ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਵਿਭਾਗਾਂ ਦੀ ਚੱਲ ਰਹੀ ਭਰਤੀ ਪ੍ਰਕਿਰਿਆ ਨੂੰ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ। ਇੱਥੇ ਵੀਰਵਾਰ ਮੁੱਖ ਮੰਤਰੀ ਦਫਤਰ ਵਿਖੇ ਨਵ-ਨਿਯੁਕਤ 6635 ਈ ਟੀ ਟੀ ਅਧਿਆਪਕਾਂ ਵਿੱਚੋਂ 12 ਨੂੰ ਸੰਕੇਤਕ ਤੌਰ ਉਤੇ ਸਟੇਸ਼ਨ ਅਲਾਟਮੈਂਟ ਪੱਤਰ ਜਾਰੀ ਕਰਨ ਮੌਕੇ ਅਧਿਆਪਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਇਨ੍ਹਾਂ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਸਖਤ ਮਿਹਨਤ ਤੇ ਸਮਰਪਣ ਨਾਲ ਇਹ ਮੁਕਾਮ ਹਾਸਲ ਕੀਤਾ ਹੈ। ਉਨ੍ਹਾ ਕਿਹਾ ਕਿ ਸਖਤ ਘਾਲਣਾ ਘਾਲਣ ਵਾਲੇ ਇਹ ਨੌਜਵਾਨ ਇਸ ਅਹੁਦੇ ਦੇ ਹੱਕਦਾਰ ਸਨ, ਜਿਨ੍ਹਾਂ ਬੇਹੱਦ ਮੁਕਾਬਲੇ ਵਿੱਚੋਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਆਪਣੀ ਜਗ੍ਹਾ ਬਣਾਈ। ਭਗਵੰਤ ਮਾਨ ਨੇ ਕਿਹਾ ਕਿ ਅਜਿਹੀਆਂ ਹੋਰ ਨਿਯੁਕਤੀਆਂ ਦੀ ਪ੍ਰਕਿਰਿਆ ਵੀ ਚੱਲ ਰਹੀ ਹੈ, ਜਿਨ੍ਹਾਂ ਨੂੰ ਪਾਰਦਰਸ਼ੀ ਢੰਗ ਨਾਲ ਛੇਤੀ ਮੁਕੰਮਲ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਆਮ ਆਦਮੀ ਸਰਕਾਰ ਨੇ ਸੂਬੇ ਵਿੱਚ ਸੱਤਾ ਸੰਭਾਲਣ ਮਗਰੋਂ ਪਹਿਲਾ ਫੈਸਲਾ ਨੌਜਵਾਨਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦਾ ਕੀਤਾ। ਉਨ੍ਹਾ ਜ਼ੋਰ ਦੇ ਕੇ ਆਖਿਆ ਕਿ ਸੂਬਾ ਸਰਕਾਰ ਹਰੇਕ ਵਿਭਾਗ ਦੀ ਕਾਰਜਪ੍ਰਣਾਲੀ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ, ਤਾਂ ਕਿ ਲੋਕਾਂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਮਾਨ ਨੇ ਆਖਿਆ ਕਿ ਬਾਕੀ ਖਾਲੀ ਆਸਾਮੀਆਂ ਉਤੇ ਵੀ ਜਲਦੀ ਭਰਤੀ ਕੀਤੀ ਜਾਵੇਗੀ। ਪਿਛਲੀਆਂ ਸਰਕਾਰਾਂ ਉਤੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਮੁੱਢਲੇ ਦਿਨਾਂ ਵਿੱਚ ਹੀ ਲੋਕਾਂ ਦੀ ਭਲਾਈ ਲਈ ਕਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ, ਜਦੋਂ ਕਿ ਪਿਛਲੀਆਂ ਸਰਕਾਰਾਂ ਆਪਣੇ ਕਾਰਜਕਾਲ ਦੇ ਬਿਲਕੁੱਲ ਅੰਤ ਵਿੱਚ ਅਜਿਹੇ ਕਦਮ ਚੁੱਕਦੀਆਂ ਸਨ। ਉਨ੍ਹਾ ਕਿਹਾ ਕਿ ਇਸ ਸਰਕਾਰ ਨੇ ਕੁਝ ਹੀ ਦਿਨਾਂ ਵਿੱਚ ਏਨੇ ਕੰਮ ਕੀਤੇ ਹਨ, ਜਿਹੜੇ ਪਿਛਲੇ 75 ਸਾਲਾਂ ਵਿੱਚ ਨਹੀਂ ਹੋਏ। ਉਹਨਾ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਮਿਸ਼ਨਰੀ ਉਤਸ਼ਾਹ ਤੇ ਭਾਵਨਾ ਨਾਲ ਲੋਕਾਂ ਦੀ ਸੇਵਾ ਜਾਰੀ ਰੱਖਣਗੇ।




