ਜੈਪੁਰ : ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਸ਼ੁੱਕਰਵਾਰ ਪੰਜਾਬ ਤੇ ਕੇਂਦਰ ਸਰਕਾਰ ’ਤੇ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ’ਤੇ ਚੱਲ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪ੍ਰਤੀ ਅਸੰਵੇਦਨਸ਼ੀਲਤਾ ਦਿਖਾਉਣ ਦਾ ਦੋਸ਼ ਲਗਾਇਆ। ਉਨ੍ਹਾ ਕਿਹਾ ਕਿ ਇਹੀ ਕਾਰਨ ਹੈ ਕਿ 111 ਹੋਰ ਕਿਸਾਨ ਸਰਕਾਰ ਦੇ ਸਾਹਮਣੇ ਆਪਣੀ ਗੱਲ ਰੱਖਣ ਵਾਸਤੇ ਭੁੱਖ-ਹੜਤਾਲ ’ਤੇ ਚਲੇ ਗਏ ਹਨ। ਗਹਿਲੋਤ ਨੇ ਕਿਹਾਡੱਲੇਵਾਲ ਨੂੰ ਭੁੱਖ ਹੜਤਾਲ ’ਤੇ ਬੈਠਿਆਂ 51 ਦਿਨ ਹੋ ਗਏ ਹਨ। ਉਨ੍ਹਾ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ। ਇਨ੍ਹਾਂ 51 ਦਿਨਾਂ ’ਚ ਪੰਜਾਬ ਤੇ ਕੇਂਦਰ ਸਰਕਾਰ ਨੇ ਪੂਰੀ ਤਰ੍ਹਾਂ ਅਸੰਵੇਦਨਸ਼ੀਲਤਾ ਦਿਖਾਈ ਹੈ। ਤਿੰਨ ਕਾਲੇ ਕਾਨੂੰਨਾਂ ਦੇ ਵਿਰੋਧ ’ਚ ਲੱਗਭੱਗ 700 ਕਿਸਾਨਾਂ ਦੀਆਂ ਜਾਨਾਂ ਜਾਣ ਤੋਂ ਬਾਅਦ ਸਰਕਾਰ ਨੇ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣੀਆਂ। ਇਹ ਸਮਝ ਤੋਂ ਪਰ੍ਹੇ ਹੈ ਕਿ ਅਜਿਹੀ ਸਥਿਤੀ ਵਾਰ-ਵਾਰ ਕਿਉਂ ਪੈਦਾ ਹੁੰਦੀ ਹੈ ਅਤੇ ਸਰਕਾਰ ਕਿਸਾਨਾਂ ਦੇ ਵਫਦ ਨਾਲ ਗੱਲ ਕਰਕੇ ਹੱਲ ਕਿਉਂ ਨਹੀਂ ਕੱਢਣਾ ਚਾਹੁੰਦੀ ਹੈ।


