ਲਖੀਮਪੁਰ ਖੀਰੀ (ਯੂ ਪੀ)
ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਕਿਸਾਨਾਂ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੀ ਬਰਖਾਸਤਗੀ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਵੀਰਵਾਰ ਸਵੇਰੇ ਰਾਜਾਪੁਰ ਮੰਡੀ ਕਮੇਟੀ ਕੰਪਲੈਕਸ ’ਚ 75 ਘੰਟੇ ਦਾ ਧਰਨਾ ਸ਼ੁਰੂ ਕਰ ਦਿੱਤਾ। ਭਾਰਤੀ ਕਿਸਾਨ ਯੂਨੀਅਨ ਟਿਕੈਤ ਦੇ ਜ਼ਿਲ੍ਹਾ ਪ੍ਰਧਾਨ ਅਤੇ ਇਸ ਧਰਨੇ ਦੇ ਸਥਾਨਕ ਕਨਵੀਨਰ ਦਿਲਬਾਗ ਸਿੰਘ ਸੰਧੂ ਨੇ ਦੱਸਿਆ ਕਿ ਬੁੱਧਵਾਰ ਨੂੰ ਹੀ ਧਰਨਾ ਦੇਣ ਲਈ ਭਾਰਤੀ ਕਿਸਾਨ ਯੂਨੀਅਨ ਟਿਕੈਤ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ, ਕੌਮੀ ਜਥੇਬੰਦਕ ਸਕੱਤਰ ਭੂਦੇਵ ਸ਼ਰਮਾ ਅਤੇ ਜਥੇਬੰਦੀ ਦੇ ਹੋਰ ਪ੍ਰਮੁੱਖ ਆਗੂ ਇੱਥੇ ਪਹੁੰਚ ਗਏ ਸਨ। 75 ਘੰਟੇ ਦੇ ਧਰਨੇ ਵਿਚ ਸੰਯੁਕਤ ਕਿਸਾਨ ਮੋਰਚਾ ਦੇ ਕਈ ਹੋਰ ਆਗੂ ਵੀ ਸ਼ਾਮਲ ਹੋਣਗੇ। ਰਾਜਾਪੁਰ ਮੰਡੀ ਕਮੇਟੀ ਦੇ ਅਹਾਤੇ ਵਿਚ ਕਿਸਾਨਾਂ ਦੇ ਇਸ ਧਰਨੇ ’ਚ ਸ਼ਾਮਲ ਹੋਣ ਲਈ ਯੂ ਪੀ ਦੇ ਨਾਲ-ਨਾਲ ਉੱਤਰਾਖੰਡ, ਪੰਜਾਬ ਅਤੇ ਹਰਿਆਣਾ ਦੇ ਕਿਸਾਨ ਵੀ ਪਹੁੰਚ ਰਹੇ ਹਨ। ਇਸ ਧਰਨੇ ਲਈ ਜ਼ਿਲ੍ਹਾ ਪ੍ਰਸ਼ਾਸਨ ਤੋਂ ਇਜਾਜ਼ਤ ਲੈਣ ਦੇ ਸਵਾਲ ’ਤੇ ਸੰਧੂ ਨੇ ਕਿਹਾ ਕਿ ਉਨ੍ਹਾ ਇਸ ਸੰਬੰਧੀ ਪ੍ਰਸ਼ਾਸਨ ਨੂੰ ਸੂਚਿਤ ਕਰ ਦਿੱਤਾ ਹੈ। ਹਾਲਾਂਕਿ ਨਾ ਕੋਈ ਲਿਖਤੀ ਇਜਾਜ਼ਤ ਮੰਗੀ ਤੇ ਨਾ ਹੀ ਮਿਲੀ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਰੱਖਿਆ, ਸਾਫ-ਸਫਾਈ ਅਤੇ ਪੀਣ ਵਾਲੇ ਪਾਣੀ ਦੇ ਪ੍ਰਬੰਧ ਕੀਤੇ ਗਏ ਹਨ।