ਅੰਮਿ੍ਰਤਸਰ (ਜਸਬੀਰ ਸਿੰਘ ਪੱਟੀ, ਕੰਵਲਜੀਤ ਸਿੰਘ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਅਤਿ-ਆਧੁਨਿਕ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਆਰਟੀਫਿਸ਼ਲ ਇੰਟੈਲੀਜੈਂਸ ਸਥਾਪਤ ਕਰਨ ਦਾ ਐਲਾਨ ਕੀਤਾ ਹੈ।ਇੱਥੇ ਉੱਘੇ ਕਵੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਰਵਾਏ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੈਂਟਰ ਅਤਿ-ਆਧੁਨਿਕ ਤਕਨਾਲੋਜੀ ਨਾਲ ਲੈਸ ਹੋਵੇਗਾ। ਉਨ੍ਹਾ ਇਸ ਅਹਿਮ ਕਾਰਜ ਲਈ ਯੂਨੀਵਰਸਿਟੀ ਨੂੰ ਪੂਰੀ ਸਹਾਇਤਾ ਅਤੇ ਸਹਿਯੋਗ ਦਾ ਭਰੋਸਾ ਦਿੱਤਾ। ਮਾਨ ਨੇ ਇਸ ਮਹਾਨ ਲੇਖਕ ਦੀ ਯਾਦ ਵਿੱਚ ਐਵਾਰਡ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ, ਜਿਸ ਨਾਲ ਉੱਭਰਦੇ ਲੇਖਕ ਉਤਸ਼ਾਹਿਤ ਹੋਣਗੇ।ਮੁੱਖ ਮੰਤਰੀ ਨੇ ਕਿਹਾ ਕਿ ਯੂਨੀਵਰਸਿਟੀਆਂ ਵਿੱਚ ਨਿਯੁਕਤੀਆਂ ਇਨ੍ਹਾਂ ਵੱਕਾਰੀ ਅਦਾਰਿਆਂ ਵਿੱਚ ਅਕਾਦਮਿਕਤਾ ਨੂੰ ਉਤਸ਼ਾਹਿਤ ਕਰਨ ਦੇ ਇੱਕੋ-ਇੱਕ ਮੰਤਵ ਦੀ ਪੂਰਤੀ ਲਈ ਕੀਤੀਆਂ ਜਾ ਰਹੀਆਂ ਹਨ। ਉਨ੍ਹਾ ਕਿਹਾ ਕਿ ਇਸ ਇੱਕੋ-ਇੱਕ ਏਜੰਡੇ ਦਾ ਮਕਸਦ ਇਨ੍ਹਾਂ ਪ੍ਰਮੁੱਖ ਅਦਾਰਿਆਂ ਵਿੱਚ ਧੜੇਬੰਦੀ ਦੀ ਥਾਂ ਸਿੱਖਿਆ ਨੂੰ ਹੁਲਾਰਾ ਦੇਣਾ ਯਕੀਨੀ ਬਣਾਉਣਾ ਹੈ। ਡਾ. ਸੁਰਜੀਤ ਪਾਤਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਧਰਤੀ ਮਾਂ ਦੇ ਇਸ ਮਹਾਨ ਸਪੁੱਤਰ ਦਾ ਦੇਹਾਂਤ ਪੰਜਾਬੀ ਸਾਹਿਤ ਲਈ ਵੱਡਾ ਅਤੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾ ਕਿਹਾ ਕਿ ਡਾ. ਸੁਰਜੀਤ ਪਾਤਰ ਪੰਜਾਬੀ ਸਾਹਿਤ ਦੇ ਮਹਾਨ ਲੇਖਕਾਂ ਵਿੱਚੋਂ ਇੱਕ ਸਨ ਅਤੇ ਇਸ ਮਰਹੂਮ ਲੇਖਕ ਨਾਲ ਉਨ੍ਹਾਂ ਦੀ ਗੂੜ੍ਹੀ ਸਾਂਝ ਸੀ, ਜਿਨ੍ਹਾਂ ਹਮੇਸ਼ਾ ਅੱਗੇ ਵਧਣ ਦਾ ਹੌਸਲਾ ਦਿੱਤਾ। ਮਾਨ ਨੇ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਡਾ. ਸੁਰਜੀਤ ਪਾਤਰ ਦੇ ਵਡਮੁੱਲੇ ਯੋਗਦਾਨ ਨੂੰ ਯਾਦ ਕੀਤਾ, ਜੋ ਹਮੇਸ਼ਾ ਲੋਕਾਂ ਦੇ ਚੇਤਿਆਂ ਵਿੱਚ ਵਸਿਆ ਰਹੇਗਾ।ਮੁੱਖ ਮੰਤਰੀ ਨੇ ਕਿਹਾ ਕਿ ਡਾ. ਸੁਰਜੀਤ ਪਾਤਰ ਪੰਜਾਬੀ ਦੇ ਉਨ੍ਹਾਂ ਉੱਘੇ ਲੇਖਕਾਂ ਵਿੱਚੋਂ ਇੱਕ ਸਨ, ਜਿਨ੍ਹਾਂ ਨੇ ਹਰੇਕ ਪੰਜਾਬੀ ਦੀ ਮਾਨਸਿਕਤਾ ’ਤੇ ਡੂੰਘਾ ਪ੍ਰਭਾਵ ਪਾਇਆ ਅਤੇ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਜੋ ਕੰਮ ਅੰਗਰੇਜ਼ੀ ਭਾਸ਼ਾ ਵਿੱਚ ਪ੍ਰਸਿੱਧ ਲੇਖਕ ਕੀਟਸ ਨੇ ਕੀਤਾ, ਉਹ ਕਾਰਜ ਪੰਜਾਬੀ ਭਾਸ਼ਾ ਵਿੱਚ ਡਾ. ਸੁਰਜੀਤ ਪਾਤਰ ਦੇ ਹਿੱਸੇ ਆਇਆ। ਉਨ੍ਹਾ ਡਾ. ਪਾਤਰ ਨੂੰ ‘ਮਹਾਨ ਲੇਖਕ’ ਦੱਸਿਆ, ਜਿਨ੍ਹਾਂ ਆਪਣੀ ਕਲਮ ਰਾਹੀਂ ਸਮਾਜ ਵਿੱਚ ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਬੇਮਿਸਾਲ ਯੋਗਦਾਨ ਪਾਇਆ। ਭਗਵੰਤ ਸਿੰਘ ਮਾਨ ਨੇ ਵਿੱਛੜੇ ਲੇਖਕ ਦੇ ਸਾਹਿਤਕ ਯੋਗਦਾਨ ਨੂੰ ਚੇਤੇ ਕਰਦਿਆਂ ਕਿਹਾ ਕਿ ਉਹ ਪੰਜਾਬੀ ਦੇ ਉੱਘੇ ਸਾਹਿਤਕਾਰ ਸਨ, ਜੋ ਆਪਣੀਆਂ ਸ਼ਾਨਦਾਰ ਲਿਖਤਾਂ ਰਾਹੀਂ ਉੱਭਰਦੇ ਲੇਖਕਾਂ ਨੂੰ ਹਮੇਸ਼ਾ ਪ੍ਰੇਰਿਤ ਕਰਦੇ ਰਹਿਣਗੇ।





