾਂ ਦੇਣ ਸੰਬੰਧੀ ਮੰਗ ’ਤੇ ਮੁੜ ਤੋਂ ਵਿਚਾਰ ਕੀਤਾ ਜਾਵੇਗਾ।





