ਅੰਮਿ੍ਰਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀਰਵਾਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਭੇਜ ਕਿਹਾ ਕਿ ਭਾਜਪਾ ਦੀ ਸੰਸਦ ਮੈਂਬਰ ਤੇ ਫਿਲਮ ਅਦਾਕਾਰਾ ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਨੂੰ 17 ਜਨਵਰੀ ਨੂੰ ਪੰਜਾਬ ਵਿੱਚ ਰਿਲੀਜ਼ ਕੀਤੇ ਜਾਣ ’ਤੇ ਸਿੱਖ ਜਗਤ ਦੇ ਰੋਸ ਅਤੇ ਰੋਹ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਉਹ ਫਿਲਮ ਰਿਲੀਜ਼ ਹੋਣ ਨੂੰ ਰੋਕਣ।
ਨਾਰਾਜ਼ ਅਕਾਲੀ ਆਗੂ ਜਥੇਦਾਰ ਨੂੰ ਮਿਲੇ
ਅੰਮਿ੍ਰਤਸਰ : ਨਾਰਾਜ਼ ਅਕਾਲੀ ਆਗੂਆਂ ਨੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰ ਕੇ ਅਕਾਲੀ ਦਲ ਦੀ ਭਰਤੀ ਸੰਬੰਧੀ ਬਣਾਈ ਗਈ ਸੱਤ ਮੈਂਬਰੀ ਕਮੇਟੀ ਨੂੰ ਕਾਰਜਸ਼ੀਲ ਕਰਨ ਦੀ ਮੰਗ ਕੀਤੀ। ਜਥੇਦਾਰ ਨੂੰ ਮਿਲਣ ਵਾਲੇ ਨਾਰਾਜ਼ ਅਕਾਲੀ ਆਗੂਆਂ ’ਚ ਗੁਰਪ੍ਰਤਾਪ ਸਿੰਘ ਵਡਾਲਾ, ਸੰਤਾ ਸਿੰਘ ਉਮੈਦਪੁਰੀ ਅਤੇ ਭਾਈ ਮਨਜੀਤ ਸਿੰਘ ਆਦਿ ਸ਼ਾਮਲ ਸਨ। ਵਡਾਲਾ ਨੇ ਕਿਹਾ ਕਿ ਜਥੇਦਾਰ ਨੇ ਆਖਿਆ ਕਿ ਪਾਰਟੀ ’ਚ ਭਰਤੀ ਦੀ ਨਿਗਰਾਨੀ ਸ੍ਰੀ ਅਕਾਲ ਤਖਤ ਤੋਂ ਐਲਾਨੀ ਗਈ ਸੱਤ ਮੈਂਬਰੀ ਕਮੇਟੀ ਹੀ ਕਰੇਗੀ। ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਨਵੀਂ ਭਰਤੀ ਦੀ ਪ੍ਰਕਿਰਿਆ 20 ਜਨਵਰੀ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ ਅਤੇ ਸੱਤ ਮੈਂਬਰੀ ਕਮੇਟੀ ਨੂੰ ਅਣਗੌਲਿਆ ਕਰ ਦਿੱਤਾ ਹੈ।
ਕੇਂਦਰੀ ਮੁਲਾਜ਼ਮਾਂ ਲਈ ਅੱਠਵਾਂ ਪੇ ਕਮਿਸ਼ਨ
ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਵੀਰਵਾਰ ਕੇਂਦਰੀ ਸਰਕਾਰੀ ਮੁਲਾਜ਼ਮਾਂ ਦੀਆਂ ਤਨਖਾਹਾਂ ਅਤੇ ਪੈਨਸ਼ਨਰਾਂ ਦੇ ਭੱਤਿਆਂ ’ਚ ਸੋਧ ਕਰਨ ਲਈ ਅੱਠਵੇਂ ਤਨਖਾਹ ਕਮਿਸ਼ਨ ਦੀ ਸਥਾਪਨਾ ਕਰਨ ਨੂੰ ਮਨਜ਼ੂਰੀ ਦੇ ਦਿੱਤੀ। ਕੇਂਦਰੀ ਸੂਚਨਾ ਅਤੇ ਪ੍ਰਸਾਰਨ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਇਹ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਿਆ ਹੈ। ਕਮਿਸ਼ਨ ਦੇ ਚੇਅਰਮੈਨ ਅਤੇ ਦੋ ਮੈਂਬਰਾਂ ਦੀ ਨਿਯੁਕਤੀ ਜਲਦੀ ਹੀ ਕੀਤੀ ਜਾਵੇਗੀ। ਇਸ ਵੇਲੇ 49 ਲੱਖ ਤੋਂ ਵੱਧ ਕੇਂਦਰੀ ਸਰਕਾਰੀ ਕਰਮਚਾਰੀ ਅਤੇ ਲਗਭਗ 65 ਲੱਖ ਪੈਨਸ਼ਨਰ ਹਨ। ਮੰਤਰੀ ਨੇ ਕਿਹਾ ਕਿ ਨਵੇਂ ਤਨਖਾਹ ਕਮਿਸ਼ਨ ਦੀ ਸਥਾਪਨਾ ਇਹ ਯਕੀਨੀ ਬਣਾਏਗੀ ਕਿ ਸੱਤਵੇਂ ਤਨਖਾਹ ਪੈਨਲ ਦੀ ਮਿਆਦ 2026 ’ਚ ਪੂਰੀ ਹੋਣ ਤੋਂ ਪਹਿਲਾਂ ਇਸ ਦੀਆਂ ਸਿਫਾਰਸ਼ਾਂ ਪ੍ਰਾਪਤ ਹੋ ਜਾਣ। ਸੱਤਵਾਂ ਕਮਿਸ਼ਨ 2014 ’ਚ ਗਠਿਤ ਕੀਤਾ ਗਿਆ ਸੀ ਅਤੇ ਇਸ ਦੀਆਂ ਸਿਫਾਰਸ਼ਾਂ 1 ਜਨਵਰੀ, 2016 ਨੂੰ ਲਾਗੂ ਕੀਤੀਆਂ ਗਈਆਂ ਸਨ।




