10.3 C
Jalandhar
Thursday, January 23, 2025
spot_img

ਸੁਖਬੀਰ ਬਾਦਲ ਦਾ ਅਸਤੀਫਾ ਮਨਜ਼ੂਰ, ਪ੍ਰਧਾਨ ਦੀ ਚੋਣ ਪਹਿਲੀ ਮਾਰਚ ਨੂੰ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਸ਼ੁੱਕਰਵਾਰ ਸੁਖਬੀਰ ਸਿੰਘ ਬਾਦਲ ਦਾ ਪ੍ਰਧਾਨਗੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ ਮਨਜ਼ੂਰ ਕਰ ਲਿਆ। ਉਨ੍ਹਾ ਸਿੰਘ ਸਾਹਿਬਾਨ ਦੇ ਹੁਕਮ ’ਤੇ 16 ਨਵੰਬਰ 2024 ਨੂੰ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਆਪਣਾ ਅਸਤੀਫਾ ਭੇਜਿਆ ਸੀ ਪਰ ਵਰਕਿੰਗ ਕਮੇਟੀ ਨੇ ਮਨਜ਼ੂਰ ਨਹੀਂ ਸੀ ਕੀਤਾ।
ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਡਾ. ਦਲਜੀਤ ਸਿੰਘ ਚੀਮਾ ਸਮੇਤ ਪਾਰਟੀ ਦੇ ਸੀਨੀਅਰ ਆਗੂ ਹਾਜ਼ਰ ਰਹੇ। ਸੀਨੀਅਰ ਅਕਾਲੀ ਆਗੂਆਂ ਵੱਲੋਂ ਇਸ ਮੌਕੇ ਪਾਰਟੀ ਦੀ ਨਵੀਂ ਮੈਂਬਰਸ਼ਿਪ ਦੇ ਪ੍ਰੋਗਰਾਮ ਸਮੇਤ ਪੰਜਾਬ ਨਾਲ ਸੰਬੰਧਤ ਕਈ ਅਹਿਮ ਮੁੱਦਿਆਂ ’ਤੇ ਵੀ ਚਰਚਾ ਕੀਤੀ ਗਈ।
ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੇਂ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ, ਜੋ ਕਿ ਪਾਰਟੀ ਨੂੰ ਇਕਜੁਟਤਾ ਨਾਲ ਅੱਗੇ ਲੈ ਕੇ ਜਾ ਸਕੇ। ਮੀਟਿੰਗ ਦੌਰਾਨ ਵਰਕਿੰਗ ਕਮੇਟੀ ਦੇ ਮੈਂਬਰਾਂ ਵੱਲੋਂ 20 ਜਨਵਰੀ ਤੋਂ ਪਾਰਟੀ ਦੀ ਮੈਂਬਰਸ਼ਿਪ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ, ਜੋ ਕਿ 20 ਫਰਵਰੀ ਤੱਕ ਚੱਲੇਗੀ। ਉਪਰੰਤ ਇੱਕ ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ। ਇਸ ਦੌਰਾਨ ਜਥੇਬੰਦਕ ਚੋਣ ਲਈ ਮੁੱਖ ਚੋਣ ਅਫਸਰ ਵਜੋਂ ਗੁਲਜ਼ਾਰ ਸਿੰਘ ਰਣੀਕੇ ਮੁੱਖ ਭੂਮਿਕਾ ਨਿਭਾਉਣਗੇ, ਜਦਕਿ ਡਾ. ਦਲਜੀਤ ਸਿੰਘ ਚੀਮਾ ਉਨ੍ਹਾ ਦਾ ਸਾਥ ਦੇਣਗੇ। ਵਰਕਿੰਗ ਕਮੇਟੀ ਵੱਲੋਂ ਵੱਖ-ਵੱਖ ਥਾਂਵਾਂ ’ਤੇ ਪਾਰਟੀ ਦੀ ਭਰਤੀ ਮੁਹਿੰਮ ਲਈ ਆਗੂਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।
