ਪਟਿਆਲਾ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ਖਤਮ ਕਰਨ ਦਾ ਆਦੇਸ਼ ਜਾਰੀ ਕਰਨ ਦੀ ਅਪੀਲ ਕਰਨ ਵਾਲੇ ਭਾਜਪਾ ਆਗੂ ਸੁਖਮਿੰਦਰ ਸਿੰਘ ਗਰੇਵਾਲ ਦਾ ਹਮਦਰਦੀ ਲਈ ਧੰਨਵਾਦ ਕਰਦਿਆਂ ਡੱਲੇਵਾਲ ਨੇ ਕਿਹਾ ਕਿ ਉਨ੍ਹਾ ਨੂੰ ਚਾਹੀਦਾ ਹੈ ਕਿ ਸਿੰਘ ਸਾਹਿਬਾਨ ਦੀ ਬਜਾਏ ਉਹ ਪ੍ਰਧਾਨ ਮੰਤਰੀ ਨੂੰ ਮਿਲਣ ਅਤੇ ਉਨ੍ਹਾ ਉੱਪਰ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਜ਼ੋਰ ਪਾਉਣ।
ਡੱਲੇਵਾਲ ਨੇ ਕਿਹਾ ਕਿ ਜੇ ਮੰਗਾਂ ਮੰਨੀਆਂ ਜਾਂਦੀਆਂ ਹਨ, ਤਾਂ ਉਹ ਮਰਨ ਵਰਤ ਖਤਮ ਕਰ ਦੇਣਗੇ, ਕਿਉਂਕਿ ਉਨ੍ਹਾ ਨੂੰ ਮਰਨ ਵਰਤ ਰੱਖਣ ਜਾਂ ਕਿਸਾਨਾਂ ਨਾਲ ਸੜਕਾਂ ’ਤੇ ਬੈਠਣ ਦਾ ਕੋਈ ਸ਼ੌਕ ਨਹੀਂ ਹੈ। ਉਨ੍ਹਾ ਕਿਹਾ ਕਿ ਕਿਸਾਨ ਸਿਰਫ ਆਪਣੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਹੀ ਅਜਿਹਾ ਕਰਨ ਲਈ ਮਜਬੂਰ ਹਨ।