ਵਾਸ਼ਿੰਗਟਨ : ਅਮਰੀਕਾ ਦੇ ਮਨੋਨੀਤ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਅਸਤੀਫੇ ਮਗਰੋਂ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਦੀ ਆਪਣੀ ਪੇਸ਼ਕਸ਼ ਦੁਹਰਾਈ ਹੈ। ਟਰੰਪ ਨੇ ਪਿਛਲੇ ਸਾਲ 5 ਨਵੰਬਰ ਨੂੰ ਰਾਸ਼ਟਰਪਤੀ ਦੀ ਚੋਣ ਜਿੱਤਣ ਮਗਰੋਂ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਮੁਲਾਕਾਤ ਕੀਤੀ ਸੀ, ਜਿਸ ਮਗਰੋਂ ਟਰੰਪ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਦੀ ਲਗਾਤਾਰ ਇੱਛਾ ਜਤਾਉਂਦੇ ਰਹੇ ਹਨ। ਟਰੰਪ ਦੇ ਪਿਛਲੇ ਕਾਰਜਕਾਲ ਦੌਰਾਨ ਵੀ ਉਨ੍ਹਾ ਦੇ ਟਰੂਡੋ ਨਾਲ ਸੰਬੰਧ ਕੋਈ ਬਹੁਤੇ ਚੰਗੇ ਨਹੀਂ ਰਹੇ ਸਨ। ਉਧਰ ਕੈਨੇਡਾ ਨੇ ਟਰੰਪ ਦੀ ਇਸ ਤਜਵੀਜ਼ ’ਤੇ ਕੋਈ ਤਵੱਜੋ ਨਹੀਂ ਦਿੱਤੀ। ਟਰੰਪ ਨੇ ਕਿਹਾ ਕਿ ਕੈਨੇਡਾ ਵਿੱਚ ਬਹੁਤ ਸਾਰੇ ਲੋਕ ਆਪਣੇ ਦੇਸ਼ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਦੇ ਇੱਛੁਕ ਹਨ। ਜੇ ਕੈਨੇਡਾ ਅਮਰੀਕਾ ਦਾ ਹਿੱਸਾ ਬਣ ਜਾਂਦਾ ਹੈ ਤਾਂ ਟੈਕਸ ਬਹੁਤ ਘੱਟ ਹੋ ਜਾਣਗੇ ਅਤੇ ਉਹ ਰੂਸੀ ਤੇ ਚੀਨੀ ਜਹਾਜ਼ਾਂ ਦੇ ਖਤਰੇ ਤੋਂ ਪੂਰੀ ਤਰ੍ਹਾਂ ਸੁਰੱਖਿਅਤ ਰਹਿਣਗੇ, ਜੋ ਲਗਾਤਾਰ ਉਨ੍ਹਾਂ ਨੂੰ ਘੇਰੀ ਰੱਖਦੇ ਹਨ। ਨਾਲ ਮਿਲ ਕੇ ਇਹ ਕਿੰਨਾ ਮਹਾਨ ਦੇਸ਼ ਬਣੇਗਾ।