ਸੁਖਬੀਰ ਸਿੰਘ ਬਾਦਲ 2008 ’ਚ ਸਭ ਤੋਂ ਛੋਟੀ ਉਮਰ ਦੇ ਅਕਾਲੀ ਦਲ ਦੇ ਪ੍ਰਧਾਨ ਬਣੇ ਸਨ। ਉਨ੍ਹਾ 16 ਨਵੰਬਰ ਨੂੰ ਅਸਤੀਫਾ ਦਿੱਤਾ ਸੀ। ਇਸ ਦੌਰਾਨ 2 ਦਸੰਬਰ, 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ’ਚ 5 ਸਿੰਘ ਸਾਹਿਬਾਨ ਨੇ ਹੁਕਮਨਾਮਾ ਜਾਰੀ ਕਰਕੇ ਦਾਗੀ ਅਕਾਲੀ ਨੇਤਾਵਾਂ ਦੇ ਅਸਤੀਫੇ ਮਨਜ਼ੂਰ ਕਰ ਕੇ ਅਕਾਲ ਤਖਤ ਉਤੇ ਭੇਜਣ ਦਾ ਹੁਕਮ ਜਾਰੀ ਕੀਤਾ ਸੀ। ਸ੍ਰੀ ਅਕਾਲ ਤਖ਼ਤ ਨੇ ਇਸ ਤੋਂ ਪਹਿਲਾਂ ਬੀਤੀ 30 ਅਗਸਤ ਨੂੰ ਸੁਖਬੀਰ ਬਾਦਲ ਨੂੰ ਅਕਾਲੀ ਦਲ ਦੀਆਂ ਪਿਛਲੀਆਂ ਸਰਕਾਰਾਂ ਦੌਰਾਨ ਹੋਈਆਂ ਗ਼ਲਤੀਆਂ ਲਈ ਤਨਖ਼ਾਹੀਆ ਕਰਾਰ ਦੇ ਦਿੱਤਾ ਸੀ ਤੇ ਬਾਅਦ ਵਿਚ ਇਸ ਸੰਬੰਧੀ ਉਨ੍ਹਾ ਤੇ ਹੋਰ ਅਕਾਲੀ ਆਗੂਆਂ ਨੂੰ ਧਾਰਮਕ ਸਜ਼ਾ ਲਾਈ ਗਈ ਸੀ।
ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਵੱਲੋਂ ਹਾਲੇ ਤੱਕ ਪ੍ਰਧਾਨ ਦਾ ਅਸਤੀਫ਼ਾ ਮਨਜ਼ੂਰ ਕਰਨ ਸੰਬੰਧੀ ਅਕਾਲ ਤਖ਼ਤ ਦੇ ਹੁਕਮਾਂ ਤਹਿਤ ਕਾਰਵਾਈ ਨਾ ਕੀਤੇ ਜਾਣ ਕਾਰਨ ਦਲ ਉਤੇ ਸਵਾਲ ਉੱਠ ਰਹੇ ਸਨ। ਇਸ ਮਾਮਲੇ ਨੂੰ ਲੈ ਕੇ ਵਿਰੋਧੀਆਂ ਵੱਲੋਂ ਅਕਾਲੀ ਦਲ ਤੇ ਸੁਖਬੀਰ ਬਾਦਲ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਸੀ।
ਇਸ ਦੌਰਾਨ ਸੁਖਬੀਰ ਬਾਦਲ ਨੇ ਵਰਕਿੰਗ ਕਮੇਟੀ ਵੱਲੋਂ ਆਪਣਾ ਅਸਤੀਫ਼ਾ ਮਨਜ਼ੂਰ ਕਰ ਲਏ ਜਾਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਲ ਦੇ ਵਰਕਰਾਂ ਤੇ ਆਗੂਆਂ ਦਾ ਉਨ੍ਹਾਂ ਤੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ ਹੈ।

Related Articles

Latest Articles