ਪਾਤੜਾਂ/ਸਮਰਾਲਾ
(ਨਿਸ਼ਾਨ ਸਿੰਘ ਬਣਵਾਲਾ/
ਸੁਰਜੀਤ ਸਿੰਘ)
ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਦੀ ਵਾਪਸੀ ਸਮੇਂ ਕੀਤੇ ਗਏ ਵਾਅਦਿਆਂ ’ਤੇ ਪੂਰਾ ਨਾ ਉਤਰਨ ਦੇ ਰੋਸ ਵਜੋਂ ਪਿਛਲੇ 11 ਮਹੀਨਿਆਂ ਤੋਂ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੀ ਅਗਵਾਈ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਸੰਯੁਕਤ ਕਿਸਾਨ ਮੋਰਚਾ ਅਤੇ ਐੱਸ ਕੇ ਐੱਮ (ਗੈਰ-ਸਿਆਸੀ) ਦੀ ਅਗਵਾਈ ਵਾਲੀਆਂ ਧਿਰਾਂ ਵਿੱਚ ਏਕਤਾ ਦੇ ਮੁੱਦੇ ਨੂੰ ਲੈ ਕੇ ਸੋਮਵਾਰ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਪਾਤੜਾਂ ਵਿਖੇ ਮੀਟਿੰਗ ਹੋਈ। ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਬਣਾਈ ਗਈ ਛੇ ਮੈਂਬਰੀ ਤਾਲਮੇਲ ਕਮੇਟੀ ਅਤੇ ਸੰਘਰਸ਼ ਲੜ ਰਹੀਆਂ ਦੋਵਾਂ ਫੋਰਮਾਂ ਦੇ ਆਗੂਆਂ ਨੇ ਹਿੱਸਾ ਲਿਆ। ਮੀਟਿੰਗ ਵਿੱਚ ਭਾਵੇਂ ਕਿਸਾਨ ਅੰਦੋਲਨ ਨੂੰ ਲੈ ਕੇ ਕੋਈ ਵੱਡਾ ਰਸਮੀ ਐਲਾਨ ਨਹੀਂ ਕੀਤਾ ਗਿਆ, ਪਰ ਸੁਖਾਵੇਂ ਮਾਹੌਲ ਵਿੱਚ ਮੀਟਿੰਗ ਹੋਣ ਦਾ ਦੋਵਾਂ ਫੋਰਮਾਂ ਦੇ ਆਗੂਆਂ ਨੇ ਦਾਅਵਾ ਕਰਦਿਆਂ ਕੇਂਦਰ ਸਰਕਾਰ ਖ਼ਿਲਾਫ਼ ਰਲ ਕੇ ਸੰਘਰਸ਼ ਲੜਨ ਦਾ ਅਹਿਦ ਦੁਹਰਾਇਆ। ਇਸ ਦੌਰਾਨ ਮੋਰਚੇ ਦੇ ਆਗੂਆਂ ਵੱਲੋਂ ਇੱਕ-ਦੂਜੇ ਖ਼ਿਲਾਫ਼ ਬਿਆਨਬਾਜ਼ੀ ਕਰਨ ਤੋਂ ਪਰਹੇਜ਼ ਕਰਨ ਦਾ ਸੁਨੇਹਾ ਦਿੰਦਿਆਂ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਅਗਲੀ ਮੀਟਿੰਗ 18 ਜਨਵਰੀ ਨੂੰ ਕਰਨ ਦਾ ਐਲਾਨ ਕੀਤਾ ਗਿਆ।
ਮੀਟਿੰਗ ਉਪਰੰਤ ਸੰਯੁਕਤ ਕਿਸਾਨ ਮੋਰਚਾ, ਐੱਸ ਕੇ ਐੱਮ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚੇ ਦੇ ਆਗੂਆਂ ਵੱਲੋਂ ਕੀਤੀ ਗਈ ਸਾਂਝੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਕਾਕਾ ਸਿੰਘ ਕੋਟੜਾ, ਜੋਗਿੰਦਰ ਸਿੰਘ ਉਗਰਾਹਾਂ ਅਤੇ ਰਮਿੰਦਰ ਸਿੰਘ ਪਟਿਆਲਾ ਨੇ ਕਿਹਾ ਕਿ ਦੋਵਾਂ ਧਿਰਾਂ ਦਰਮਿਆਨ ਮੀਟਿੰਗ ਬੇਹੱਦ ਸੁਖਾਵੇਂ ਮਾਹੌਲ ਵਿੱਚ ਹੋਈ। ਸੰਯੁਕਤ ਕਿਸਾਨ ਮੋਰਚੇ ਵੱਲੋਂ 9 ਜਨਵਰੀ ਨੂੰ ਮੋਗਾ ਵਿੱਚ ਕੀਤੀ ਗਈ ਕਿਸਾਨ ਮਹਾਂ-ਪੰਚਾਇਤ ਮਗਰੋਂ ਖਨੌਰੀ ਅਤੇ ਸ਼ੰਭੂ ਬਾਰਡਰਾਂ ਉੱਤੇ ਏਕਤਾ ਮਤਾ ਲੈ ਕੇ ਪੁੱਜੇ ਕਿਸਾਨ ਆਗੂਆਂ ਦੇ ਸੱਦੇ ’ਤੇ ਮੀਟਿੰਗ ਜੋ 15 ਜਨਵਰੀ ਨੂੰ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਹੋਣੀ ਸੀ, ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਕਾਰਨ ਉਹਨਾ ਦੀ ਵਿਗੜ ਰਹੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਸੋਮਵਾਰ ਨੂੰ ਕੀਤੀ ਗਈ। ਕਿਸਾਨ ਆਗੂਆਂ ਨੇ ਦੱਸਿਆ ਕਿ ਦੋ-ਢਾਈ ਘੰਟੇ ਦੇ ਕਰੀਬ ਚੱਲੀ ਇਸ ਮੀਟਿੰਗ ਵਿੱਚ ਕਿਸਾਨਾਂ ਅੰਦੋਲਨ ਨੂੰ ਹੋਰ ਤਿੱਖਾ ਕਰਨ ਅਤੇ ਕੇਂਦਰ ਸਰਕਾਰ ਉੱਤੇ ਕਿਸਾਨੀ ਮੰਗਾਂ ਦੇ ਹੱਲ ਲਈ ਦਬਾਅ ਵਧਾਉਣ ਨੂੰ ਲੈ ਕੇ ਬਹੁਤ ਸਾਰੇ ਪਹਿਲੂਆਂ ਉੱਤੇ ਚਰਚਾ ਹੋਈ। ਕਿਸਾਨ ਆਗੂਆਂ ਨੇ ਦਾਅਵਾ ਕੀਤਾ ਕਿ 10 ਜਨਵਰੀ ਨੂੰ ਏਕਤਾ ਮਤਾ ਲੈ ਕੇ ਕਿਸਾਨ ਆਗੂਆਂ ਦੇ ਪੁੱਜਣ ਉਪਰੰਤ ਸਾਂਝੇ ਐਕਸ਼ਨ ਕੀਤੇ ਗਏ ਹਨ, ਜਿਸ ਦੇ ਤਹਿਤ ਹੀ ਲੋਹੜੀ ਵਾਲੇ ਦਿਨ ਰਾਜ ਭਰ ਵਿੱਚ ਸੈਂਕੜੇ ਥਾਵਾਂ ਉੱਤੇ ਐੱਸ ਡੀ ਐੱਮ ਦਫਤਰਾਂ ਸਾਹਮਣੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਖੇਤੀ ਮੰਡੀਕਰਨ ਕਾਨੂੰਨ ਦੇ ਖਰੜੇ ਦੀਆਂ ਕਾਪੀਆਂ ਸਾੜੀਆਂ ਗਈਆਂ।
ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਵੱਲੋਂ ਅਚਾਨਕ ਮੀਟਿੰਗ ਵਿੱਚੋਂ ਉੱਠ ਕੇ ਚਲੇ ਜਾਣਾ ਕਾਫੀ ਦੇਰ ਤੱਕ ਚਰਚਾ ਦਾ ਵਿਸ਼ਾ ਬਣਿਆ ਰਿਹਾ। ਉਹਨਾ ਦੇ ਚਲਦੀ ਮੀਟਿੰਗ ਵਿੱਚੋਂ ਇਸ ਤਰ੍ਹਾਂ ਉੱਠ ਕੇ ਚਲੇ ਜਾਣ ਨੂੰ ਲੈ ਕੇ ਹਰ ਪਾਸੇ ਚਰਚਾਵਾਂ ਦਾ ਬਾਜ਼ਾਰ ਗਰਮ ਹੋ ਗਿਆ ਅਤੇ ਮੀਡੀਆ ਦੀਆਂ ਨਜ਼ਰਾਂ ਮੀਟਿੰਗ ਵਿੱਚੋਂ ਉੱਠ ਕੇ ਜਾਣ ਦੇ ਕਾਰਨ ਉੱਤੇ ਲੱਗ ਗਈਆਂ। ਮੀਟਿੰਗ ਉਪਰੰਤ ਕਿਸਾਨ ਆਗੂਆਂ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਰਾਜੇਵਾਲ ਪਰਵਾਰਕ ਰੁਝੇਵੇਂ ਕਾਰਨ ਚਲੇ ਗਏ। ਮੀਟਿੰਗ ਵਿੱਚ ਹਾਜ਼ਰ ਹੋਣ ਲਈ ਛੇ ਮੈਂਬਰੀ ਤਾਲਮੇਲ ਕਮੇਟੀ ਦੇ ਮੈਂਬਰਾਂ ਵਜੋਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਰਮਿੰਦਰ ਸਿੰਘ ਪਟਿਆਲਾ, ਡਾਕਟਰ ਦਰਸ਼ਨ ਪਾਲ, ਕੇਰਲਾ ਤੋਂ �ਿਸ਼ਨਾ ਪ੍ਰਸਾਦ ਅਤੇ ਯੁੱਧਵੀਰ ਸਿੰਘ ਸ਼ਾਮਿਲ ਸਨ, ਜਦੋਂ ਕਿ ਐੱਸ ਕੇ ਐੱਮ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚੇ ਵੱਲੋਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਕਾਕਾ ਸਿੰਘ ਕੋਟੜਾ, ਸੁਰਜੀਤ ਸਿੰਘ ਫੂਲ, ਅਭਿਮਨਿਊ ਕੋਹਾੜ, ਲਖਵਿੰਦਰ ਸਿੰਘ ਔਲਖ, ਇੰਦਰਜੀਤ ਸਿੰਘ ਕੋਟ ਬੁੱਢਾ, ਜਰਨੈਲ ਸਿੰਘ ਹਰਿਆਣਾ, ਮਨਜੀਤ ਸਿੰਘ ਰਾਏ ਅਤੇ ਜਸਵਿੰਦਰ ਸਿੰਘ ਲੌਂਗੋਵਾਲ ਆਦਿ ਸ਼ਾਮਲ ਹੋਏ।





