ਭੱਠਾ ਸਾਹਿਬ (ਰੋਪੜ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ਉੱਪਰ ਚੱਲਦਿਆਂ ਨਵੇਂ ਜੋਸ਼, ਲਗਨ, ਸਮਰਪਣ ਅਤੇ ਵਚਨਬੱਧਤਾ ਨਾਲ ਸੂਬੇ ਦੀ ਸੇਵਾ ਕਰਨ ਦਾ ਪ੍ਰਣ ਲਿਆ।ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸਿੱਖ ਗੁਰੂ ਨੇ ਸਾਨੂੰ ਜਬਰ-ਜ਼ੁਲਮ ਤੇ ਬੇਇਨਸਾਫ਼ੀ ਵਿਰੁੱਧ ਲੜਨ ਦਾ ਉਪਦੇਸ਼ ਦਿੱਤਾ ਸੀ। ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾ ਰਹੀ ਹੈ।




